ਖਰੜ/ਦਵਿੰਦਰ ਕੌਰ:- ਮੈਕਸਿਮ ਮੈਰੀ ਸਕੂਲ, ਖਰੜ ਵੱਲੋਂ ਆਪਣੀ ਸਥਾਪਨਾ ਦੇ 25 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ‘ਸ੍ਰਿਸ਼ਟੀ ਸੇ ਉਤਸਵ’ ਥੀਮ ਤਹਿਤ ਸਿਲਵਰ ਜੁਬਲੀ ਸਮਾਗਮ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਾਊਥ ਕੈਂਪਸ, ਸੈਕਟਰ-25 ਸਥਿਤ ਕਨਵੈਨਸ਼ਨ ਹਾਲ ਵਿਖੇ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਖਰੜ ਦੇ ਇੰਚਾਰਜ ਸ. ਪਰਮਿੰਦਰ ਸਿੰਘ ਗੋਲਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ, ਨਾਚ ਅਤੇ ਰਚਨਾਤਮਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਬੱਚਿਆਂ ਨੇ ਪੂਰੇ ਆਤਮ-ਵਿਸ਼ਵਾਸ, ਜੋਸ਼ ਅਤੇ ਬਿਹਤਰੀਨ ਅੰਦਾਜ਼ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਬੱਚਿਆਂ ਦੀ ਮਿਹਨਤ ਅਤੇ ਸਕੂਲ ਵੱਲੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਦੀ ਸ਼ਾਨਦਾਰ ਝਲਕ ਦੇਖਣ ਨੂੰ ਮਿਲੀ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ, ਵਿਦਿਆਰਥੀਆਂ ਅਤੇ ਹੋਰ ਮਹਿਮਾਨਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸਕੂਲ ਦੇ ਡਾਇਰੈਕਟਰ ਸ੍ਰੀ ਹਿਮੇਂਦਰ ਕੌਸ਼ਿਕ, ਫਾਊਂਡਰ ਅਤੇ ਚੇਅਰਮੈਨ ਸ੍ਰੀ ਵੇਦ ਕੁਮਾਰ ਕੌਸ਼ਿਕ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਜਾ ਖੋਸਲਾ ਸਮੇਤ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਸ. ਪਰਮਿੰਦਰ ਸਿੰਘ ਗੋਲਡੀ ਦਾ ਸਵਾਗਤ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਕੂਲ ਦੀ 25ਵੀਂ ਵਰ੍ਹੇਗੰਢ ਦੇ ਇਸ ਵਿਸ਼ੇਸ਼ ਮੌਕੇ ’ਤੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸ. ਪਰਮਿੰਦਰ ਸਿੰਘ ਗੋਲਡੀ ਨੇ ਸਕੂਲ ਪ੍ਰਬੰਧਕਾਂ ਨੂੰ ਸਿਲਵਰ ਜੁਬਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਨੀਂਹ ਹੁੰਦੀ ਹੈ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣਾ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

ਅੰਤ ਵਿੱਚ ਉਨ੍ਹਾਂ ਸਕੂਲ ਦੇ 25 ਸਾਲਾਂ ਦੇ ਸਫ਼ਲ ਸਫ਼ਰ ਲਈ ਫਾਊਂਡਰ ਅਤੇ ਚੇਅਰਮੈਨ ਸ੍ਰੀ ਵੇਦ ਕੁਮਾਰ ਕੌਸ਼ਿਕ, ਡਾਇਰੈਕਟਰ ਸ੍ਰੀ ਹਿਮੇਂਦਰ ਕੌਸ਼ਿਕ, ਪ੍ਰਿੰਸੀਪਲ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।