ਖਰੜ, 25 ਨਵੰਬਰ (ਤਿਲਕ ਰਾਜ):- ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੜ ਇਕੱਠੇ ਹੋਣਾ ਇੱਕ ਇਤਿਹਾਸਕ ਕਦਮ ਹੈ। ਇਸ ਇਤਿਹਾਸਕ ਸਾਂਝ ਦਾ ਦਿਲੋਂ ਸਵਾਗਤ ਕਰਦਿਆਂ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਸੁਨਹਿਰੀ ਭਵਿੱਖ ਲਈ ਨਵੀਂ ਉਮੀਦ ਦਾ ਸੰਚਾਰ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਇਸ ਗੱਠਜੋੜ ਦਾ ਐਲਾਨ ਪੰਜਾਬ ਦੀ ਭਾਈਚਾਰਕ ਸਾਂਝ, ਏਕਤਾ ਅਤੇ ਸੂਬੇ ਦੀ ਬਿਹਤਰੀ ਲਈ ਇੱਕ ਨਵੇਂ ਸੰਕਲਪ ਦਾ ਪ੍ਰਤੀਕ ਹੈ। ਪੰਜਾਬ ਦੀਆਂ ਦੋਵੇਂ ਰਵਾਇਤੀ ਸਿਆਸੀ ਧਿਰਾਂ ਦਾ ਇਕੱਠੇ ਹੋਣਾ ਸੂਬੇ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੀ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਅਖੌਤੀ ਬਦਲਾਅ ਦੇ ਰਾਜ ਵਿੱਚ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਚੁਣੌਤੀਆਂ ਤੋਂ ਮੁਕਤ ਕਰਵਾਉਣਾ, ਸੂਬੇ ਵਿੱਚ ਅਮਨ-ਕਾਨੂੰਨ ਦੀ ਬਹਾਲੀ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਾਡੀ ਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦੇ ਵਧੀਆ ਮੌਕੇ ਮੁਹੱਈਆ ਕਰਵਾਉਣ, ਮੁਲਾਜ਼ਮਾਂ ਦੇ ਹੱਕਾਂ ਅਤੇ ਮਾਣ-ਸਨਮਾਨ ਦੀ ਬਹਾਲੀ ਕਰਨ ਦੇ ਨਾਲ-ਨਾਲ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੋ ਕੇ ਕੰਮ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ-ਪੱਖੀ ਨੀਤੀਆਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਡਬਲ ਇੰਜਣ ਸਰਕਾਰ ਦੀ ਤਾਕਤ ਅਤੇ ਪੰਜਾਬ ਦੀ ਮਿੱਟੀ ਨਾਲ ਜੁੜੀ ਲੀਡਰਸ਼ਿਪ ਦੇ ਸੁਮੇਲ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਉਣ ਦਾ ਸੰਕਲਪ ਹੈ।

ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ, ਸੁਰੱਖਿਅਤ, ਨਸ਼ਾ-ਮੁਕਤ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਭਾਜਪਾ-ਅਕਾਲੀ ਦਲ ਦਾ ਇਹ ਗੱਠਜੋੜ ਇੱਕ ਨਵੀਂ ਉਮੀਦ ਲੈ ਕੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਬੇਅਮਨੀ ਤੋਂ ਬਚਾਉਣ ਲਈ ਲੋਕਾਂ ਨੂੰ ਇੱਕ ਮਜ਼ਬੂਤ ਵਿਕਲਪ ਦਾ ਸਮਰਥਨ ਕਰਨਾ ਚਾਹੀਦਾ ਹੈ, ਤਾਂ ਜੋ ਪੰਜਾਬ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ 'ਤੇ ਮੁੜ ਅੱਗੇ ਲਿਜਾਇਆ ਜਾ ਸਕੇ।