ਪਟਿਆਲਾ, 29 ਨਵੰਬਰ (ਪੈਗਾਮ-ਏ-ਜਗਤ):- ਪੰਜਾਬੀ ਮਾਹ 2026 ਦੇ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਦੀ ਅਗਵਾਈ ਹੇਠ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਸੁਖਦੇਵ ਮਾਦਪੁਰੀ ਯਾਦਗਾਰੀ ਸਮਾਗਮ ਅਤੇ ਸਾਹਿਤਕ ਵਿਚਾਰ-ਚਰਚਾ ਕਰਵਾਈ ਗਈ। ਸਮਾਗਮ ਵਿੱਚ ਉੱਘੇ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ (ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਮੁੱਖ ਮਹਿਮਾਨ ਵਜੋਂ ਅਤੇ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੀ ਸ਼ੁਰੂਆਤ ਭਾਸ਼ਾ ਵਿਭਾਗ ਦੇ ਵਿਭਾਗੀ ਗੀਤ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਇਸ ਮੌਕੇ ਖੋਜ ਅਫ਼ਸਰ ਸ੍ਰੀਮਤੀ ਜਗਦੀਪ ਜੋਤ ਨੇ ਹਾਜ਼ਰੀਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਮਾਹ ਮਨਾਉਣ ਦਾ ਉਦੇਸ਼ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਨਵੀਂ ਪੀੜ੍ਹੀ ਨੂੰ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਦੀ ਅਮੀਰ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਲੋਕ ਵਿਰਸੇ ਦੇ ਅਨਮੋਲ ਰਤਨ ਸੁਖਦੇਵ ਮਾਦਪੁਰੀ ਨੇ ਆਪਣੀ ਕਲਮ ਰਾਹੀਂ ਪੰਜਾਬੀ ਸੱਭਿਆਚਾਰਕ ਵਿਰਾਸਤ ਨੂੰ ਸਾਂਭਣ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਮੁੱਖ ਮਹਿਮਾਨ ਡਾ. ਦਰਸ਼ਨ ਸਿੰਘ ਆਸ਼ਟ ਨੇ ਸੁਖਦੇਵ ਮਾਦਪੁਰੀ ਦੀਆਂ ਸਾਹਿਤਕ ਰਚਨਾਵਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕਵਿਤਾਵਾਂ ਵਿੱਚ ਪੰਜਾਬ ਦੀ ਮਿੱਟੀ, ਲੋਕ ਜੀਵਨ ਅਤੇ ਸੱਭਿਆਚਾਰਕ ਵਿਰਾਸਤ ਦੀ ਝਲਕ ਸਪੱਸ਼ਟ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਦੀਆਂ ਪੁਰਾਤਨ ਬੁਝਾਰਤਾਂ, ਅਖਾਣਾਂ, ਲੋਕ ਗੀਤਾਂ ਅਤੇ ਚਰਖੇ ਵਰਗੇ ਸੱਭਿਆਚਾਰਕ ਪ੍ਰਤੀਕਾਂ ਬਾਰੇ ਵੀ ਜਾਣਕਾਰੀ ਦਿੱਤੀ।

ਸਮਾਗਮ ਦੌਰਾਨ ਸ੍ਰੀਮਤੀ ਮਨਜੀਤ ਤਿਵਾੜੀ, ਜਗਤਾਰ ਸਿੰਘ ਜੋਗ, ਪਿਆਰਾ ਸਿੰਘ ਰਾਹੀ, ਬਾਬੂ ਰਾਮ ਦੀਵਾਨਾ ਅਤੇ ਬਲਜੀਤ ਸ਼ਰਮਾ ਨੇ ਕਵਿਤਾਵਾਂ ਅਤੇ ਸਾਹਿਤਕ ਗੀਤਾਂ ਰਾਹੀਂ ਪੰਜਾਬੀ ਮਾਂ ਬੋਲੀ ਦੀ ਮਹੱਤਤਾ ਬਿਆਨ ਕੀਤੀ। ਵਿਦਿਆਰਥੀਆਂ ਵੱਲੋਂ ਵੀ ਸਾਹਿਤਕ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ।

ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿੱਖਿਆ ਤੇ ਸਾਹਿਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਰਦੂ ਆਮੋਜ਼ ਦੀ ਜਮਾਤ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ ਅਤੇ ਪੰਜਾਬੀ ਸੈੱਲ ਵੱਲੋਂ ਪੁਸਤਕ ਪ੍ਰਦਰਸ਼ਨੀ ਲਗਾਈ ਗਈ।