ਹੁਸ਼ਿਆਰਪੁਰ, 29 ਨਵੰਬਰ (ਹਰੀ ਕ੍ਰਿਸ਼ਨ ਗੰਗੜ):- ਸੀਪੀਆਈ(ਐੱਮ) ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਸਾਥੀ ਮਹਿੰਦਰ ਕੁਮਾਰ ਬੱਡੋਆਣ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਸਾਥੀ ਗੁਰਨੇਕ ਸਿੰਘ ਭੱਜਲ ਨੇ ਦੱਸਿਆ ਕਿ ਪਾਰਟੀ ਵੱਲੋਂ ਲੋਕਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ 10 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਦੇ ਸਾਥੀ ਸ਼ਮੂਲੀਅਤ ਕਰਨਗੇ।

ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਇਸ ਤੋਂ ਪਹਿਲਾਂ ਫੰਡ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਤਹਿਸੀਲਾਂ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਤਹਿਸੀਲਾਂ ਦੇ ਬ੍ਰਾਂਚ ਸਕੱਤਰਾਂ ਦੀਆਂ ਵੱਖਰੀਆਂ ਮੀਟਿੰਗਾਂ ਕਰਕੇ ਰੈਲੀ ਦੀ ਤਿਆਰੀ ਲਈ ਲਾਮਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਰਟੀ ਦੀ ਮੈਂਬਰਸ਼ਿਪ ਨਵਿਆਉਣ ਦਾ ਕੰਮ 28 ਜਨਵਰੀ ਤੱਕ ਮੁਕੰਮਲ ਕਰ ਲਿਆ ਜਾਵੇਗਾ।

ਸਾਥੀ ਗੁਰਨੇਕ ਸਿੰਘ ਭੱਜਲ ਨੇ ਅੱਗੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਸਬੰਧੀ ਪਾਰਟੀ ਧਰਮ ਨਿਰਪੱਖ ਪਾਰਟੀਆਂ ਨਾਲ ਚੋਣ ਸਮਝੌਤਾ ਕਰਕੇ ਚੋਣਾਂ ਲੜਨ ਦੀ ਕੋਸ਼ਿਸ਼ ਕਰੇਗੀ। ਜੇਕਰ ਇਹ ਸਮਝੌਤਾ ਸਿਰੇ ਨਹੀਂ ਚੜ੍ਹਦਾ ਤਾਂ ਪਾਰਟੀ ਇਕੱਲੇ ਤੌਰ ’ਤੇ ਵਿਧਾਨ ਸਭਾ ਚੋਣਾਂ ਵਿੱਚ ਉਤਰੇਗੀ।

ਇਸ ਮੌਕੇ ਸਾਥੀ ਦਰਸ਼ਨ ਸਿੰਘ ਮੱਟੂ, ਸਾਥੀ ਗੁਰਮੇਸ਼ ਸਿੰਘ, ਸਾਥੀ ਰਣਜੀਤ ਸਿੰਘ ਚੌਹਾਨ, ਸਾਥੀ ਆਸਾ ਨੰਦ, ਸਾਥੀ ਹਰਬੰਸ ਸਿੰਘ ਧੂਤ, ਪ੍ਰੇਮ ਲੱਤਾਂ, ਗੁਰਬਖਸ਼ ਕੌਰ, ਮਨਜੀਤ ਕੌਰ, ਨੀਲਮ ਬੱਡੋਆਣ, ਇੰਦਰਪਾਲ ਸਿੰਘ, ਮਿੰਦਰ ਰਾਮ, ਸਾਥੀ ਰਘਵੀਰ ਸਿੰਘ, ਸਾਥੀ ਪਰਸਨ ਸਿੰਘ, ਸਾਥੀ ਤੀਰਥ ਸਿੰਘ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।