ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਵਿੱਢੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੀਤੀ 22 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਰਾਓ ਕਰਨ ਤੋਂ ਬਾਅਦ ਸਰਕਾਰ ਵੱਲੋਂ 26 ਨਵੰਬਰ ਨੂੰ ਯੂਨੀਅਨ ਦੀ ਮੀਟਿੰਗ ਤੈਅ ਕਰਵਾਈ ਗਈ ਸੀ, ਪਰੰਤੂ ਮੀਟਿੰਗ ਵਾਲੇ ਦਿਨ ਕੋਈ ਵੀ ਸਰਕਾਰੀ ਨੁਮਾਇੰਦਾ ਹਾਜ਼ਰ ਨਹੀਂ ਹੋਇਆ। ਇਸ ਤੋਂ ਬਾਅਦ 27 ਨਵੰਬਰ ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਬੰਦ ਕਰਕੇ ਸਮੂਹ ਡੀਸੀ ਦਫ਼ਤਰਾਂ ਅੱਗੇ ਰੋਸ ਧਰਨੇ ਵੀ ਦਿੱਤੇ ਗਏ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਰੱਦ ਹੋਣ ਅਤੇ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਾ ਦਿਖਾਉਣ ਦੇ ਰੋਸ ਵਜੋਂ ਸੇਵਾ ਕੇਂਦਰਾਂ ਨੂੰ ਪੱਕੇ ਤੌਰ ’ਤੇ ਬੰਦ ਕਰਨ ਦਾ ਫੈਸਲਾ ਵੀ ਲਿਆ ਗਿਆ ਸੀ। ਇਸ ਦੇ ਬਾਵਜੂਦ ਸਰਕਾਰ ਵੱਲੋਂ ਨਾ ਤਾਂ ਮੁਲਾਜ਼ਮਾਂ ਦੀਆਂ ਮੰਗਾਂ ਸੁਣੀਆਂ ਗਈਆਂ ਅਤੇ ਨਾ ਹੀ ਮੁੱਖ ਮੰਤਰੀ ਨਾਲ ਕੋਈ ਪੱਕੀ ਅਤੇ ਅਧਿਕਾਰਤ ਮੀਟਿੰਗ ਕਰਵਾਉਣ ਸਬੰਧੀ ਭਰੋਸਾ ਦਿੱਤਾ ਗਿਆ।
ਇਸ ਸਾਰੇ ਮਾਮਲੇ ਨੂੰ ਦੇਖਦੇ ਹੋਏ ਯੂਨੀਅਨ ਨੇ ਪਹਿਲਾਂ 4 ਦਸੰਬਰ ਨੂੰ ਕੀਤੇ ਜਾਣ ਵਾਲੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਰਾਓ ਦੇ ਪ੍ਰੋਗਰਾਮ ਦੀ ਤਰੀਕ ਬਦਲ ਕੇ ਹੁਣ 30 ਨਵੰਬਰ, ਦਿਨ ਸੋਮਵਾਰ ਕਰਨ ਦਾ ਐਲਾਨ ਕੀਤਾ ਹੈ। ਇਸ ਦਿਨ ਪੰਜਾਬ ਭਰ ਦੇ ਸੇਵਾ ਕੇਂਦਰ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਸੰਗਰੂਰ ਵਿਖੇ ਇਕੱਠੇ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦਾ ਘਰਾਓ ਕਰਨਗੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਹੁਣ ਮੁਲਾਜ਼ਮ ਸਿਰਫ਼ ਮੀਟਿੰਗ ਦੇ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ। ਉਨ੍ਹਾਂ ਦੀ ਮੰਗ ਹੈ ਕਿ ਮੁੱਖ ਮੰਤਰੀ ਨਾਲ ਇੱਕ ਪੱਕੀ, ਅਧਿਕਾਰਤ ਅਤੇ ਨਿਰਧਾਰਤ ਸਮੇਂ ਵਾਲੀ ਮੀਟਿੰਗ ਕਰਵਾਈ ਜਾਵੇ, ਜਿਸ ਵਿੱਚ ਯੂਨੀਅਨ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਠੋਸ ਹੱਲ ਕੱਢਿਆ ਜਾਵੇ।
ਯੂਨੀਅਨ ਨੇ ਪੰਜਾਬ ਭਰ ਦੇ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਆਪਣੇ ਪਰਿਵਾਰਾਂ ਸਮੇਤ 30 ਨਵੰਬਰ ਦੇ ਸੰਗਰੂਰ ਘਰਾਓ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਗੰਭੀਰਤਾ ਨਾਲ ਹੱਲ ਨਹੀਂ ਕਰਦੀ ਅਤੇ ਮੁੱਖ ਮੰਤਰੀ ਨਾਲ ਅਧਿਕਾਰਤ ਮੀਟਿੰਗ ਯਕੀਨੀ ਨਹੀਂ ਬਣਾਉਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
