ਹਾਂਸੀ (ਦਿਨਕਰ ਗਾਵੜੀ):- ਡੀਸੀ ਰਾਹੁਲ ਨਰਵਾਲ ਦੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਸਕੱਤਰੇਤ ਸਥਿਤ ਵੀਡੀਓ ਕਾਨਫਰੰਸਿੰਗ ਰੂਮ ਵਿੱਚ ਜ਼ਿਲ੍ਹਾ ਪੱਧਰੀ ਕਰਜ਼ਾ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਬੈਂਕ ਸਮੀਖਿਆ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਪ੍ਰਧਾਨਗੀ ਸੀਟੀਐਮ ਹਿਮਾਂਸ਼ੂ ਚੌਹਾਨ ਨੇ ਕੀਤੀ, ਜਦਕਿ ਮੀਟਿੰਗ ਦਾ ਸੰਚਾਲਨ ਲੀਡ ਜ਼ਿਲ੍ਹਾ ਮੈਨੇਜਰ ਰਾਜੇਸ਼ ਜਿੰਦਲ ਨੇ ਕੀਤਾ।

ਮੀਟਿੰਗ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਐਲਡੀਓ ਆਲੋਕ ਰੰਜਨ ਅਤੇ ਨਾਬਾਰਡ ਦੇ ਜ਼ਿਲ੍ਹਾ ਵਿਕਾਸ ਮੈਨੇਜਰ ਰਾਕੇਸ਼ ਰਾਣਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਵੱਲੋਂ ਕਰਜ਼ੇ ਵੰਡਣ ਦੀ ਪ੍ਰਗਤੀ, ਤਰਜੀਹੀ ਖੇਤਰ ਦੇ ਕਰਜ਼ਾ ਟੀਚਿਆਂ ਦੀ ਪ੍ਰਾਪਤੀ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਕਰਜ਼ਾ ਯੋਜਨਾਵਾਂ ਨੂੰ ਲਾਗੂ ਕਰਨ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀਟੀਐਮ ਹਿਮਾਂਸ਼ੂ ਚੌਹਾਨ ਨੇ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਰਜ਼ਾ ਯੋਜਨਾਵਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਨਿਰਧਾਰਤ ਸਮੇਂ ਅੰਦਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਕਰਜ਼ੇ ਦੀਆਂ ਅਰਜ਼ੀਆਂ ਨੂੰ ਬਿਨਾਂ ਵਜ੍ਹਾ ਲੰਬਿਤ ਨਾ ਰੱਖਣ ਅਤੇ ਸਾਰੀਆਂ ਅਰਜ਼ੀਆਂ ਦਾ ਨਿਰਧਾਰਤ ਸਮੇਂ ਅੰਦਰ ਨਿਯਮਾਂ ਅਨੁਸਾਰ ਨਿਪਟਾਰਾ ਕਰਨ। ਖ਼ਾਸ ਤੌਰ ’ਤੇ ਉਨ੍ਹਾਂ ਅਰਜ਼ੀਆਂ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ਰਾਹੀਂ ਲੋੜਵੰਦ ਲੋਕਾਂ, ਕਿਸਾਨਾਂ, ਛੋਟੇ ਉਦਮੀਆਂ, ਨੌਜਵਾਨਾਂ ਅਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ਦੇ ਇੱਛੁਕ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਣੀ ਹੈ।

ਮੀਟਿੰਗ ਵਿੱਚ ਜ਼ਿਲ੍ਹੇ ਦੇ ਤਰਜੀਹੀ ਖੇਤਰ ਅਧੀਨ ਕਰਜ਼ਾ ਵੰਡ ਦੇ ਨਿਰਧਾਰਤ ਟੀਚਿਆਂ ਅਤੇ ਹੁਣ ਤੱਕ ਹੋਈ ਪ੍ਰਾਪਤੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਸੀਟੀਐਮ ਨੇ ਬੈਂਕ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਨਿਰਧਾਰਤ ਕਰਜ਼ਾ ਟੀਚਿਆਂ ਨੂੰ ਹਾਸਲ ਕਰਨ ਲਈ ਗੰਭੀਰਤਾ ਨਾਲ ਯਤਨ ਕਰਨ ਅਤੇ ਖੇਤੀਬਾੜੀ, ਛੋਟੇ ਉਦਯੋਗਾਂ, ਸਵੈ-ਰੁਜ਼ਗਾਰ ਅਤੇ ਹੋਰ ਤਰਜੀਹੀ ਖੇਤਰਾਂ ਵਿੱਚ ਕਰਜ਼ਾ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ। ਉਨ੍ਹਾਂ ਕਿਹਾ ਕਿ ਬੈਂਕਿੰਗ ਸਹੂਲਤਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਆਰਥਿਕ ਤੌਰ ’ਤੇ ਆਤਮਨਿਰਭਰ ਬਣ ਸਕਣ।

ਮੀਟਿੰਗ ਵਿੱਚ ਨਾਬਾਰਡ ਵੱਲੋਂ ਆਉਣ ਵਾਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਅਧੀਨ ਨਿਰਧਾਰਤ ਕੀਤੇ ਜਾਣ ਵਾਲੇ ਕਰਜ਼ਾ ਬਜਟ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੀਆਂ ਆਰਥਿਕ ਗਤੀਵਿਧੀਆਂ, ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਦੀਆਂ ਲੋੜਾਂ ਅਤੇ ਸਵੈ-ਰੁਜ਼ਗਾਰ ਤੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਕਰਜ਼ਿਆਂ ਦੀ ਉਪਲਬਧਤਾ ਹੋਰ ਬਿਹਤਰ ਬਣਾਉਣ ਬਾਰੇ ਚਰਚਾ ਹੋਈ।

ਆਰਬੀਆਈ ਦੇ ਐਲਡੀਓ ਆਲੋਕ ਰੰਜਨ ਅਤੇ ਨਾਬਾਰਡ ਦੇ ਡੀਡੀਐਮ ਰਾਕੇਸ਼ ਰਾਣਾ ਨੇ ਵੀ ਬੈਂਕ ਅਧਿਕਾਰੀਆਂ ਨਾਲ ਵੱਖ-ਵੱਖ ਬੈਂਕਿੰਗ ਯੋਜਨਾਵਾਂ ਅਤੇ ਕਰਜ਼ਾ ਵੰਡ ਨਾਲ ਜੁੜੇ ਮਹੱਤਵਪੂਰਨ ਪਹਿਲੂਆਂ ’ਤੇ ਚਰਚਾ ਕੀਤੀ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ, ਤਾਂ ਜੋ ਯੋਗ ਲਾਭਪਾਤਰੀ ਯੋਜਨਾਵਾਂ ਦੀ ਜਾਣਕਾਰੀ ਪ੍ਰਾਪਤ ਕਰਕੇ ਸਮੇਂ ਸਿਰ ਉਨ੍ਹਾਂ ਦਾ ਲਾਭ ਲੈ ਸਕਣ।

ਮੀਟਿੰਗ ਵਿੱਚ ਕਰਜ਼ੇ ਦੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨ, ਕਰਜ਼ਾ ਮਨਜ਼ੂਰੀ ਅਤੇ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਬੈਂਕਾਂ ਵੱਲੋਂ ਨਿਰਧਾਰਤ ਟੀਚਿਆਂ ਦੀ ਨਿਯਮਤ ਸਮੀਖਿਆ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਬੈਂਕਾਂ ਅਤੇ ਸਬੰਧਤ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਕੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਸੀਟੀਐਮ ਹਿਮਾਂਸ਼ੂ ਚੌਹਾਨ ਨੇ ਸਾਰੇ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕ ਹਿੱਤ ਨਾਲ ਜੁੜੀਆਂ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਕਰਜ਼ਾ ਵੰਡ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸਰਲ ਬਣਾਉਣ। ਉਨ੍ਹਾਂ ਕਿਹਾ ਕਿ ਬੈਂਕਿੰਗ ਯੋਜਨਾਵਾਂ ਦਾ ਉਦੇਸ਼ ਸਿਰਫ਼ ਕਰਜ਼ਾ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਗਤੀ ਦੇਣਾ ਵੀ ਹੈ।

ਮੀਟਿੰਗ ਵਿੱਚ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।