ਸੰਗਰੂਰ, 27 ਨਵੰਬਰ (ਪੈਗਾਮ-ਏ-ਜਗਤ):- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਪਹਿਲੀ ਦਸੰਬਰ, 2026 ਤੋਂ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਹ ਮੁਹਿੰਮ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਜ਼ਿਲ੍ਹੇ ਦੇ ਪੰਜਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਚਲਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਅੰਕੁਰ ਮਹਿੰਦਰੂ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਰਾਂ ਅਤੇ ਆਮ ਨਾਗਰਿਕਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐੱਮ.) ਅਤੇ ਵੋਟਰ ਵੈਰੀਫਾਇਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ.) ਦੀ ਕਾਰਜਪ੍ਰਣਾਲੀ ਬਾਰੇ ਜਾਣੂ ਕਰਵਾਉਣਾ ਹੈ। ਇਸ ਦੌਰਾਨ ਵੋਟ ਪਾਉਣ ਦੀ ਪ੍ਰਕਿਰਿਆ ਸਬੰਧੀ ਲੋਕਾਂ ਦੇ ਸਵਾਲਾਂ ਅਤੇ ਸ਼ੰਕਿਆਂ ਦਾ ਵੀ ਨਿਵਾਰਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੋਂ ਇਲਾਵਾ ਪੰਜਾਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਈ.ਵੀ.ਐੱਮ. ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤੇ ਜਾਣਗੇ। ਇਨ੍ਹਾਂ ਕੇਂਦਰਾਂ ਵਿਖੇ ਸਿਖਲਾਈ ਪ੍ਰਾਪਤ ਅਧਿਕਾਰੀ ਅਤੇ ਕਰਮਚਾਰੀ ਆਮ ਲੋਕਾਂ ਨੂੰ ਈ.ਵੀ.ਐੱਮ. ਰਾਹੀਂ ਵੋਟ ਪਾਉਣ ਅਤੇ ਵੀ.ਵੀ.ਪੈਟ. ਰਾਹੀਂ ਆਪਣੀ ਵੋਟ ਦੀ ਤਸਦੀਕ ਕਰਨ ਦੀ ਸਮੁੱਚੀ ਪ੍ਰਕਿਰਿਆ ਬਾਰੇ ਵਿਹਾਰਕ ਜਾਣਕਾਰੀ ਦੇਣਗੇ।

ਅੰਕੁਰ ਮਹਿੰਦਰੂ ਨੇ ਦੱਸਿਆ ਕਿ ਮੁਹਿੰਮ ਨੂੰ ਪਿੰਡ ਅਤੇ ਵਾਰਡ ਪੱਧਰ ਤੱਕ ਪਹੁੰਚਾਉਣ ਲਈ ਮੋਬਾਇਲ ਈ.ਵੀ.ਐੱਮ. ਪ੍ਰਦਰਸ਼ਨੀ ਵੈਨਾਂ ਵੀ ਚਲਾਈਆਂ ਜਾਣਗੀਆਂ। ਇਹ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਹੋਰ ਪ੍ਰਮੁੱਖ ਜਨਤਕ ਥਾਵਾਂ ’ਤੇ ਪਹੁੰਚ ਕਰਕੇ ਨਾਗਰਿਕਾਂ ਨੂੰ ਈ.ਵੀ.ਐੱਮ. ਅਤੇ ਵੀ.ਵੀ.ਪੈਟ. ਦੀ ਵਰਤੋਂ ਬਾਰੇ ਜਾਣਕਾਰੀ ਦੇਣਗੀਆਂ। ਇਸ ਦੌਰਾਨ ਨਾਗਰਿਕਾਂ ਨੂੰ ਮੌਕ ਪੋਲ ਰਾਹੀਂ ਖ਼ੁਦ ਵੋਟ ਪਾਉਣ ਦੀ ਪ੍ਰਕਿਰਿਆ ਦਾ ਅਭਿਆਸ ਕਰਨ ਦਾ ਮੌਕਾ ਵੀ ਮਿਲੇਗਾ।

ਉਨ੍ਹਾਂ ਕਿਹਾ ਕਿ ਮੁਹਿੰਮ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਉਣ ਲਈ ਸੋਸ਼ਲ ਮੀਡੀਆ, ਡਿਜੀਟਲ ਮਾਧਿਅਮਾਂ ਅਤੇ ਹੋਰ ਪ੍ਰਚਾਰ ਸਾਧਨਾਂ ਦੀ ਵੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਵੋਟਰਾਂ ਨੂੰ ਚੋਣ ਪ੍ਰਕਿਰਿਆ ਅਤੇ ਵੋਟਿੰਗ ਮਸ਼ੀਨਾਂ ਦੀ ਕਾਰਜਪ੍ਰਣਾਲੀ ਸਬੰਧੀ ਪ੍ਰਮਾਣਿਕ ਜਾਣਕਾਰੀ ਪ੍ਰਾਪਤ ਹੋਵੇਗੀ ਅਤੇ ਉਹ ਲੋਕਤੰਤਰੀ ਪ੍ਰਕਿਰਿਆ ਵਿੱਚ ਪੂਰੇ ਵਿਸ਼ਵਾਸ ਨਾਲ ਆਪਣੀ ਭਾਗੀਦਾਰੀ ਯਕੀਨੀ ਬਣਾ ਸਕਣਗੇ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਅਧਿਕਾਰੀਆਂ ਨੂੰ ਮੁਹਿੰਮ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਈ.ਵੀ.ਐੱਮ. ਪ੍ਰਦਰਸ਼ਨੀ ਕੇਂਦਰਾਂ ਅਤੇ ਮੋਬਾਇਲ ਵੈਨਾਂ ਲਈ ਕੇਵਲ ਸਿਖਲਾਈ ਪ੍ਰਾਪਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹੀ ਤਾਇਨਾਤੀ ਕੀਤੀ ਜਾਵੇ।

ਅੰਕੁਰ ਮਹਿੰਦਰੂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਾਗਰੂਕਤਾ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਈ.ਵੀ.ਐੱਮ. ਤੇ ਵੀ.ਵੀ.ਪੈਟ. ਦੀ ਕਾਰਜਪ੍ਰਣਾਲੀ ਬਾਰੇ ਵਿਹਾਰਕ ਜਾਣਕਾਰੀ ਹਾਸਲ ਕਰਕੇ ਚੋਣ ਪ੍ਰਕਿਰਿਆ ਸਬੰਧੀ ਆਪਣੀ ਸਮਝ ਨੂੰ ਹੋਰ ਮਜ਼ਬੂਤ ਕਰਨ।