ਪਟਿਆਲਾ, 27 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਸਿਵਲ ਡਿਫੈਂਸ ਵਿਭਾਗ ਵੱਲੋਂ ਅੱਜ ਪਟਿਆਲਾ ਵਿੱਚ ਏਅਰ ਰੇਡ ਅਤੇ ਬਲੈਕਆਊਟ ਨਾਲ ਸਬੰਧਤ ਮੌਕ ਡ੍ਰਿੱਲ ਕਰਵਾਈ ਗਈ। ਇਸ ਅਭਿਆਸ ਦਾ ਨਿਰਦੇਸ਼ਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕੀਤਾ, ਜਦਕਿ ਇਸ ਦੀ ਅਗਵਾਈ ਗਗਨਦੀਪ ਸਿੰਘ ਢਿੱਲੋਂ ਨੇ ਸਿਵਲ ਡਿਫੈਂਸ ਅਧਿਕਾਰੀਆਂ ਦੇ ਨਾਲ ਮਿਲ ਕੇ ਕੀਤੀ।

ਮੌਕ ਡ੍ਰਿੱਲ ਦੀ ਸ਼ੁਰੂਆਤ ਮੌਕ ਸਾਇਰਨ ਵਜਾ ਕੇ ਕੀਤੀ ਗਈ, ਜਿਸ ਤੋਂ ਬਾਅਦ ਬਲੈਕਆਊਟ ਦਾ ਮਾਹੌਲ ਬਣਾਉਣ ਲਈ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ। ਇਸ ਦੌਰਾਨ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਵੱਖ-ਵੱਖ ਉਪਾਵਾਂ ਦਾ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਵਿੱਚ ਅੱਗ ਬੁਝਾਉਣ, ਤਲਾਸ਼ੀ ਅਤੇ ਬਚਾਅ ਕਾਰਜ, ਮੁੱਢਲੀ ਸਹਾਇਤਾ, ਮੈਡੀਕਲ ਸਹਾਇਤਾ ਅਤੇ ਜ਼ਖ਼ਮੀਆਂ ਦੀ ਸੁਰੱਖਿਆ ਨਾਲ ਸਬੰਧਤ ਕਾਰਵਾਈਆਂ ਸ਼ਾਮਲ ਸਨ।

ਇਸ ਡ੍ਰਿੱਲ ਵਿੱਚ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਰੈੱਡ ਕਰਾਸ, ਐਨ.ਸੀ.ਸੀ., ਐਨ.ਐਸ.ਐਸ., ਪੀ.ਐਸ.ਪੀ.ਸੀ.ਐਲ. ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

ਇਸ ਮੌਕ ਡ੍ਰਿੱਲ ਦਾ ਆਯੋਜਨ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਅਤੇ ਐਮਰਜੈਂਸੀ ਹਾਲਾਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉਨ੍ਹਾਂ ਦੀਆਂ ਤਿਆਰੀਆਂ ਦਾ ਮੁਲਾਂਕਣ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।