ਚੰਡੀਗੜ੍ਹ, 26 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਦੇ ਸਹਿਕਾਰਤਾ, ਜੇਲ੍ਹ, ਸੈਰ-ਸਪਾਟਾ, ਵਿਰਾਸਤ ਅਤੇ ਚੋਣ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਵਿਕਸਤ ਭਾਰਤ-2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਵਿਕਸਤ ਹਰਿਆਣਾ ਮੋਹਰੀ ਭੂਮਿਕਾ ਨਿਭਾਏਗਾ। ਭਾਰਤੀ ਸੰਵਿਧਾਨ ਲੋਕਤੰਤਰ ਦੀ ਆਤਮਾ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਾਜਿਕ ਸਦਭਾਵਨਾ ਦਾ ਆਧਾਰ ਹੈ।
ਡਾ. ਅਰਵਿੰਦ ਸ਼ਰਮਾ ਅੱਜ ਸੰਵਿਧਾਨ ਦਿਵਸ ਅਤੇ ਹਰਿਆਣਾ ਦੀ ਹੀਰਕ ਜਯੰਤੀ ਮੌਕੇ ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਸੰਵਿਧਾਨ ਨਿਰਮਾਤਾਵਾਂ, ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ, ਸੰਵਿਧਾਨ ਸਭਾ ਦੇ ਪ੍ਰਧਾਨ ਡਾ. ਰਾਜੇਂਦਰ ਪ੍ਰਸਾਦ ਅਤੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਨਮਨ ਕਰਦਿਆਂ ਕਿਹਾ ਕਿ ਸਾਲ 2015 ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਫੈਸਲਾ ਸੰਵਿਧਾਨ ਨਿਰਮਾਤਾਵਾਂ ਦੇ ਸਨਮਾਨ ਅਤੇ ਨੌਜਵਾਨ ਪੀੜ੍ਹੀ ਨੂੰ ਸੰਵਿਧਾਨਕ ਮੁੱਲਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਸੀ। ਸੰਵਿਧਾਨ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਦਾ ਵੀ ਅਹਿਸਾਸ ਕਰਵਾਉਂਦਾ ਹੈ।
ਪਾਰਦਰਸ਼ੀ ਸ਼ਾਸਨ ਨਾਲ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ
ਹਰਿਆਣਾ ਦੀ ਛੇ ਦਹਾਕਿਆਂ ਦੀ ਵਿਕਾਸ ਯਾਤਰਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਕਿਸਾਨਾਂ, ਜਵਾਨਾਂ, ਖਿਡਾਰੀਆਂ, ਮਹਿਲਾਵਾਂ, ਉੱਦਮੀਆਂ ਅਤੇ ਮਿਹਨਤਕਸ਼ ਲੋਕਾਂ ਦੀ ਮਿਹਨਤ ਦਾ ਨਤੀਜਾ ਹੈ। ਸਾਲ 2014 ਤੋਂ ਬਾਅਦ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵੱਲੋਂ ਸ਼ੁਰੂ ਕੀਤੀ ਗਈ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਵਿਵਸਥਾ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਗੇ ਵਧਾਇਆ ਜਾ ਰਿਹਾ ਹੈ। ਸਰਕਾਰ ਦਾ ਟੀਚਾ ਬਿਨਾਂ ਕਿਸੇ ਭੇਦਭਾਵ ਦੇ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚਾਉਣਾ ਹੈ।
24 ਫਸਲਾਂ ’ਤੇ ਐਮਐਸਪੀ ਦੇਣ ਵਾਲਾ ਮੋਹਰੀ ਸੂਬਾ ਬਣਿਆ ਹਰਿਆਣਾ
ਕਿਸਾਨਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਸ਼ਰਮਾ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਮੋਹਰੀ ਸੂਬਾ ਹੈ, ਜਿੱਥੇ 24 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦਿੱਤਾ ਜਾ ਰਿਹਾ ਹੈ। ਸਾਲ 2014 ਤੋਂ ਬਾਅਦ ਗੰਨੇ ਦੇ ਭਾਅ ਵਿੱਚ ਲਗਭਗ 34 ਫੀਸਦੀ ਵਾਧਾ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਗੰਨੇ ਦਾ ਭਾਅ 430 ਰੁਪਏ ਪ੍ਰਤੀ ਕੁਇੰਟਲ ਹੈ, ਜਿਸ ਨੂੰ ਅਗਲੇ ਸਾਲ ਵਧਾ ਕੇ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ। ਬਾਜਰੇ ’ਤੇ ਭਾਵਾਂਤਰ ਭਰਪਾਈ ਯੋਜਨਾ ਅਤੇ ਫਸਲਾਂ ਦੀ ਨਿਰਵਿਘਨ ਖਰੀਦ ਨਾਲ ਕਿਸਾਨਾਂ ਨੂੰ ਰਾਹਤ ਮਿਲ ਰਹੀ ਹੈ।
ਮਹਿਲਾ ਸਸ਼ਕਤੀਕਰਨ ਅਤੇ ਅੰਤੋਦਿਆ ਨੂੰ ਪਹਿਲ
ਉਨ੍ਹਾਂ ਕਿਹਾ ਕਿ ਲਾਡੋ ਲਕਸ਼ਮੀ ਯੋਜਨਾ ਦਾ ਵਿਸਥਾਰ ਕਰਦਿਆਂ 1 ਲੱਖ 80 ਹਜ਼ਾਰ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਵੀ ਇਸ ਦਾ ਲਾਭ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਸੰਕਲਪ ਸਮਾਜ ਦੇ ਆਖਰੀ ਪਾਏਦਾਨ ’ਤੇ ਖੜ੍ਹੇ ਵਿਅਕਤੀ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ।
ਸਹਿਕਾਰਤਾ ਰਾਹੀਂ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤੀ
ਸਹਿਕਾਰਤਾ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਖੇਤੀਬਾੜੀ ਕਰਜ਼ਾ ਸਭਾਵਾਂ (ਪੈਕਸ) ਦੇ ਡਿਜੀਟਲੀਕਰਨ ਅਤੇ ਬਹੁ-ਮੰਤਵੀ ਵਿਸਥਾਰ ਨਾਲ ਪੇਂਡੂ ਅਰਥਵਿਵਸਥਾ ਮਜ਼ਬੂਤ ਹੋ ਰਹੀ ਹੈ। ਪੈਕਸ ਰਾਹੀਂ ਖਾਦ, ਬੀਜ ਅਤੇ ਕਰਜ਼ੇ ਤੋਂ ਇਲਾਵਾ ਪੈਟਰੋਲ ਪੰਪ, ਗੈਸ ਸਟੇਸ਼ਨ, ਕਾਮਨ ਸਰਵਿਸ ਸੈਂਟਰ ਅਤੇ ਵੇਅਰਹਾਊਸ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਭਿਵਾਨੀ ਵਿੱਚ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕ ਰਾਹੀਂ 95 ਸਵੈ-ਸਹਾਇਤਾ ਸਮੂਹਾਂ ਵੱਲੋਂ ਕਰਜ਼ੇ ਦੀ ਸੌ-ਫੀਸਦੀ ਸਮੇਂ ਸਿਰ ਅਦਾਇਗੀ ਸਹਿਕਾਰਤਾ ਦੀ ਸਫਲਤਾ ਦੀ ਮਿਸਾਲ ਹੈ।
ਸੈਰ-ਸਪਾਟਾ, ਵਿਰਾਸਤ ਅਤੇ ਚੋਣਾਂ ਦੇ ਖੇਤਰ ਵਿੱਚ ਵੀ ਲਗਾਤਾਰ ਯਤਨ
ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਸੱਭਿਆਚਾਰਕ ਵਿਰਾਸਤ, ਇਤਿਹਾਸਕ ਧਰੋਹਰਾਂ ਅਤੇ ਸੈਰ-ਸਪਾਟਾ ਸਥਾਨਾਂ ਨੂੰ ਉਤਸ਼ਾਹਿਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਸੈਰ-ਸਪਾਟੇ ਅਤੇ ਵਿਰਾਸਤ ਰਾਹੀਂ ਹਰਿਆਣਾ ਦੀ ਪਛਾਣ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮਜ਼ਬੂਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉੱਥੇ ਹੀ, ਲੋਕਤੰਤਰੀ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਚੋਣ ਪ੍ਰਕਿਰਿਆ ਵਿੱਚ ਸੰਵਿਧਾਨਕ ਮਰਿਆਦਾਵਾਂ ਅਤੇ ਪਾਰਦਰਸ਼ਤਾ ਦਾ ਵਿਸ਼ੇਸ਼ ਮਹੱਤਵ ਹੈ।
ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਵਿਕਸਤ ਭਾਰਤ-2047 ਸਿਰਫ਼ ਸਰਕਾਰ ਦਾ ਟੀਚਾ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ। ਵਿਕਸਤ ਹਰਿਆਣਾ ਇਸ ਰਾਸ਼ਟਰੀ ਸੰਕਲਪ ਦਾ ਮਜ਼ਬੂਤ ਆਧਾਰ ਬਣੇਗਾ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦੇ ਮੂਲ ਆਦਰਸ਼ਾਂ ਦਾ ਸਨਮਾਨ ਕਰਨ, ਲੋਕਤੰਤਰੀ ਪਰੰਪਰਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਰਾਸ਼ਟਰ ਤੇ ਸੂਬੇ ਦੇ ਵਿਕਾਸ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।
