ਸੰਗਰੂਰ, 26 ਨਵੰਬਰ (ਪੈਗਾਮ-ਏ-ਜਗਤ):- ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ, ਪਟਿਆਲਾ ਵਿਨੈ ਬੁਬਲਾਨੀ, ਆਈ.ਏ.ਐੱਸ. ਨੂੰ ਇਲੈਕਟੋਰਲ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਅੰਕੁਰ ਮਹਿੰਦਰੂ ਨੇ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਵੱਲੋਂ 2 ਦਸੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਕਨਵੀਨਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਲਈ ਚੱਲ ਰਹੀ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਜ਼ਿਲ੍ਹੇ ਦੇ ਕੁਝ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਵੋਟਰ ਸੂਚੀਆਂ ਦੀ ਸੁਧਾਈ ਨਾਲ ਸਬੰਧਤ ਕੰਮ ਦੀ ਜ਼ਮੀਨੀ ਪੱਧਰ 'ਤੇ ਪੜਤਾਲ ਵੀ ਕਰਨਗੇ। ਇਸ ਦੌਰਾਨ ਬੂਥ ਲੈਵਲ ਅਫ਼ਸਰਾਂ ਵੱਲੋਂ ਕੀਤੇ ਜਾ ਰਹੇ ਕੰਮ ਅਤੇ ਯੋਗ ਨਾਗਰਿਕਾਂ ਦੀਆਂ ਵੋਟਾਂ ਬਣਾਉਣ, ਵੇਰਵਿਆਂ ਵਿੱਚ ਸੋਧ ਕਰਨ ਅਤੇ ਅਯੋਗ ਇੰਦਰਾਜਾਂ ਨੂੰ ਹਟਾਉਣ ਸਬੰਧੀ ਪ੍ਰਕਿਰਿਆ ਦੀ ਸਮੀਖਿਆ ਕੀਤੀ ਜਾਵੇਗੀ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟੋਰਲ ਰੋਲ ਅਬਜ਼ਰਵਰ ਦੀ ਈਮੇਲ ਆਈ.ਡੀ. [email protected] ਅਤੇ ਸੰਪਰਕ ਨੰਬਰ 0175-2970029 ਹੈ। ਵੋਟਰ ਸੂਚੀ ਵਿੱਚ ਆਪਣੀ ਵੋਟ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਵਿਅਕਤੀ ਨਿਰਧਾਰਤ ਮਿਤੀ ਨੂੰ ਇਲੈਕਟੋਰਲ ਰੋਲ ਅਬਜ਼ਰਵਰ ਨਾਲ ਮੁਲਾਕਾਤ ਕਰਕੇ ਆਪਣਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ।

ਅੰਕੁਰ ਮਹਿੰਦਰੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਪ੍ਰਕਿਰਿਆ ਵਿੱਚ ਸਰਗਰਮ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਯੋਗ ਨਾਗਰਿਕ ਆਪਣੀ ਵੋਟ ਬਣਵਾਉਣ ਦੇ ਨਾਲ-ਨਾਲ ਵੋਟਰ ਸੂਚੀ ਵਿੱਚ ਦਰਜ ਆਪਣੇ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ ਅਤੇ ਕਿਸੇ ਵੀ ਤਰੁੱਟੀ, ਇਤਰਾਜ਼ ਜਾਂ ਸਮੱਸਿਆ ਨੂੰ ਸਬੰਧਤ ਅਧਿਕਾਰੀਆਂ ਜਾਂ ਇਲੈਕਟੋਰਲ ਰੋਲ ਅਬਜ਼ਰਵਰ ਦੇ ਧਿਆਨ ਵਿੱਚ ਲਿਆਉਣ, ਤਾਂ ਜੋ ਵੋਟਰ ਸੂਚੀਆਂ ਨੂੰ ਸ਼ੁੱਧ, ਤਰੁੱਟੀ ਰਹਿਤ ਅਤੇ ਅਪਡੇਟ ਬਣਾਇਆ ਜਾ ਸਕੇ।