ਮੋਹਾਲੀ (ਗੁਰਜੀਤ ਬਿੱਲਾ):- ਪੰਜਾਬ ਸਿਵਲ ਸਕੱਤਰੇਤ ਰਿਟਾਇਰਡ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਸਕੱਤਰੇਤ ਵਿੱਚ ਕੰਮ ਕਰ ਰਹੇ ਚਾਰ ਸੀਨੀਅਰ ਉਪ ਸਕੱਤਰਾਂ ਨੂੰ ਬਤੌਰ ਸੰਯੁਕਤ ਸਕੱਤਰ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਸਬੰਧੀ ਲੋੜੀਂਦੇ ਹੁਕਮ ਮਾਨਯੋਗ ਮੁੱਖ ਸਕੱਤਰ ਜੀ ਵੱਲੋਂ ਜਾਰੀ ਕੀਤੇ ਗਏ ਹਨ।

ਸੰਯੁਕਤ ਸਕੱਤਰ ਵਜੋਂ ਨਾਮਜ਼ਦ ਕੀਤੇ ਗਏ ਅਧਿਕਾਰੀਆਂ ਵਿੱਚ ਸ਼੍ਰੀਮਤੀ ਮੋਨਿਕਾ ਸਾਨੀ, ਬਲਜਿੰਦਰ ਸਿੰਘ, ਪੁਰਸ਼ੋਤਮ ਕੁਮਾਰ ਅਤੇ ਹਰਵਿੰਦਰ ਸਿੰਘ ਸ਼ਾਮਲ ਹਨ। ਸ੍ਰੀ ਪੁਰਸ਼ੋਤਮ ਕੁਮਾਰ ਇਸ ਵੇਲੇ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਕੰਮ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਪਰਸੋਨਲ ਵਿਭਾਗ ਵਿੱਚ ਵੀ ਕੰਮ ਕੀਤਾ ਹੈ। ਸ਼੍ਰੀਮਤੀ ਮੋਨਿਕਾ ਸਾਨੀ ਵਿਜੀਲੈਂਸ ਵਿਭਾਗ ਵਿੱਚ ਕੰਮ ਕਰ ਰਹੇ ਹਨ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਇਹ ਮਾਮਲਾ ਮੁੱਖ ਸਕੱਤਰ ਜੀ ਦੇ ਪੱਧਰ 'ਤੇ ਇੱਕ ਮੀਟਿੰਗ ਵਿੱਚ ਉਠਾਇਆ ਗਿਆ ਸੀ। ਐਸੋਸੀਏਸ਼ਨ ਇਨ੍ਹਾਂ ਹੁਕਮਾਂ ਲਈ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਆਈਏਐਸ ਕਮਲ ਕਿਸ਼ੋਰ ਯਾਦਵ ਦੀ ਸ਼ਲਾਘਾ ਕਰਦੀ ਹੈ ਅਤੇ ਆਸ ਕਰਦੀ ਹੈ ਕਿ ਸਰਕਾਰ ਵੱਲੋਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਹੋਰ ਮੰਗਾਂ ਦਾ ਵੀ ਜਲਦੀ ਨਿਪਟਾਰਾ ਕੀਤਾ ਜਾਵੇਗਾ।

ਸ੍ਰੀ ਸ਼ਰਮਾ ਨੇ ਇਹ ਵੀ ਅਪੀਲ ਕੀਤੀ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਕਾਇਆ 10 ਫੀਸਦੀ ਮਹਿੰਗਾਈ ਭੱਤਾ (ਡੀਏ) ਜਲਦੀ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੇਅ ਕਮਿਸ਼ਨ ਅਤੇ ਡੀਏ ਦਾ ਬਕਾਇਆ ਵੀ ਜਾਰੀ ਕੀਤਾ ਜਾਵੇ।