ਚੰਡੀਗੜ੍ਹ, 26 ਨਵੰਬਰ (ਪੈਗਾਮ-ਏ-ਜਗਤ):- ਹਰਿਆਣਾ ਦੇ ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਅੱਜ ਹਰਿਆਣਾ ਵਿਧਾਨ ਸਭਾ ਵਿੱਚ ਸੰਵਿਧਾਨ ਦਿਵਸ ਅਤੇ ਹਰਿਆਣਾ ਦੀ ਹੀਰਕ ਜਯੰਤੀ ਮੌਕੇ ਆਯੋਜਿਤ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਵਿਧਾਨ ਸਿਰਫ਼ ਕਾਗਜ਼ ਦੇ ਪੰਨਿਆਂ ’ਤੇ ਲਿਖੇ ਕਾਨੂੰਨਾਂ ਦਾ ਦਸਤਾਵੇਜ਼ ਨਹੀਂ, ਸਗੋਂ ਦੇਸ਼ ਦੇ ਲੋਕਤੰਤਰ ਦੀ ਆਤਮਾ ਅਤੇ ਹਰੇਕ ਨਾਗਰਿਕ ਦੇ ਅਧਿਕਾਰਾਂ, ਸਮਾਨਤਾ, ਨਿਆਂ ਅਤੇ ਆਜ਼ਾਦੀ ਦਾ ਆਧਾਰ ਹੈ। ਸੰਵਿਧਾਨ ਦੇ ਆਦਰਸ਼ਾਂ ਨੂੰ ਆਪਣੇ ਆਚਰਨ ਅਤੇ ਸ਼ਾਸਨ ਵਿਵਸਥਾ ਵਿੱਚ ਲਾਗੂ ਕਰਨਾ ਹੀ ਸਾਡਾ ਸੰਕਲਪ ਹੋਣਾ ਚਾਹੀਦਾ ਹੈ।

ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਅਤੇ ਸੰਵਿਧਾਨ ਸਭਾ ਦੇ ਸਾਰੇ ਮਹਾਨ ਮੈਂਬਰਾਂ ਨੂੰ ਨਮਨ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਨੇ ਆਪਣੀ 60 ਸਾਲਾਂ ਦੀ ਮਾਣਮੱਤੀ ਵਿਕਾਸ ਯਾਤਰਾ ਵਿੱਚ ਖੇਤੀਬਾੜੀ, ਸਿੱਖਿਆ, ਸਿਹਤ, ਸੜਕਾਂ, ਸਿੰਚਾਈ, ਊਰਜਾ ਅਤੇ ਜਨ ਸਿਹਤ ਵਰਗੇ ਖੇਤਰਾਂ ਵਿੱਚ ਜ਼ਿਕਰਯੋਗ ਤਰੱਕੀ ਕੀਤੀ ਹੈ। ਸੂਬੇ ਦੇ ਮਿਹਨਤਕਸ਼ ਕਿਸਾਨਾਂ, ਜਵਾਨਾਂ, ਮਜ਼ਦੂਰਾਂ ਅਤੇ ਉੱਦਮੀਆਂ ਨੇ ਹਰਿਆਣਾ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਸ੍ਰੀ ਗੰਗਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਪਾਰਦਰਸ਼ਤਾ, ਸੁਸ਼ਾਸਨ ਅਤੇ ਜਨ ਕਲਿਆਣ ਨੂੰ ਸਰਵਉੱਚ ਤਰਜੀਹ ਦੇ ਰਹੀ ਹੈ। ਸੂਬੇ ਦੇ ਮਿਹਨਤਕਸ਼ ਕਿਸਾਨਾਂ, ਜਵਾਨਾਂ, ਮਜ਼ਦੂਰਾਂ, ਉੱਦਮੀਆਂ ਅਤੇ ਸਾਰੇ ਵਰਗਾਂ ਦੇ ਲੋਕਾਂ ਦੇ ਯੋਗਦਾਨ ਸਦਕਾ ਅੱਜ ਸਾਡਾ ਹਰਿਆਣਾ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ।


**ਦੇਸ਼ਾਂ ਵਿੱਚ ਦੇਸ਼ ਹਰਿਆਣਾ, ਜਿੱਥੇ ਦੁੱਧ-ਦਹੀਂ ਦਾ ਖਾਣਾ**

ਹਰਿਆਣਾ ਨੇ ਜਨ ਸਿਹਤ ਇੰਜੀਨੀਅਰਿੰਗ, ਸੜਕ ਅਤੇ ਆਵਾਜਾਈ, ਖੇਤੀਬਾੜੀ, ਸਿੱਖਿਆ, ਸਿੰਚਾਈ, ਸਿਹਤ ਅਤੇ ਊਰਜਾ ਸਮੇਤ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਜਿਹੜਾ ਹਰਿਆਣਾ ਕਦੇ ਅਨਾਜ ਦੀ ਘਾਟ ਨਾਲ ਜੂਝਦਾ ਸੀ, ਅੱਜ ਉਹ ਦੇਸ਼ ਦੇ ਅਨਾਜ ਭੰਡਾਰ ਭਰ ਰਿਹਾ ਹੈ। ਅੱਜ ਸੂਬੇ ਦੇ ਹਰ ਪਿੰਡ ਤੱਕ ਬਿਜਲੀ, ਸਾਫ਼ ਪੀਣ ਵਾਲਾ ਪਾਣੀ, ਸੜਕਾਂ ਦਾ ਮਜ਼ਬੂਤ ਜਾਲ ਅਤੇ ਆਧੁਨਿਕ ਸਿੱਖਿਆ ਤੇ ਮੈਡੀਕਲ ਸੰਸਥਾਵਾਂ ਪਹੁੰਚ ਚੁੱਕੀਆਂ ਹਨ। ਬਿਨਾਂ ਪਰਚੀ-ਬਿਨਾਂ ਖਰਚੀ, ਮੈਰਿਟ ਦੇ ਆਧਾਰ ’ਤੇ ਦੋ ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇੱਕ ਪਾਸੇ ਜਿੱਥੇ ਸੂਬੇ ਵਿੱਚ ਪਹਿਲਾਂ ਦੀਆਂ ਸਰਕਾਰਾਂ ਦੌਰਾਨ ਭਾਈ-ਭਤੀਜਾਵਾਦ, ਖੇਤਰਵਾਦ ਅਤੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ, ਜਿਸ ਕਾਰਨ ਸੰਵਿਧਾਨ ਵੱਲੋਂ ਦਿੱਤੇ ਗਏ ਸਮਾਨ ਮੌਕਿਆਂ ਦੇ ਅਧਿਕਾਰ ਦੀ ਖੁੱਲ੍ਹੇਆਮ ਉਲੰਘਣਾ ਹੁੰਦੀ ਸੀ, ਉੱਥੇ ਹੀ ਸੂਬੇ ਵਿੱਚ ਜਦੋਂ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਬਿਨਾਂ ਖਰਚੀ, ਬਿਨਾਂ ਪਰਚੀ ਅਤੇ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਮਿਲਣ ਲੱਗੀਆਂ ਹਨ।

ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ 30,809 ਕਿਲੋਮੀਟਰ ਸੜਕਾਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ ਅਤੇ 12 ਫੁੱਟ ਚੌੜੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉੱਥੇ ਹੀ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਰਾਹੀਂ ਸੂਬੇ ਦੇ 7,259 ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਸਰਕਾਰ ਦਾ ਟੀਚਾ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਲੋੜੀਂਦਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਾਣੀ ਦੀ ਸੰਭਾਲ ਅਤੇ ਗੰਦੇ ਪਾਣੀ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨਾ ਹੈ।

ਸ੍ਰੀ ਗੰਗਵਾ ਨੇ ਕਿਹਾ ਕਿ ਹੁਣ ਤੱਕ 2,584 ਕਿਲੋਮੀਟਰ ਸੜਕਾਂ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ 656 ਕਿਲੋਮੀਟਰ ਸੜਕਾਂ ਨੂੰ ਮਾਰਚ 2027 ਤੱਕ 18 ਫੁੱਟ ਚੌੜਾ ਕਰ ਦਿੱਤਾ ਜਾਵੇਗਾ। ਭਾਵ ਮਾਰਚ 2027 ਤੱਕ ਕੁੱਲ 3,240 ਕਿਲੋਮੀਟਰ ਸੜਕਾਂ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕਰ ਦਿੱਤਾ ਜਾਵੇਗਾ।

ਮਹਿਲਾ ਸਸ਼ਕਤੀਕਰਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਾਰੀ ਸ਼ਕਤੀ ਵੰਦਨ ਐਕਟ ਮਹਿਲਾਵਾਂ ਨੂੰ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਇੱਕ-ਤਿਹਾਈ ਪ੍ਰਤੀਨਿਧਤਾ ਦੇਣ ਦੀ ਦਿਸ਼ਾ ਵਿੱਚ ਇੱਕ ਇਤਿਹਾਸਕ ਕਦਮ ਹੈ। ਹਰਿਆਣਾ ਵਿੱਚ ਪੰਚਾਇਤਾਂ ਵਿੱਚ ਮਹਿਲਾਵਾਂ ਲਈ 50 ਫੀਸਦੀ ਰਾਖਵੇਂਕਰਨ ਦਾ ਪ੍ਰਬੰਧ ਵੀ ਪੇਂਡੂ ਲੋਕਤੰਤਰ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ 8 ਸੋਕੇ ਪ੍ਰਭਾਵਿਤ ਜ਼ਿਲ੍ਹਿਆਂ, ਅਰਥਾਤ ਹਿਸਾਰ, ਫਤਿਹਾਬਾਦ, ਸਿਰਸਾ, ਭਿਵਾਨੀ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ ਅਤੇ ਰੇਵਾੜੀ ਦੇ ਪੇਂਡੂ ਖੇਤਰਾਂ ਵਿੱਚ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਮਹਾਗ੍ਰਾਮ ਪਿੰਡਾਂ ਵਿੱਚ ਪ੍ਰਤੀ ਵਿਅਕਤੀ ਪ੍ਰਤੀ ਦਿਨ 135 ਲੀਟਰ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। 157 ਪਿੰਡਾਂ ਨੂੰ ਸੂਚੀਬੱਧ ਕੀਤਾ ਗਿਆ ਹੈ। 29 ਪਿੰਡਾਂ ਵਿੱਚ ਕੰਮ ਪੂਰਾ ਹੋ ਚੁੱਕਾ ਹੈ ਅਤੇ 30 ਪਿੰਡਾਂ ਵਿੱਚ ਕੰਮ ਪ੍ਰਗਤੀ ਅਧੀਨ ਹੈ। ਪਿੰਡਾਂ ਵਿੱਚ ਵੀ ਸ਼ਹਿਰਾਂ ਦੀ ਤਰਜ਼ ’ਤੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਮੰਤਰੀ ਨੇ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਫਰਜ਼ਾਂ ਦੀ ਵੀ ਯਾਦ ਦਿਵਾਉਂਦਾ ਹੈ। ਸਾਲ 2047 ਤੱਕ ਵਿਕਸਤ ਭਾਰਤ ਅਤੇ ਵਿਕਸਤ ਹਰਿਆਣਾ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਰੇ ਜਨ ਪ੍ਰਤੀਨਿਧੀਆਂ ਅਤੇ ਨਾਗਰਿਕਾਂ ਨੂੰ ਦਲਗਤ ਭਾਵਨਾ ਤੋਂ ਉੱਪਰ ਉੱਠ ਕੇ ਜਨ ਭਾਗੀਦਾਰੀ, ਸਮਾਜਿਕ ਸਦਭਾਵਨਾ, ਜਲ ਸੰਭਾਲ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਾ ਹੋਵੇਗਾ।

ਅੰਤ ਵਿੱਚ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦੇ ਮੂਲ ਆਦਰਸ਼ਾਂ ਦਾ ਸਨਮਾਨ ਕਰਨ, ਲੋਕਤੰਤਰੀ ਪਰੰਪਰਾਵਾਂ ਨੂੰ ਮਜ਼ਬੂਤ ਬਣਾਉਣ ਅਤੇ ਰਾਸ਼ਟਰ ਤੇ ਸੂਬੇ ਦੇ ਵਿਕਾਸ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।