ਹੁਸ਼ਿਆਰਪੁਰ/ ਦਲਜੀਤ ਅਜਨੋਹਾ:- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਰੀਬ ਸਵਾ ਸਾਲ ਤੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿਖੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।
ਮਾਹਿਲਪੁਰ ਦੇ ਬੀ.ਡੀ.ਪੀ.ਓ. ਕਾਲੋਨੀ ਅਤੇ ਹੋਰ ਇਲਾਕਿਆਂ ਵਿੱਚ ਕੱਢੀ ਗਈ ਇਸ ਰੈਲੀ ਦੀ ਅਗਵਾਈ ਨਾਇਬ ਤਹਿਸੀਲਦਾਰ ਕੁਲਵੀਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਕਾਰਜਸਾਧਕ ਅਫ਼ਸਰ (ਈ.ਓ.) ਅਤੇ ਥਾਣਾ ਮੁਖੀ ਨੇ ਵੀ ਸਹਿਯੋਗ ਦਿੱਤਾ। ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਸੀ।
ਰੈਲੀ ਦੌਰਾਨ ਅਧਿਕਾਰੀਆਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਿਹਤ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ, ਸਗੋਂ ਇਸ ਦਾ ਮਾੜਾ ਪ੍ਰਭਾਵ ਪੂਰੇ ਪਰਿਵਾਰ ਅਤੇ ਸਮਾਜ ਉੱਤੇ ਪੈਂਦਾ ਹੈ। ਨਸ਼ਿਆਂ ਕਾਰਨ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੁੰਦਾ ਹੈ ਅਤੇ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਸਮਾਜਿਕ, ਆਰਥਿਕ ਅਤੇ ਮਾਨਸਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਅਧਿਕਾਰੀਆਂ ਵੱਲੋਂ ਇਲਾਕਾ ਨਿਵਾਸੀਆਂ ਨਾਲ ਹੋਰ ਅਹਿਮ ਮੁੱਦਿਆਂ ਸਬੰਧੀ ਵੀ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਅਤੇ ਇਲਾਕੇ ਨਾਲ ਸਬੰਧਤ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਜਾਗਰੂਕਤਾ ਰੈਲੀ ਰਾਹੀਂ ਪ੍ਰਸ਼ਾਸਨ ਵੱਲੋਂ ਇਹ ਸੰਦੇਸ਼ ਦਿੱਤਾ ਗਿਆ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਨਾਲ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੇ ਸਾਂਝੇ ਸਹਿਯੋਗ ਨਾਲ ਹੀ ਸਫ਼ਲ ਹੋ ਸਕਦੀ ਹੈ। ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।
