ਚੰਡੀਗੜ੍ਹ/ਸੁਨਾਮ, 29 ਨਵੰਬਰ 2026 (ਪੈਗਾਮ-ਏ-ਜਗਤ):- ਸੁਨਾਮ ਪੰਜਾਬ ਦਾ ਪਹਿਲਾ ਸਬ-ਡਿਵੀਜ਼ਨ ਬਣ ਗਿਆ ਹੈ, ਜਿੱਥੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਐਸਟਰੋਟਰਫ ਲਗਾਇਆ ਗਿਆ ਹੈ। ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਹਾਕੀ ਐਸਟਰੋਟਰਫ ਲੋਕਾਂ ਨੂੰ ਸਮਰਪਿਤ ਕੀਤਾ। ਇਹ ਸੰਗਰੂਰ, ਮਾਲੇਰਕੋਟਲਾ, ਮਾਨਸਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਵੀ ਆਪਣੀ ਕਿਸਮ ਦੀ ਪਹਿਲੀ ਖੇਡ ਸਹੂਲਤ ਹੈ। ਆਪਣੇ ਹਲਕੇ ਵਿੱਚ ਅਗਲੇ ਛੇ ਮਹੀਨਿਆਂ ਦੌਰਾਨ ਖੇਡ ਢਾਂਚੇ ਦੇ ਵਿਆਪਕ ਵਿਸਥਾਰ ਦਾ ਐਲਾਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੀ ਖੇਡ ਵਿਰਾਸਤ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਇਸ ਲਈ ਨੌਜਵਾਨ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ, ਪੇਸ਼ੇਵਰ ਕੋਚਿੰਗ ਅਤੇ ਉੱਚ ਪੱਧਰ ’ਤੇ ਮੁਕਾਬਲਾ ਕਰਨ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।

ਇਸ ਉਦਘਾਟਨੀ ਸਮਾਰੋਹ ਮੌਕੇ ਪੰਜਾਬ ਪੁਲਿਸ ਅਤੇ ਰੇਲ ਕੋਚ ਫੈਕਟਰੀ (ਆਰਸੀਐੱਫ) ਦੀਆਂ ਟੀਮਾਂ ਵਿਚਕਾਰ ਇੱਕ ਪ੍ਰਦਰਸ਼ਨੀ ਮੈਚ ਖੇਡਿਆ ਗਿਆ, ਜੋ 4-4 ਨਾਲ ਡਰਾਅ ਰਿਹਾ ਅਤੇ ਦੋਵਾਂ ਟੀਮਾਂ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਗਿਆ। ਇਸ ਮੈਚ ਵਿੱਚ ਕਈ ਨਾਮਵਰ ਓਲੰਪੀਅਨਾਂ ਨੇ ਹਿੱਸਾ ਲਿਆ, ਜਿਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਸੁਨਾਮ ਸ਼ਹਿਰ ਅਤੇ ਸਮੁੱਚੇ ਹਲਕੇ ਦੇ ਵਸਨੀਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਇਸ ਅਤਿ-ਆਧੁਨਿਕ ਸਹੂਲਤ ਦੀ ਸ਼ੁਰੂਆਤ ਨਾਲ ਇਸ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦਾ ਮੇਰਾ ਲੰਬੇ ਸਮੇਂ ਤੋਂ ਦੇਖਿਆ ਸੁਪਨਾ ਪੂਰਾ ਹੋ ਗਿਆ ਹੈ। ਸ਼ਹੀਦ ਊਧਮ ਸਿੰਘ ਦਾ ਸੁਨਾਮ ਪੰਜਾਬ ਦਾ ਪਹਿਲਾ ਅਜਿਹਾ ਸਬ-ਡਿਵੀਜ਼ਨ ਬਣ ਗਿਆ ਹੈ, ਜਿੱਥੇ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਐਸਟਰੋਟਰਫ ਮੌਜੂਦ ਹੈ। ਇਸ ਸਮੇਂ ਪੂਰੇ ਸੂਬੇ ਵਿੱਚ ਅਜਿਹੀਆਂ ਸਹੂਲਤਾਂ ਸਿਰਫ਼ ਅੱਠ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਹੀ ਉਪਲਬਧ ਹਨ। ਇਸ ਦੇ ਨਾਲ ਹੀ ਚਾਰ ਗੁਆਂਢੀ ਜ਼ਿਲ੍ਹਿਆਂ ਸੰਗਰੂਰ, ਮਾਲੇਰਕੋਟਲਾ, ਮਾਨਸਾ ਅਤੇ ਬਰਨਾਲਾ ਵਿੱਚ ਵੀ ਇਹ ਪਹਿਲਾ ਹਾਕੀ ਐਸਟਰੋਟਰਫ ਹੈ।"

ਇਸ ਨੂੰ ਸੁਨਾਮ ਲਈ ਮਾਣਮੱਤਾ ਅਤੇ ਇਤਿਹਾਸਕ ਪਲ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਇਹ ਸਹੂਲਤ ਉੱਭਰਦੇ ਹਾਕੀ ਖਿਡਾਰੀਆਂ ਨੂੰ ਆਪਣੇ ਹੀ ਖੇਤਰ ਵਿੱਚ ਪੇਸ਼ੇਵਰ ਸਿਖਲਾਈ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ। ਇਸ ਨਾਲ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਸੂਬਾਈ, ਕੌਮੀ ਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ।"

ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸੂਬੇ ਭਰ ਵਿੱਚ ਹਾਕੀ ਖੇਡ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਹਾਕੀ ਪੰਜਾਬ ਦੇ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

ਪੰਜਾਬ ਦੀ ਹਾਕੀ ਦੀ ਸ਼ਾਨਦਾਰ ਵਿਰਾਸਤ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਪੰਜਾਬ ਨੇ ਦੇਸ਼ ਨੂੰ ਕਈ ਮਹਾਨ ਹਾਕੀ ਖਿਡਾਰੀ ਅਤੇ ਓਲੰਪੀਅਨ ਦਿੱਤੇ ਹਨ। ਇਹ ਨਵੀਂ ਸਹੂਲਤ ਸੁਨਾਮ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨੌਜਵਾਨ ਖਿਡਾਰੀਆਂ ਨੂੰ ਇੱਕ ਸਹੀ ਮੰਚ, ਪੇਸ਼ੇਵਰ ਮਾਹੌਲ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਏਗੀ, ਤਾਂ ਜੋ ਉਹ ਇਸ ਸ਼ਾਨਦਾਰ ਵਿਰਾਸਤ ਨੂੰ ਅੱਗੇ ਵਧਾ ਸਕਣ।"

ਨੌਜਵਾਨਾਂ ਲਈ ਇਸ ਪ੍ਰੋਜੈਕਟ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, "ਇਹ ਵਿਸ਼ਵ ਪੱਧਰੀ ਐਸਟਰੋਟਰਫ ਸਿਰਫ਼ ਇੱਕ ਖੇਡ ਸਹੂਲਤ ਨਹੀਂ ਹੈ, ਸਗੋਂ ਪੰਜਾਬ ਸਰਕਾਰ ਵੱਲੋਂ ਸਾਡੇ ਨੌਜਵਾਨਾਂ ਦੇ ਸੁਪਨਿਆਂ, ਪ੍ਰਤਿਭਾ ਅਤੇ ਭਵਿੱਖ ਵਿੱਚ ਕੀਤਾ ਗਿਆ ਨਿਵੇਸ਼ ਹੈ। ਇਹ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਵੱਲ ਆਉਣ, ਆਪਣੇ ਹੁਨਰ ਨੂੰ ਨਿਖਾਰਨ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਅਤੇ ਭਾਰਤ ਦੀ ਨੁਮਾਇੰਦਗੀ ਕਰਨ ਲਈ ਪ੍ਰੇਰਿਤ ਕਰੇਗਾ।"

ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, "ਮੈਂ ਇਸ ਪ੍ਰੋਜੈਕਟ ਲਈ ਲਗਾਤਾਰ ਸਹਿਯੋਗ ਦੇਣ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।" ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਗੁਣਵੱਤਾ ਵਾਲਾ ਬੁਨਿਆਦੀ ਢਾਂਚਾ ਤਿਆਰ ਕਰਕੇ ਅਤੇ ਹੋਣਹਾਰ ਖਿਡਾਰੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਕੇ ਪੰਜਾਬ ਦੀ ਖੇਡ ਸੰਸਕ੍ਰਿਤੀ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ।

ਹਲਕੇ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਹੋਰ ਵਿਸਥਾਰ ਦਾ ਐਲਾਨ ਕਰਦਿਆਂ ਅਮਨ ਅਰੋੜਾ ਨੇ ਕਿਹਾ, "ਇਹ ਇਤਿਹਾਸਕ ਪ੍ਰੋਜੈਕਟ ਸੁਨਾਮ ਵਿੱਚ ਖੇਡ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ।" ਉਨ੍ਹਾਂ ਕਿਹਾ ਕਿ ਅਗਲੇ ਛੇ ਮਹੀਨਿਆਂ ਦੌਰਾਨ ਹਲਕੇ ਵਿੱਚ ਖੇਡ ਬੁਨਿਆਦੀ ਢਾਂਚੇ ਦਾ ਬੇਮਿਸਾਲ ਵਿਸਥਾਰ ਦੇਖਣ ਨੂੰ ਮਿਲੇਗਾ, ਜਿਸ ਨਾਲ ਸੁਨਾਮ ਇਸ ਖੇਤਰ ਵਿੱਚ ਇੱਕ ਪ੍ਰਮੁੱਖ ਖੇਡ ਕੇਂਦਰ ਵਜੋਂ ਉੱਭਰੇਗਾ।

ਖੇਡ ਸਹੂਲਤਾਂ ਵਿਕਸਿਤ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੇ ਨਜ਼ਰੀਏ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਅੱਗੇ ਕਿਹਾ, "ਸਾਡਾ ਧਿਆਨ ਸਿਰਫ਼ ਸਹੂਲਤਾਂ ਬਣਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਨਿਯਮਤ ਕੋਚਿੰਗ, ਸਿਖਲਾਈ ਕੈਂਪਾਂ, ਮੁਕਾਬਲੇ ਵਾਲੇ ਮੈਚਾਂ ਅਤੇ ਵੱਡੇ ਟੂਰਨਾਮੈਂਟਾਂ ਲਈ ਇਨ੍ਹਾਂ ਦੀ ਸੁਚਾਰੂ ਵਰਤੋਂ ਯਕੀਨੀ ਬਣਾਉਣਾ ਵੀ ਹੈ। ਅੰਤਰਰਾਸ਼ਟਰੀ ਪੱਧਰ ਦਾ ਇਹ ਐਸਟਰੋਟਰਫ ਜਿੱਥੇ ਸੁਨਾਮ ਨੂੰ ਉੱਚ ਪੱਧਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਦੇ ਯੋਗ ਬਣਾਏਗਾ, ਉੱਥੇ ਹੀ ਸਥਾਨਕ ਵਸਨੀਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਗੁਣਵੱਤਾ ਵਾਲੇ ਖੇਡ ਮੁਕਾਬਲੇ ਦੇਖਣ ਦਾ ਮੌਕਾ ਵੀ ਦੇਵੇਗਾ।"

ਨੌਜਵਾਨਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਾਪਿਆਂ, ਸਿੱਖਿਆ ਸੰਸਥਾਵਾਂ, ਕੋਚਾਂ ਅਤੇ ਖੇਡ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਸਰੀਰਕ ਤੰਦਰੁਸਤੀ, ਟੀਮ ਵਰਕ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਦੀ ਹੈ।"

ਖੇਡ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ, "ਭਗਵੰਤ ਮਾਨ ਸਰਕਾਰ ਨੌਜਵਾਨ ਖਿਡਾਰੀਆਂ ਨੂੰ ਆਧੁਨਿਕ ਸਹੂਲਤਾਂ, ਪੇਸ਼ੇਵਰ ਸਿਖਲਾਈ ਤੇ ਮਾਰਗਦਰਸ਼ਨ ਅਤੇ ਸਾਰਥਕ ਮੌਕੇ ਪ੍ਰਦਾਨ ਕਰਨਾ ਜਾਰੀ ਰੱਖੇਗੀ, ਤਾਂ ਜੋ ਸੂਬੇ ਦੇ ਕਸਬਿਆਂ ਅਤੇ ਪਿੰਡਾਂ ਵਿੱਚੋਂ ਅਜਿਹੇ ਚੈਂਪੀਅਨ ਪੈਦਾ ਹੋ ਸਕਣ, ਜੋ ਪੰਜਾਬ ਅਤੇ ਦੇਸ਼ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕਰਨ ਦੇ ਸਮਰੱਥ ਹੋਣ।"