ਨਵਾਂਸ਼ਹਿਰ, 25 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਐਨ.ਡੀ.ਏ. ਵਿੱਚ ਵਾਪਸੀ ਦਾ ਸਵਾਗਤ ਕਰਨ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤੇ ਗਏ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵਾਂ ਅਧਿਆਇ ਸ਼ੁਰੂ ਹੋਇਆ ਹੈ। ਇਸ ਸਮਝੌਤੇ ਨਾਲ ਅਕਾਲੀ-ਭਾਜਪਾ ਵਰਕਰਾਂ ਸਮੇਤ ਪੰਜਾਬ ਦੇ ਵੱਖ-ਵੱਖ ਵਰਗਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਸੁਰਜੀਤ ਕੋਹਲੀ ਮਲੇਵਾਲ ਨੇ ਪ੍ਰਗਟ ਕੀਤੇ।

ਕੋਹਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਫੋਨ ਕਰਕੇ ਐਨ.ਡੀ.ਏ. ਦੀ ਸਾਂਝ ਮੁੜ ਕਾਇਮ ਹੋਣ ’ਤੇ ਖੁਸ਼ੀ ਪ੍ਰਗਟ ਕਰਨਾ ਅਕਾਲੀ ਦਲ ਪ੍ਰਤੀ ਸਨਮਾਨ ਨੂੰ ਦਰਸਾਉਂਦਾ ਹੈ। ਕੋਹਲੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਸਪੱਸ਼ਟ ਕਰਨਾ ਕਿ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਵਿੱਚ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਅਤੇ ਪੰਜਾਬ ਦਾ ਮੁੱਖ ਮੰਤਰੀ ਵੀ ਸ਼੍ਰੋਮਣੀ ਅਕਾਲੀ ਦਲ ਦਾ ਹੀ ਹੋਵੇਗਾ, ਬਹੁਤ ਅਹਿਮ ਗੱਲ ਹੈ।

ਸੁਰਜੀਤ ਕੋਹਲੀ ਨੇ ਕਿਹਾ ਕਿ ਉਹ ਸ੍ਰੀ ਅਮਿਤ ਸ਼ਾਹ ਦੇ ਇਸ ਬਿਆਨ ਦਾ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਾਰਟੀ ਹੈ, ਜਿਸ ਦੀਆਂ ਜੜ੍ਹਾਂ ਪੰਜਾਬ ਦੀ ਮਿੱਟੀ ਅਤੇ ਲੋਕਾਂ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਗੱਠਜੋੜ ਵਿੱਚ ਅਕਾਲੀ ਦਲ ਦੀ ਅਹਿਮ ਭੂਮਿਕਾ ਨੂੰ ਸਵੀਕਾਰ ਕਰਨਾ ਪੰਜਾਬ ਦੀਆਂ ਭਾਵਨਾਵਾਂ ਦਾ ਸਨਮਾਨ ਹੈ।

ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਨਿਤਿਨ ਨਵੀਨ ਅਤੇ ਸੁਖਬੀਰ ਸਿੰਘ ਬਾਦਲ ਵਿਚਕਾਰ ਹੋਈ ਗੱਲਬਾਤ ਅਤੇ ਤਾਲਮੇਲ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀਬਾੜੀ, ਵਪਾਰ, ਉਦਯੋਗ, ਨੌਜਵਾਨਾਂ ਦੇ ਰੁਜ਼ਗਾਰ ਅਤੇ ਪੰਜਾਬ ਦੀ ਆਰਥਿਕਤਾ ਨਾਲ ਜੁੜੇ ਮੁੱਦਿਆਂ ਲਈ ਸਾਂਝੇ ਯਤਨਾਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਆਰਥਿਕ ਚੁਣੌਤੀਆਂ ਵਿੱਚੋਂ ਬਾਹਰ ਕੱਢਣ ਲਈ ਠੋਸ ਨੀਤੀਆਂ ਅਤੇ ਮਜ਼ਬੂਤ ਸਿਆਸੀ ਤਾਲਮੇਲ ਜ਼ਰੂਰੀ ਹੈ। ਅਕਾਲੀ-ਭਾਜਪਾ ਸਾਂਝ ਰਾਹੀਂ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਲੈ ਕੇ ਨਵੇਂ ਯਤਨ ਕੀਤੇ ਜਾ ਸਕਦੇ ਹਨ।

ਅੰਤ ਵਿੱਚ ਸੁਰਜੀਤ ਕੋਹਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸਮਰਥਨ ਨਾਲ ਮੁੜ ਬਣੀ ਇਹ ਸਿਆਸੀ ਸਾਂਝ ਪੰਜਾਬ ਦੇ ਭਵਿੱਖ ਨਾਲ ਜੁੜੀ ਅਹਿਮ ਘਟਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਮਿਲ ਕੇ ਕੰਮ ਕਰਨਗੀਆਂ।