ਦਿੜ੍ਹਬਾ, 25 ਨਵੰਬਰ (ਪੈਗਾਮ-ਏ-ਜਗਤ):- ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਅਤੇ ਕਰ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਖਡਿਆਲ ਵਿਖੇ 4.70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿੰਡ ਖਡਿਆਲ ਵਿਖੇ ਮੋਘਾ ਨੰਬਰ 22545/ਐੱਲ ਅਤੇ ਮੋਘਾ ਨੰਬਰ 27821/ਆਰ ਤੋਂ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾਵੇਗੀ। ਇਸ ਅਹਿਮ ਪ੍ਰੋਜੈਕਟ ਦੀ ਸਮੁੱਚੀ 4.70 ਕਰੋੜ ਰੁਪਏ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇ ਰੂਪ ਵਿੱਚ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸਾਨਾਂ ਉੱਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲਗਭਗ 734 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਸੁਚੱਜੀ ਸਿੰਜਾਈ ਸਹੂਲਤ ਮਿਲੇਗੀ ਅਤੇ ਪਿੰਡ ਦੇ 168 ਕਿਸਾਨ ਪਰਿਵਾਰ ਸਿੱਧੇ ਤੌਰ ’ਤੇ ਲਾਭਪਾਤਰੀ ਬਣਨਗੇ। ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਬਿਨਾਂ ਕਿਸੇ ਰੁਕਾਵਟ ਅਤੇ ਘੱਟ ਨੁਕਸਾਨ ਨਾਲ ਖੇਤਾਂ ਤੱਕ ਪਹੁੰਚੇਗਾ, ਜਿਸ ਨਾਲ ਟੇਲਾਂ ’ਤੇ ਸਥਿਤ ਖੇਤਾਂ ਨੂੰ ਵੀ ਲੋੜੀਂਦਾ ਪਾਣੀ ਮਿਲ ਸਕੇਗਾ।

ਸ੍ਰੀ ਚੀਮਾ ਨੇ ਕਿਹਾ ਕਿ ਰਵਾਇਤੀ ਖਾਲਾਂ ਰਾਹੀਂ ਪਾਣੀ ਪਹੁੰਚਾਉਣ ਦੌਰਾਨ ਰਿਸਾਅ ਅਤੇ ਵਾਸ਼ਪੀਕਰਨ ਕਾਰਨ ਪਾਣੀ ਦੀ ਵੱਡੀ ਮਾਤਰਾ ਵਿਅਰਥ ਚਲੀ ਜਾਂਦੀ ਹੈ। ਜ਼ਮੀਨਦੋਜ਼ ਪਾਈਪਲਾਈਨ ਪ੍ਰਣਾਲੀ ਨਾਲ ਪਾਣੀ ਦੀ ਬਰਬਾਦੀ ਰੁਕੇਗੀ ਅਤੇ 20 ਤੋਂ 30 ਫ਼ੀਸਦੀ ਤੱਕ ਪਾਣੀ ਦੀ ਬੱਚਤ ਹੋਵੇਗੀ। ਇਸ ਨਾਲ ਖਾਲਾਂ ਹੇਠ ਆਉਣ ਵਾਲੀ ਉਪਜਾਊ ਜ਼ਮੀਨ ਵੀ ਖੇਤੀ ਲਈ ਵਰਤੀ ਜਾ ਸਕੇਗੀ ਅਤੇ ਕਿਸਾਨਾਂ ਨੂੰ ਖੇਤਾਂ ਤੱਕ ਪਾਣੀ ਪਹੁੰਚਾਉਣ ਵਿੱਚ ਆਉਂਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਉਪਲਬਧਤਾ ਵਧਣ ਨਾਲ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ ਅਤੇ ਬਿਜਲੀ ਦੀ ਵੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਫ਼ਸਲਾਂ ਦੀ ਸਮੇਂ ਸਿਰ ਸਿੰਜਾਈ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਫ਼ਸਲਾਂ ਦੇ ਝਾੜ ਅਤੇ ਗੁਣਵੱਤਾ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਦੀ ਆਮਦਨ ਵਧੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਨਹਿਰਾਂ, ਰਜਬਾਹਿਆਂ ਅਤੇ ਖਾਲਾਂ ਦੀ ਸਫ਼ਾਈ ਤੇ ਮੁਰੰਮਤ ਦੇ ਨਾਲ-ਨਾਲ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟਾਂ ਨੂੰ ਵੀ ਤਰਜੀਹੀ ਆਧਾਰ ’ਤੇ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਸ ਦਾ ਲਾਭ ਛੇਤੀ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਪੱਧਰ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਸੰਗਰੂਰ ਕੌਸ਼ਲ ਕੁਮਾਰ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਸੁਨਾਮ ਜਸਪਾਲ ਸਿੰਘ ਸਮੇਤ ਵਿਭਾਗ ਦੇ ਹੋਰ ਅਧਿਕਾਰੀ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।