ਨਵਾਂਸ਼ਹਿਰ, 25 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਭਾਜਪਾ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਰਵੀ ਇੰਦਰ ਸਿੰਘ ਬਾਗੋਵਾਲ ਨੇ ਅੱਜ ਦਿੱਲੀ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਸਬੰਧੀ ਹੋਏ ਐਲਾਨ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੇ ਹਿੱਤਾਂ ਲਈ ਇੱਕ ਅਹਿਮ ਅਤੇ ਦੂਰਅੰਦੇਸ਼ੀ ਫੈਸਲਾ ਕਰਾਰ ਦਿੱਤਾ। ਰਵੀ ਇੰਦਰ ਸਿੰਘ ਬਾਗੋਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਇਸ ਗੱਠਜੋੜ ਦੀ ਉਡੀਕ ਕਰ ਰਹੇ ਸਨ ਅਤੇ ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ, ਗੈਂਗਸਟਰਵਾਦ ਦੇ ਖਾਤਮੇ ਅਤੇ ਪੰਥਕ ਮੁੱਦਿਆਂ ਦੇ ਹੱਲ ਵੱਲ ਪਹਿਲਾ ਕਦਮ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਦਲਦਲ, ਬੇਰੁਜ਼ਗਾਰੀ, ਗੈਂਗਸਟਰਵਾਦ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਬਾਹਰ ਕੱਢਣ ਲਈ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਪੰਜਾਬ ਦੀਆਂ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਇਕੱਠੇ ਹੋ ਕੇ ਕੰਮ ਕਰੇਗਾ ਅਤੇ ਸੂਬੇ ਨੂੰ ਮੁੜ ਅਮਨ, ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਐਲਾਨਿਆ ਗਿਆ ਟੀਚਾ ਸਿਰਫ਼ ਇੱਕ ਸਿਆਸੀ ਵਾਅਦਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਆਉਣ ਵਾਲੇ ਭਵਿੱਖ ਨਾਲ ਜੁੜਿਆ ਅਹਿਮ ਸੰਕਲਪ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਟੀਚੇ ਨੂੰ ਪੂਰਾ ਕਰਨ ਲਈ ਗੱਠਜੋੜ ਵੱਲੋਂ ਠੋਸ ਨੀਤੀਆਂ, ਸਖ਼ਤ ਕਾਰਵਾਈ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਿਹਤਮੰਦ ਅਤੇ ਸੁਰੱਖਿਅਤ ਭਵਿੱਖ ਦਿੱਤਾ ਜਾ ਸਕੇ।

ਰਵੀ ਇੰਦਰ ਸਿੰਘ ਬਾਗੋਵਾਲ ਨੇ ਪੰਜਾਬ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਵਿੱਚ ਗੈਂਗਸਟਰਾਂ ਦਾ ਵਧਦਾ ਪ੍ਰਭਾਵ, ਫਿਰੌਤੀ ਦੀਆਂ ਘਟਨਾਵਾਂ ਅਤੇ ਅਪਰਾਧਿਕ ਗਤੀਵਿਧੀਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਕਮਜ਼ੋਰ ਸਥਿਤੀ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮੀ ਨਹੀਂ, ਸਗੋਂ ਸੂਬੇ ਦੀ ਸੁਰੱਖਿਆ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਦੀ ਸੁਰੱਖਿਆ ਅਤੇ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚ ਰਿਹਾ ਹੈ।

ਰਵੀ ਇੰਦਰ ਸਿੰਘ ਬਾਗੋਵਾਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਅੱਜ ਅਜਿਹੀ ਸਥਿਤੀ ਬਣ ਗਈ ਹੈ ਕਿ ਬਾਹਰੋਂ ਆਉਣ ਵਾਲੇ ਲੋਕ ਵੀ ਸੂਬੇ ਦੇ ਮਾਹੌਲ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਤ ਮਹਿਸੂਸ ਕਰਦੇ ਹਨ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਗੱਠਜੋੜ ਸਰਕਾਰ ਦੀ ਸ਼ਾਨਦਾਰ ਵਾਪਸੀ ਹੋਵੇਗੀ ਅਤੇ ਪੰਜਾਬ ਨੂੰ ਮੁੜ ਅਜਿਹਾ ਸੂਬਾ ਬਣਾਇਆ ਜਾਵੇਗਾ, ਜਿੱਥੇ ਹਰ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ, ਵਪਾਰੀ ਬਿਨਾਂ ਕਿਸੇ ਡਰ ਦੇ ਕਾਰੋਬਾਰ ਕਰ ਸਕਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਅਪਰਾਧ ਦੀ ਬਜਾਏ ਰੁਜ਼ਗਾਰ ਅਤੇ ਤਰੱਕੀ ਦੇ ਮੌਕੇ ਮਿਲਣ।