ਬਲਾਚੌਰ, 25 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ) :- ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਦੌਰੇ ਦੌਰਾਨ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਅਤੇ ਹਲਕਾ ਬਲਾਚੌਰ ਦੇ ਸਮੂਹ ਅਹੁਦੇਦਾਰ ਵੀ ਮੌਜੂਦ ਸਨ।

ਸੂਬਾ ਪ੍ਰਧਾਨ ਪਰਗਟ ਸਿੰਘ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹਨ, ਕਿਉਂਕਿ ਲੋਕਾਂ ਨੇ ਇਸ ਦੀ ਕਹਿਣੀ ਅਤੇ ਕਰਨੀ ਵਿੱਚ ਫ਼ਰਕ ਆਪਣੀਆਂ ਅੱਖਾਂ ਨਾਲ ਵੇਖਿਆ ਹੈ ਅਤੇ ਇਸ ਦਾ ਸੰਤਾਪ ਵੀ ਹੰਢਾਇਆ ਹੈ। ਹੁਣ ਸੂਬੇ ਦੇ ਲੋਕ ਅਜਿਹੀ ਸਰਕਾਰ ਦੀ ਉਡੀਕ ਕਰ ਰਹੇ ਹਨ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਉਨ੍ਹਾਂ ਦੇ ਹੱਲ ਲਈ ਜ਼ਮੀਨੀ ਪੱਧਰ ’ਤੇ ਕੰਮ ਕਰੇ।

ਆਪ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਪਰਗਟ ਸਿੰਘ ਨੇ ਕਿਹਾ ਕਿ ਵਿਕਾਸ ਦੇ ਨਾਮ ’ਤੇ ਸਿਰਫ਼ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ। ਸਕੂਲਾਂ ਵਿੱਚ ਸਿਰਫ਼ ਲਿੱਪਾ-ਪੋਚੀ ਕੀਤੀ ਜਾ ਰਹੀ ਹੈ, ਜਦਕਿ ਸਕੂਲ ਅਧਿਆਪਕਾਂ ਤੋਂ ਸੱਖਣੇ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਹਰ ਵਰਗ ਦੇ ਲੋਕਾਂ ਨੇ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ ਮੁਸ਼ਕਲਾਂ ਦਾ ਹੀ ਸਾਹਮਣਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ, ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗੈਂਗਸਟਰਾਂ ਦੀਆਂ ਧਮਕੀਆਂ ਕਾਰਨ ਵਪਾਰੀ ਵਰਗ ਚਿੰਤਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪ ਸਰਕਾਰ ਨੇ ਪੰਜਾਬ ਨੂੰ ਰੰਗਲਾ ਬਣਾਉਣ ਦੀ ਬਜਾਏ ਕਰਜ਼ਾਈ ਬਣਾ ਕੇ ਰੱਖ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣ, ਨੌਜਵਾਨਾਂ ਦੇ ਸੁਨਹਿਰੀ ਭਵਿੱਖ, ਕਿਸਾਨਾਂ ਦੀ ਖੁਸ਼ਹਾਲੀ, ਵਪਾਰੀਆਂ ਦੀ ਸੁਰੱਖਿਆ ਅਤੇ ਹਰ ਵਰਗ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ, ਤਾਂ ਜੋ ਪੰਜਾਬ ਨੂੰ ਮੁੜ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾ ਸਕੇ।

ਅਖੀਰ ਵਿੱਚ ਉਨ੍ਹਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ ਅੰਦਰ ਲੰਮੇ ਸਮੇਂ ਤੋਂ ਦਿਨ-ਰਾਤ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕੀਤੀ ਹੈ ਅਤੇ ਉਨ੍ਹਾਂ ਦੇ ਹਰ ਸੁੱਖ-ਦੁੱਖ ਵਿੱਚ ਨੇੜੇ ਹੋ ਕੇ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸਮੇਂ-ਸਮੇਂ ’ਤੇ ਲੋਕਾਂ ਨਾਲ ਕੀਤੀਆਂ ਗਈਆਂ ਵਧੀਕੀਆਂ ਵਿਰੁੱਧ ਅਜੇ ਮੰਗੂਪੁਰ ਨੇ ਨਿਰਪੱਖ ਤੌਰ ’ਤੇ ਆਵਾਜ਼ ਬੁਲੰਦ ਕਰਕੇ ਲੋਕਾਂ ਨੂੰ ਇਨਸਾਫ਼ ਦਿਵਾਇਆ ਹੈ। ਉਨ੍ਹਾਂ ਕਿਹਾ ਕਿ ਅਜੇ ਮੰਗੂਪੁਰ ਇਲਾਕੇ ਦੀ ਬੁਲੰਦ ਆਵਾਜ਼ ਹਨ ਅਤੇ ਬਲਾਚੌਰ ਵਿਖੇ ਕਾਂਗਰਸ ਦਾ ਭਵਿੱਖ ਨੌਜਵਾਨਾਂ ਦੇ ਮਜ਼ਬੂਤ ਹੱਥਾਂ ਵਿੱਚ ਸੁਰੱਖਿਅਤ ਹੈ।