“ਸਤਿਗੁਰੁ ਨਾਨਕੁ ਪ੍ਰਗਟਿਆ, ਮਿਟੀ ਧੁੰਧੁ ਜਗਿ ਚਾਨਣੁ ਹੋਆ”
ਹਰੋਲੀ/ਊਨਾ, 27 ਨਵੰਬਰ (ਰਾਜਵੀਰ ਚੋਪੜਾ):- ਦਸ਼ਮੇਸ਼ ਪਬਲਿਕ ਸਕੂਲ, ਗੁਰਪਲਾਹ ਸਾਹਿਬ, ਊਨਾ, ਹਿਮਾਚਲ ਪ੍ਰਦੇਸ਼ ਵਿਖੇ 23 ਨਵੰਬਰ 2026 ਨੂੰ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸੰਗਤੀ ਰੂਪ ਵਿੱਚ ਬੈਠ ਕੇ ਸ੍ਰੀ ਜਪੁਜੀ ਸਾਹਿਬ ਦੀਆਂ ਪੰਜ ਪਉੜੀਆਂ ਦਾ ਜਾਪ ਕੀਤਾ।
ਉਪਰੰਤ ਵਿਦਿਆਰਥੀਆਂ ਨੇ ਕਵਿਤਾਵਾਂ, ਕਵੀਸ਼ਰੀ ਅਤੇ ਸ਼ਬਦ ਕੀਰਤਨ ਰਾਹੀਂ ਆਪਣੀ ਹਾਜ਼ਰੀ ਭਰੀ। ਧਾਰਮਿਕ ਅਧਿਆਪਕ ਭਾਈ ਗੁਰਲਾਭ ਸਿੰਘ ਨੇ ਇਸ ਪਾਵਨ ਦਿਹਾੜੇ ਦੇ ਇਤਿਹਾਸ ਅਤੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਦਲਵਿੰਦਰ ਕੌਰ ਨੇ ਸਮੂਹ ਸੰਗਤ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਰਬੱਤ ਦੇ ਭਲੇ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ।
