ਬਲਾਚੌਰ, 29 ਨਵੰਬਰ (ਜਤਿੰਦਰਪਾਲ ਸਿੰਘ ਕਲੇਰ) :- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸੰਤ ਗੁਰਮੇਲ ਸਿੰਘ ਦੀ 12ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਸ਼ਨਿੱਚਰਵਾਰ, 28 ਨਵੰਬਰ ਨੂੰ ਸੰਤ ਗੁਰਮੇਲ ਸਿੰਘ ਮੈਮੋਰੀਅਲ ਹਸਪਤਾਲ ਅਤੇ ਡਾਇਗਨੌਸਟਿਕ ਸੈਂਟਰ, ਮੇਨ ਚੰਡੀਗੜ੍ਹ ਰੋਡ, ਗੜ੍ਹੀ ਕਾਨੂੰਗੋਆਂ, ਬਲਾਚੌਰ (ਸ਼ਹੀਦ ਭਗਤ ਸਿੰਘ ਨਗਰ) ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਲਗਾਇਆ ਗਿਆ।

ਇਸ ਕੈਂਪ ਵਿੱਚ ਹਾਸ ਰਸ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਅਤੇ ਉਨ੍ਹਾਂ ਦੇ ਪੁੱਤਰ ਸੁੱਖਨ ਵੜੈਚ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖੂਨਦਾਨੀਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ, ਕਿਉਂਕਿ ਦਾਨ ਕੀਤਾ ਖੂਨ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਂਦਾ ਹੈ। ਉਨ੍ਹਾਂ ਸਮੂਹ ਖੂਨਦਾਨੀਆਂ ਅਤੇ ਪ੍ਰਬੰਧਕਾਂ ਦੀ ਇਸ ਨੇਕ ਕਾਰਜ ਲਈ ਸ਼ਲਾਘਾ ਕੀਤੀ।

ਕੈਂਪ ਦੌਰਾਨ ਇਲਾਕੇ ਦੇ ਨੌਜਵਾਨਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸ਼ਰਧਾਲੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਕੁੱਲ 60 ਵਿਅਕਤੀਆਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ। ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਨੂੰ ਪ੍ਰਬੰਧਕਾਂ ਵੱਲੋਂ ਕੂਲਰਾਂ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਮਨੁੱਖਤਾ ਦੀ ਸੇਵਾ ਕਰਨਾ ਅਤੇ ਲੋੜਵੰਦ ਮਰੀਜ਼ਾਂ ਲਈ ਖੂਨ ਦੀ ਉਪਲਬਧਤਾ ਵਿੱਚ ਯੋਗਦਾਨ ਪਾਉਣਾ ਸੀ। ਉਨ੍ਹਾਂ ਇਲਾਕਾ ਨਿਵਾਸੀਆਂ ਦਾ ਵੱਡੀ ਗਿਣਤੀ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅੱਗੇ ਤੋਂ ਵੀ ਅਜਿਹੇ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ।

ਕੈਂਪ ਦੀ ਸਫ਼ਲਤਾ ਲਈ ਪ੍ਰਬੰਧਕਾਂ, ਡਾਕਟਰੀ ਟੀਮ, ਸੇਵਾਦਾਰਾਂ ਅਤੇ ਸਮੂਹ ਸਹਿਯੋਗੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਡਾਕਟਰ ਵਿਕਰਮ ਜੀਤ ਸਿੰਘ, ਡਾਕਟਰ ਸਨਤ ਕੋਸ਼ਿਕ, ਦਲਵੀਰ ਸਿੰਘ, ਜਤਿੰਦਰ ਸਿੰਘ, ਮਨਦੀਪ ਕੋਲਗੜ੍ਹ, ਦਿਲਵਰ ਕੋਲਗੜ੍ਹ, ਅਮਨਪ੍ਰੀਤ ਸਿੰਘ ਅਤੇ ਸਮੂਹ ਸਟਾਫ ਵੱਡੀ ਗਿਣਤੀ ਵਿੱਚ ਹਾਜ਼ਰ ਸਨ।