ਬਲਾਚੌਰ, 25 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) :- ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਮੁਬਾਰਕਾਂ ਦਿੱਤੀਆਂ ਹਨ।

ਜਥੇਦਾਰ ਦੋਭਾਲੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨੁੱਖਤਾ ਦੇ ਇਤਿਹਾਸ ਵਿੱਚ ਸੱਚ, ਪਿਆਰ, ਬਰਾਬਰਤਾ ਅਤੇ ਰੂਹਾਨੀ ਚਾਨਣ ਦਾ ਮਹਾਨ ਦਿਹਾੜਾ ਹੈ। ਗੁਰੂ ਸਾਹਿਬ ਨੇ ਸਮੁੱਚੀ ਦੁਨੀਆ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਦੀਵੀ ਸੰਦੇਸ਼ ਦੇ ਕੇ ਜਾਤ-ਪਾਤ, ਊਚ-ਨੀਚ ਅਤੇ ਨਫ਼ਰਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਰਾਹ ਦਿਖਾਇਆ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਨਾਲ ਹੀ ਦਿੱਤੀ ਜਾ ਸਕਦੀ ਹੈ। ਸਰਬੱਤ ਦੇ ਭਲੇ, ਸਾਂਝੀਵਾਲਤਾ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਜਥੇਦਾਰ ਦੋਭਾਲੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਦਿਆਂ ਆਪਸੀ ਭਾਈਚਾਰਾ, ਏਕਤਾ ਅਤੇ ਪਿਆਰ ਨੂੰ ਮਜ਼ਬੂਤ ਕਰਨ।