ਹਾਂਸੀ (ਦਿਨਕਰ ਗਾਵੜੀ):- ਸੀਨੀਅਰ ਕਾਂਗਰਸੀ ਆਗੂ ਮਨੋਜ ਰਾਠੀ ਨੇ ਹਰਿਆਣਾ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਅਪਰਾਧ ਸਿਖਰਲੀ ਹੱਦ ਤੱਕ ਪਹੁੰਚ ਚੁੱਕੇ ਹਨ, ਪਰ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਮੁੱਖ ਮੰਤਰੀ ਨਾਇਬ ਸੈਣੀ ਹਰਿਆਣਾ ਦੀਆਂ ਜ਼ਿੰਮੇਵਾਰੀਆਂ ਛੱਡ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਅਤੇ ਵੋਟਾਂ ਮੰਗਣ ਵਿੱਚ ਰੁੱਝੇ ਹੋਏ ਹਨ। ਸੂਬੇ ਨੂੰ ਰੱਬ ਆਸਰੇ ਛੱਡ ਦਿੱਤਾ ਗਿਆ ਹੈ।
ਮਨੋਜ ਰਾਠੀ ਨੇ ਕਿਹਾ ਕਿ ਹਰਿਆਣਾ ਵਿੱਚ ਆਏ ਦਿਨ ਫਿਰੌਤੀ, ਲੁੱਟ-ਖੋਹ, ਗੈਂਗਵਾਰ, ਨਸ਼ਾ ਤਸਕਰੀ ਅਤੇ ਹੋਰ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਅਪਰਾਧੀਆਂ ਦੇ ਹੌਸਲੇ ਬੁਲੰਦ ਹਨ ਅਤੇ ਆਮ ਨਾਗਰਿਕਾਂ ਵਿੱਚ ਅਸੁਰੱਖਿਆ ਦਾ ਮਾਹੌਲ ਹੈ। ਅਜਿਹੇ ਹਾਲਾਤ ਵਿੱਚ ਮੁੱਖ ਮੰਤਰੀ ਦਾ ਆਪਣੇ ਸੂਬੇ ਦੀਆਂ ਸਮੱਸਿਆਵਾਂ ਤੋਂ ਮੂੰਹ ਮੋੜ ਕੇ ਦੂਜੇ ਸੂਬੇ ਦੀਆਂ ਚੋਣਾਂ ਵਿੱਚ ਰੁੱਝੇ ਰਹਿਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਹਿਲਾਂ ਹਰਿਆਣਾ ਦੇ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ।
ਪੰਜਾਬ ਦੇ ਰਾਜਨੀਤਿਕ ਹਾਲਾਤ ’ਤੇ ਪ੍ਰਤੀਕਿਰਿਆ ਦਿੰਦਿਆਂ ਮਨੋਜ ਰਾਠੀ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਉਸ ਸਮੇਂ ਅਕਾਲੀ ਦਲ ਨੇ ਕਿਸਾਨਾਂ ਦੀਆਂ ਮੌਤਾਂ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਸ ਤੋਂ ਸਮਰਥਨ ਵਾਪਸ ਲੈ ਲਿਆ ਸੀ, ਪਰ ਅੱਜ ਸੱਤਾ ਦੇ ਲਾਲਚ ਵਿੱਚ ਦੋਵੇਂ ਪਾਰਟੀਆਂ ਮੁੜ ਇੱਕ-ਦੂਜੇ ਦਾ ਸਾਥ ਦੇਣ ਲਈ ਤਿਆਰ ਹਨ। ਇਹ ਉਨ੍ਹਾਂ ਦੇ ਰਾਜਨੀਤਿਕ ਦੋਗਲੇਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਜਾਗਰੂਕ ਅਤੇ ਬਹਾਦਰ ਲੋਕ ਭਾਜਪਾ ਅਤੇ ਅਕਾਲੀ ਦਲ ਨੂੰ ਸਬਕ ਸਿਖਾਉਣਗੇ। ਰਾਠੀ ਨੇ ਕਿਹਾ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪੰਜਾਬ ਦੇ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਜ਼ੋਰਦਾਰ ਚੋਣ ਮੁਹਿੰਮ ਚਲਾ ਕੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ।
