ਨਵਾਂਸ਼ਹਿਰ, 26 ਨਵੰਬਰ (ਜਤਿੰਦਰਪਾਲ ਸਿੰਘ ਕਲੇਰ/ਹਰਸਿਮਰਨ ਜੋਤ ਸਿੰਘ ਕਲੇਰ):- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਨਵਾਂਸ਼ਹਿਰ ਨੂੰ ਨਵਾਂ ਪੁਲਿਸ ਮੁਖੀ ਮਿਲ ਗਿਆ ਹੈ। ਆਈ.ਪੀ.ਐੱਸ. ਵਤਸਲਾ ਗੁਪਤਾ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਨਵਾਂਸ਼ਹਿਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਵਤਸਲਾ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਅਤੇ ਲਗਾਤਾਰ ਮੁਹਿੰਮ ਚਲਾਈ ਜਾਵੇਗੀ। ਨਸ਼ਾ ਤਸਕਰਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਅਤੇ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਐੱਸ.ਐੱਸ.ਪੀ. ਗੁਪਤਾ ਨੇ ਕਿਹਾ ਕਿ ਆਮ ਲੋਕਾਂ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਹਰ ਸ਼ਿਕਾਇਤ 'ਤੇ ਤੁਰੰਤ ਤੇ ਨਿਰਪੱਖ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆਂ ਵਿੱਚ ਆਉਣ ਵਾਲੇ ਹਰ ਵਿਅਕਤੀ ਦੀ ਗੱਲ ਸੁਣੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਪੁਲਿਸ ਅਤੇ ਲੋਕਾਂ ਦੇ ਸਹਿਯੋਗ ਨਾਲ ਕੰਮ ਕੀਤਾ ਜਾਵੇਗਾ।
