ਨਵਾਂਸ਼ਹਿਰ/ਕਾਠਗੜ੍ਹ, 25 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) :- ਕਾਠਗੜ੍ਹ ਦੇ ਨੇੜਲੇ ਪਿੰਡ ਸੁੱਧ ਮਾਜਰਾ ਦੀ ਫਿਜ਼ਾ ਮੰਗਲਵਾਰ ਨੂੰ ਗੁਰੂ ਨਾਨਕ ਦੇਵ ਜੀ ਦੇ ਨਾਮ ਦੀ ਮਹਿਕ ਨਾਲ ਮਹਿਕ ਉੱਠੀ। ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਸੀ ਅਤੇ ਦੁਪਹਿਰ ਤੱਕ ਗੁਰਦੁਆਰਾ ਸਾਹਿਬ ਸੰਗਤਾਂ ਨਾਲ ਭਰ ਗਿਆ।

ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਭੋਗ ਉਪਰੰਤ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜੋੜਿਆ ਗਿਆ। ਇਸ ਮੌਕੇ ਦਾ ਮੁੱਖ ਆਕਰਸ਼ਣ ਇੰਟਰਨੈਸ਼ਨਲ ਢਾਡੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ਵਾਲਿਆਂ ਦਾ ਜਥਾ ਰਿਹਾ।

ਜਸਦੀਪ ਸਿੰਘ ਨਾਗਰਾ ਅਤੇ ਉਨ੍ਹਾਂ ਦੇ ਸਾਥੀ ਮਦਨ ਸਿੰਘ ਮੁਸਾਫ਼ਿਰ ਢਾਡੀ, ਬਲਕਾਰ ਸਿੰਘ ਬੇਲੀ ਅਤੇ ਕਾਬਲ ਸਿੰਘ ਰਠੌਰ ਨੇ ਢਾਡੀ ਵਾਰਾਂ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਜਨਮ, ਉਦਾਸੀਆਂ, ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਸੰਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਨੂੰ ਬੜੇ ਹੀ ਰਸਭਿੰਨੇ ਅਤੇ ਪ੍ਰਭਾਵਸ਼ਾਲੀ ਅੰਦਾਜ਼ ਵਿੱਚ ਸੁਣਾਇਆ। ਜਦੋਂ ਢਾਡੀ ਜਥੇ ਨੇ ਗੁਰੂ ਸਾਹਿਬ ਦੀਆਂ ਵਾਰਾਂ ਗਾਈਆਂ ਤਾਂ ਸੰਗਤ ਭਾਵੁਕ ਹੋ ਗਈ ਅਤੇ ਗੁਰਦੁਆਰਾ ਸਾਹਿਬ ਵਿੱਚ ਸਤਿਨਾਮ ਵਾਹਿਗੁਰੂ ਦੇ ਜੈਕਾਰਿਆਂ ਦੀ ਗੂੰਜ ਪੈ ਗਈ।

ਬੁਲਾਰਿਆਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਰੀ ਉਮਰ ਜਾਤ-ਪਾਤ, ਊਚ-ਨੀਚ ਅਤੇ ਨਫ਼ਰਤ ਦੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦਾ ਸੰਦੇਸ਼ ਅੱਜ ਵੀ ਓਨਾ ਹੀ ਪ੍ਰਸੰਗਿਕ ਹੈ, ਜਿੰਨਾ 555 ਸਾਲ ਪਹਿਲਾਂ ਸੀ। ਅੱਜ ਲੋੜ ਹੈ ਕਿ ਅਸੀਂ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਨੂੰ ਮਜ਼ਬੂਤ ਕਰੀਏ।

ਸਮਾਗਮ ਦੌਰਾਨ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਸੰਗਤਾਂ ਨੇ ਪੰਗਤਾਂ ਵਿੱਚ ਬੈਠ ਕੇ ਲੰਗਰ ਛਕਿਆ ਅਤੇ ਸੇਵਾਦਾਰਾਂ ਨੇ ਤਨ-ਮਨ ਨਾਲ ਸੇਵਾ ਕੀਤੀ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਦੇ ਲੋਕਾਂ ਵਿੱਚ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਸਮਾਗਮ ਵਿੱਚ ਪਿੰਡ ਸੁੱਧ ਮਾਜਰਾ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਹੋਈਆਂ। ਅੰਤ ਵਿੱਚ ਪ੍ਰਬੰਧਕਾਂ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਰਹਿਣਗੇ।