ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐੱਮਬੀ) ਵੱਲੋਂ ਚਲਾਏ ਜਾ ਰਹੇ ਬੀਬੀਐੱਮਬੀ ਹਸਪਤਾਲ, ਤਲਵਾੜਾ ਵਿੱਚ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ (ਆਯੁਸ਼ਮਾਨ ਭਾਰਤ ਸਿਹਤ ਯੋਜਨਾ) ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਨੇ ਦੱਸਿਆ ਕਿ ਬੀਬੀਐੱਮਬੀ ਹਸਪਤਾਲ, ਤਲਵਾੜਾ ਪੰਜਾਬ ਦੇ ਨਾਲ-ਨਾਲ ਆਲੇ-ਦੁਆਲੇ ਦੇ ਇਲਾਕਿਆਂ ਅਤੇ ਪੰਜਾਬ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਖੇਤਰਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਿਹਤ ਬੀਮਾ ਯੋਜਨਾਵਾਂ ਤਹਿਤ ਹੁਣ ਯੋਗ ਲਾਭਪਾਤਰੀ ਹਸਪਤਾਲ ਵਿੱਚ ਨਿਰਧਾਰਤ ਪੈਕੇਜਾਂ ਅਨੁਸਾਰ ਕੈਸ਼ਲੈੱਸ ਅਤੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ।
ਮੁੱਖ ਇੰਜੀਨੀਅਰ ਨੇ ਦੱਸਿਆ ਕਿ ਹਸਪਤਾਲ ਵਿੱਚ ਜਨਰਲ ਮੈਡੀਸਨ, ਜਨਰਲ ਸਰਜਰੀ, ਅੱਖਾਂ ਦੇ ਆਪਰੇਸ਼ਨ ਅਤੇ ਹੱਡੀਆਂ ਤੇ ਦੰਦਾਂ ਨਾਲ ਸਬੰਧਤ ਬਿਮਾਰੀਆਂ ਲਈ ਯੋਜਨਾ ਅਧੀਨ ਕਵਰ ਕੀਤੇ ਇਲਾਜ ਪੈਕੇਜਾਂ ਦੀ ਸਹੂਲਤ ਉਪਲਬਧ ਹੈ। ਮਰੀਜ਼ਾਂ ਦੀ ਸਹਾਇਤਾ ਲਈ ਹਸਪਤਾਲ ਵਿੱਚ ਆਰੋਗਿਆ ਮਿੱਤਰ ਵੀ ਤਾਇਨਾਤ ਕੀਤਾ ਗਿਆ ਹੈ, ਜੋ ਲਾਭਪਾਤਰੀਆਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਿਹਤ ਕਾਰਡ ਬਣਵਾਉਣ ਅਤੇ ਇਲਾਜ ਦੀ ਪ੍ਰਕਿਰਿਆ ਵਿੱਚ ਹਰ ਸੰਭਵ ਮਦਦ ਕਰਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਯੋਗ ਵਸਨੀਕ ਸਿਹਤ ਬੀਮਾ ਕਾਰਡ ਬਣਵਾਉਣ ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹਸਪਤਾਲ ਵਿੱਚ ਤਾਇਨਾਤ ਆਰੋਗਿਆ ਮਿੱਤਰ ਨਾਲ ਸੰਪਰਕ ਕਰ ਸਕਦੇ ਹਨ। ਜਿਨ੍ਹਾਂ ਲਾਭਪਾਤਰੀਆਂ ਕੋਲ ਪਹਿਲਾਂ ਹੀ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਯੋਜਨਾ ਦਾ ਕਾਰਡ ਹੈ, ਉਹ ਵੀ ਯੋਜਨਾ ਦੇ ਨਿਰਧਾਰਤ ਨਿਯਮਾਂ ਅਤੇ ਯੋਗਤਾ ਅਨੁਸਾਰ ਇੱਥੇ ਮੁਫ਼ਤ ਇਲਾਜ ਕਰਵਾ ਸਕਦੇ ਹਨ।
ਅੰਤ ਵਿੱਚ ਸ੍ਰੀ ਰਾਕੇਸ਼ ਗੁਪਤਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀਐੱਮਬੀ ਹਸਪਤਾਲ, ਤਲਵਾੜਾ ਵਿੱਚ ਉਪਲਬਧ ਇਨ੍ਹਾਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਸਬੰਧੀ ਹੋਰ ਜਾਣਕਾਰੀ ਅਤੇ ਸਹਾਇਤਾ ਲਈ ਹਸਪਤਾਲ ਵਿੱਚ ਤਾਇਨਾਤ ਆਰੋਗਿਆ ਮਿੱਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
