ਬਲਾਚੌਰ, 29 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) :- ਕਾਠਗੜ੍ਹ ਦੇ ਨੇੜੇ ਪਿੰਡ ਸੋਭੂਵਾਲ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਵਿਸ਼ਾਲ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਮੁਕਾਬਲੇ 18, 19 ਅਤੇ 20 ਦਸੰਬਰ ਨੂੰ ਸੋਭੂਵਾਲ ਦੇ ਖੇਡ ਗਰਾਊਂਡ ਵਿਖੇ ਹੋਣਗੇ, ਜਿਨ੍ਹਾਂ ਵਿੱਚ ਕਬੱਡੀ, ਵਾਲੀਬਾਲ ਅਤੇ ਅਥਲੈਟਿਕ ਦੇ ਮੁਕਾਬਲੇ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਰਿਟਾਇਰਡ ਡੀ.ਐਸ.ਪੀ. ਸਤਨਾਮ ਸਿੰਘ ਰਾਜੂਮਾਜਰਾ ਅਤੇ ਭਾਜਪਾ ਦੇ ਨੌਜਵਾਨ ਆਗੂ ਰਵੀ ਇੰਦਰ ਸਿੰਘ ਬਾਗੋਵਾਲ ਨੇ ਦੱਸਿਆ ਕਿ ਖੇਡ ਮੇਲੇ ਦੀਆਂ ਤਿਆਰੀਆਂ ਨੂੰ ਲੈ ਕੇ 1 ਦਸੰਬਰ ਨੂੰ ਸੋਭੂਵਾਲ ਦੇ ਖੇਡ ਗਰਾਊਂਡ ਵਿੱਚ ਵਿਸ਼ੇਸ਼ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਖੇਡ ਮੇਲੇ ਦੇ ਪ੍ਰਬੰਧਾਂ, ਟੀਮਾਂ ਦੀ ਰਜਿਸਟ੍ਰੇਸ਼ਨ, ਇਨਾਮਾਂ ਅਤੇ ਹੋਰ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਆਗੂਆਂ ਨੇ ਸਮੂਹ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਹਲਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ 1 ਦਸੰਬਰ ਦੀ ਮੀਟਿੰਗ ਅਤੇ 18, 19 ਤੇ 20 ਦਸੰਬਰ ਦੇ ਖੇਡ ਮੇਲੇ ਵਿੱਚ ਹੁੰਮ-ਹੁਮਾ ਕੇ ਪਹੁੰਚਣ ਅਤੇ ਇਸ ਸਮਾਗਮ ਨੂੰ ਸਫ਼ਲ ਬਣਾਉਣ।

ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਸੱਚ, ਸਿਦਕ ਅਤੇ ਸੂਰਬੀਰਤਾ ਦਾ ਸੁਨੇਹਾ ਦਿੰਦੀ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਇਹ ਖੇਡ ਮੇਲਾ ਇੱਕ ਵੱਡਾ ਉਪਰਾਲਾ ਸਾਬਤ ਹੋਵੇਗਾ।