ਨਵਾਂਸ਼ਹਿਰ, 26 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਯੋਜਿਤ ਕੀਤੀਆਂ ਜਾ ਰਹੀਆਂ ਚਾਰ ਸ਼ੋਭਾ ਯਾਤਰਾਵਾਂ ਵਿੱਚੋਂ ਦੂਜੇ ਰੂਟ ਦੀ ਸ਼ੋਭਾ ਯਾਤਰਾ ਲਈ ਨਿਯੁਕਤ ਨੋਡਲ ਅਫ਼ਸਰ ਕਮਿਸ਼ਨਰ ਫਰੀਦਕੋਟ ਕੰਵਲਪ੍ਰੀਤ ਬਰਾੜ ਵੱਲੋਂ ਸ਼ੋਭਾ ਯਾਤਰਾ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।

ਮੀਟਿੰਗ ਦੌਰਾਨ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਦੂਜੇ ਰੂਟ ਫਰੀਦਕੋਟ ਤੋਂ ਖੁਰਾਲਗੜ੍ਹ ਵਿਖੇ ਪੁੱਜਣ ਵਾਲੀ ਸ਼ੋਭਾ ਯਾਤਰਾ ਸਬੰਧੀ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ 3 ਦਸੰਬਰ ਨੂੰ ਫਗਵਾੜਾ ਤੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੀ ਹੋਈ ਸ਼ੋਭਾ ਯਾਤਰਾ ਖੁਰਾਲਗੜ੍ਹ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਪੁੱਜੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ੋਭਾ ਯਾਤਰਾ ਦੇ ਪੁੱਜਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸ਼ੋਭਾ ਯਾਤਰਾ ਦੇ ਸ਼ਾਨਦਾਰ ਸਵਾਗਤ ਅਤੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਸਬੰਧੀ ਐਮਰਜੈਂਸੀ ਰਿਸਪਾਂਸ ਟੀਮ ਅਤੇ ਕੰਟਰੋਲ ਰੂਮ ਬਣਾਉਣ ਅਤੇ ਫੂਡ ਸੇਫਟੀ ਟੀਮਾਂ ਵੀ ਨਿਯੁਕਤ ਕਰਨ ਦੀ ਹਦਾਇਤ ਕੀਤੀ।

ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਕੰਵਲਪ੍ਰੀਤ ਬਰਾੜ ਨੇ ਪੁਲਿਸ, ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇ ਅਥਾਰਟੀ, ਮੰਡੀ ਬੋਰਡ, ਨਗਰ ਕੌਂਸਲਾਂ, ਸਿਹਤ ਵਿਭਾਗ, ਪੰਜਾਬ ਰਾਜ ਪਾਵਰਕਾਮ, ਡੀ.ਡੀ.ਪੀ.ਓ., ਬੀ.ਡੀ.ਪੀ.ਓਜ਼, ਜੰਗਲਾਤ ਵਿਭਾਗ, ਫਾਇਰ ਬ੍ਰਿਗੇਡ ਅਤੇ ਪਬਲਿਕ ਹੈਲਥ ਸਮੇਤ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀਆਂ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੜਕਾਂ ਦੀ ਮੁਰੰਮਤ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸਿਹਤ ਸਹੂਲਤਾਂ, ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਮੁਰੰਮਤ, ਰੂਟ ਵਿੱਚ ਪੈਂਦੇ ਦਰੱਖਤਾਂ ਦੀ ਛੰਗਾਈ, ਸੁਰੱਖਿਆ ਅਤੇ ਆਵਾਜਾਈ ਦੇ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ 'ਤੇ ਵੀ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਭਰੋਸਾ ਦਿਵਾਇਆ ਕਿ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੂਜੇ ਰੂਟ ਦੀ ਸ਼ੋਭਾ ਯਾਤਰਾ 2 ਦਸੰਬਰ 2026 ਨੂੰ ਫਰੀਦਕੋਟ ਤੋਂ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦੀ ਹੋਈ 3 ਦਸੰਬਰ ਨੂੰ ਫਗਵਾੜਾ ਰਾਹੀਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਾਖਲ ਹੋਵੇਗੀ। ਜ਼ਿਲ੍ਹੇ ਵਿੱਚ ਪ੍ਰਵੇਸ਼ ਕਰਨ 'ਤੇ ਪਿੰਡ ਮੇਹਲੀ (ਤਹਿਸੀਲ ਬੰਗਾ) ਵਿਖੇ ਮਾਰਬਲ ਰਿਜ਼ੋਰਟ ਨੇੜੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਹ ਯਾਤਰਾ ਬੰਗਾ, ਨਵਾਂਸ਼ਹਿਰ ਸ਼ਹਿਰ, ਚੰਡੀਗੜ੍ਹ ਚੌਕ, ਲੰਗੜੋਆ ਅਤੇ ਮੁਕੰਦਪੁਰ ਤੋਂ ਹੁੰਦੀ ਹੋਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵੱਲ ਰਵਾਨਾ ਹੋਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਰਵਿੰਦ ਕੁਮਾਰ, ਐਸ.ਡੀ.ਐਮ. ਨਵਾਂਸ਼ਹਿਰ ਸ੍ਰੀ ਕੁਲਦੀਪ ਚੰਦ, ਐਸ.ਡੀ.ਐਮ. ਬੰਗਾ ਵਰੁਣ ਕੁਮਾਰ, ਐਸ.ਡੀ.ਐਮ. ਬਲਾਚੌਰ ਕਰਨ ਗੁਪਤਾ, ਐਸ.ਡੀ.ਐਮ. ਫਗਵਾੜਾ ਡਾ. ਨਵਜੋਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਪਰਮਿੰਦਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।