ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਨਵੰਬਰ (ਪੈਗਾਮ-ਏ-ਜਗਤ):- ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 2 ਅਤੇ 3 ਦਸੰਬਰ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪਹੁੰਚਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਵੱਲੋਂ ਜ਼ਿਲ੍ਹੇ ਵਿੱਚ ਮੀਟ ਅਤੇ ਅੰਡਿਆਂ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸਮੁੱਚੀ ਸੰਗਤ ਲਈ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਜ਼ਿਲ੍ਹੇ ਵਿੱਚ ਪਹੁੰਚਣ ਵਾਲੀ ਸ਼ੋਭਾ ਯਾਤਰਾ ਦੌਰਾਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਅਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣਾ ਪ੍ਰਸ਼ਾਸਨ ਦੀ ਤਰਜੀਹ ਹੈ।
ਇਸ ਲਈ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਹੁਕਮ ਜਾਰੀ ਕੀਤਾ ਗਿਆ ਹੈ ਕਿ ਇਨ੍ਹਾਂ ਦਿਨਾਂ ਦੌਰਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਥਿਤ ਮੀਟ ਅਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸ ਬੰਦ ਰਹਿਣਗੇ। ਇਨ੍ਹਾਂ ਦਿਨਾਂ ਦੌਰਾਨ ਹੋਟਲਾਂ, ਢਾਬਿਆਂ ਅਤੇ ਅਹਾਤਿਆਂ ਵਿੱਚ ਵੀ ਮੀਟ ਅਤੇ ਆਂਡੇ ਬਣਾਉਣ ਅਤੇ ਪਰੋਸਣ ’ਤੇ ਪਾਬੰਦੀ ਲਗਾਈ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ; ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ. ਨਗਰ; ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ; ਸਮੂਹ ਬੀ.ਡੀ.ਪੀ.ਓ. ਅਤੇ ਡਿਪਟੀ ਡਾਇਰੈਕਟਰ, ਪਸ਼ੂ-ਪਾਲਣ ਇਸ ਹੁਕਮ ਦੀ ਪਾਲਣਾ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਸਬੰਧਤ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।
