ਪਟਿਆਲਾ (ਮਨਪ੍ਰੀਤ ਸਿੰਘ):- ਸਥਾਨਕ ਪੁਰਾਣੇ ਬੱਸ ਸਟੈਂਡ ਨੇੜੇ ਡਾ. ਅੰਬੇਡਕਰ ਪਾਰਕ ਵਿਖੇ ਅਧਿਕਾਰ ਸੰਘਰਸ਼ ਪਾਰਟੀ ਦੇ ਘਨੌਰ ਹਲਕਾ ਇੰਚਾਰਜ ਸਲਿੰਦਰਪਾਲ ਸਿੰਘ ਸੋਨੇ ਮਾਜਰਾ, ਸਵਰਨ ਸਿੰਘ ਸਿਰਸਵਾਲ ਜ਼ਿਲ੍ਹਾ ਦਿਹਾਤੀ ਪ੍ਰਧਾਨ, ਨੈਬ ਸਿੰਘ, ਗੁਰਧਿਆਨ ਸਿੰਘ ਆਦਿ ਆਗੂਆਂ ਵੱਲੋਂ ਸੰਵਿਧਾਨ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਦੀ ਪ੍ਰਤੀਮਾ 'ਤੇ ਫੁੱਲਾਂ ਦੇ ਹਾਰ ਪਾ ਕੇ ਸੰਵਿਧਾਨ ਨਿਰਮਾਤਾ ਨੂੰ ਨਮਨ ਕੀਤਾ ਗਿਆ।
ਇਸ ਮੌਕੇ ਘਨੌਰ ਹਲਕਾ ਇੰਚਾਰਜ ਸਲਿੰਦਰਪਾਲ ਸਿੰਘ ਸੋਨੇ ਮਾਜਰਾ ਅਤੇ ਸਵਰਨ ਸਿੰਘ ਸਿਰਸਵਾਲ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਸਿਰਫ਼ ਇੱਕ ਕਾਨੂੰਨਦਾਨ ਹੀ ਨਹੀਂ, ਸਗੋਂ ਸਮਾਜਿਕ ਬਰਾਬਰੀ, ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਸੱਚੇ ਰਹਿਬਰ ਸਨ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਭਾਰਤੀ ਸੰਵਿਧਾਨ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰੀ, ਆਜ਼ਾਦੀ ਅਤੇ ਭਾਈਚਾਰੇ ਦੀ ਗਾਰੰਟੀ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸੰਵਿਧਾਨ ਦਿਵਸ ਮਨਾ ਰਹੇ ਹਾਂ, ਤਾਂ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਨ੍ਹਾਂ ਵੱਲੋਂ ਦਿੱਤੇ ਗਏ ਸੰਵਿਧਾਨਕ ਮੁੱਲਾਂ ਦੀ ਰਾਖੀ ਕਰੀਏ।
ਪਾਰਟੀ ਆਗੂਆਂ ਨੇ ਦੇਸ਼ ਅਤੇ ਸੂਬੇ ਦੇ ਲੋਕਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ, ‘ਆਓ, ਅਸੀਂ ਸਾਰੇ ਬਾਬਾ ਸਾਹਿਬ ਦੇ ਦਿਖਾਏ ਮਾਰਗ 'ਤੇ ਚੱਲੀਏ, ਜੋ ਕਿ ਸਿੱਖਿਆ, ਸੰਘਰਸ਼ ਅਤੇ ਏਕਤਾ 'ਤੇ ਆਧਾਰਿਤ ਹੈ।’
ਉਨ੍ਹਾਂ ਜ਼ੋਰ ਦਿੱਤਾ ਕਿ ਸਮਾਜ ਵਿੱਚੋਂ ਵਿਤਕਰੇ ਨੂੰ ਖ਼ਤਮ ਕਰਕੇ ਇੱਕ ਮਜ਼ਬੂਤ ਅਤੇ ਸਮਾਵੇਸ਼ੀ ਸਮਾਜ ਦੀ ਸਿਰਜਣਾ ਲਈ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਪਾਰਟੀ ਆਗੂਆਂ ਵੱਲੋਂ ਇਹ ਪ੍ਰਣ ਲਿਆ ਗਿਆ ਕਿ ਉਹ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਅਤੇ ਸਮਾਜ ਦੇ ਹਰੇਕ ਨਾਗਰਿਕ ਦੇ ਹੱਕਾਂ ਦੀ ਰਾਖੀ ਲਈ ਨਿਰੰਤਰ ਸੰਘਰਸ਼ ਕਰਦੇ ਰਹਿਣਗੇ।
