ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਨਵੰਬਰ (ਪੈਗਾਮ-ਏ-ਜਗਤ):- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿੱਚੋਂ ਲੰਘ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਅਦਿੱਤਿਆ ਡਚਲਵਾਲ, ਆਈ.ਏ.ਐੱਸ. ਨੇ ਜ਼ਿਲ੍ਹੇ ਭਰ ਵਿੱਚ 2 ਅਤੇ 3 ਦਸੰਬਰ, 2026 ਨੂੰ ਮੀਟ, ਅੰਡੇ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਯਾਤਰਾ 2 ਦਸੰਬਰ ਨੂੰ ਜ਼ਿਲ੍ਹੇ ਵਿੱਚ ਦਾਖਲ ਹੋਵੇਗੀ ਅਤੇ ਰਾਤਰੀ ਪੜਾਅ ਤੋਂ ਬਾਅਦ 3 ਦਸੰਬਰ ਦੀ ਸਵੇਰ ਨੂੰ ਅਗਲੇ ਪੜਾਅ ਲਈ ਰਵਾਨਾ ਹੋਵੇਗੀ।

ਇਹ ਮਨਾਹੀ ਦੇ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ੋਭਾ ਯਾਤਰਾ ਦੌਰਾਨ ਧਾਰਮਿਕ ਮਰਿਆਦਾ ਤੇ ਸਤਿਕਾਰ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇਹ ਸ਼ੋਭਾ ਯਾਤਰਾ ਜ਼ੋਨ-1 (ਵਾਰਾਣਸੀ ਤੋਂ ਖੁਰਾਲਗੜ੍ਹ ਸਾਹਿਬ) ਤੋਂ 30 ਨਵੰਬਰ ਨੂੰ ਸ਼ੁਰੂ ਹੋ ਕੇ 3 ਦਸੰਬਰ ਨੂੰ ਸਮਾਪਤ ਹੋਵੇਗੀ।

ਹੁਕਮਾਂ ਅਨੁਸਾਰ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਆਉਂਦੀਆਂ ਮੀਟ, ਅੰਡੇ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਦੋਵੇਂ ਦਿਨ ਬੰਦ ਰਹਿਣਗੇ। ਇਸ ਤੋਂ ਇਲਾਵਾ ਹੋਟਲਾਂ, ਢਾਬਿਆਂ ਅਤੇ ਸ਼ਰਾਬ ਦੇ ਠੇਕਿਆਂ ਨਾਲ ਲੱਗਦੇ ਅਹਾਤਿਆਂ ਵਿੱਚ ਮੀਟ ਅਤੇ ਅੰਡਿਆਂ ਦੇ ਪਕਵਾਨ ਤਿਆਰ ਕਰਨ, ਪਕਾਉਣ ਅਤੇ ਪਰੋਸਣ ’ਤੇ ਵੀ ਪੂਰਨ ਪਾਬੰਦੀ ਰਹੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ; ਕਮਿਸ਼ਨਰ, ਨਗਰ ਨਿਗਮ, ਸਾਹਿਬਜ਼ਾਦਾ ਅਜੀਤ ਸਿੰਘ ਨਗਰ; ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ; ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ; ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ; ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਅਤੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।