ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦੇ ਆਧਾਰ ’ਤੇ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵੱਲੋਂ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ (ਐਸ.ਐਮ.ਓਜ਼) ਨੂੰ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸੇਵਾਵਾਂ ਪ੍ਰਾਪਤ ਕਰਨ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਸਨਮਾਨਜਨਕ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸੇਵਾਵਾਂ ਵਿੱਚ ਪਹਿਲ ਦੇਣ ਦਾ ਅਧਿਕਾਰ ਰਾਈਟਸ ਆਫ਼ ਪਰਸਨਜ਼ ਵਿਦ ਡਿਸਏਬਿਲਿਟੀਜ਼ ਐਕਟ, 2016 ਦੀ ਧਾਰਾ 25(1)(c) ਅਧੀਨ ਪ੍ਰਦਾਨ ਕੀਤਾ ਗਿਆ ਹੈ। ਇਸ ਕਾਨੂੰਨ ਅਨੁਸਾਰ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਉਪਰਾਲੇ ਕੀਤੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਰਜਿਸਟ੍ਰੇਸ਼ਨ ਕਾਊਂਟਰ, ਓ.ਪੀ.ਡੀ., ਡਾਕਟਰਾਂ ਦੀ ਸਲਾਹ, ਲੈਬਾਰਟਰੀ ਜਾਂਚ, ਡਾਇਗਨੌਸਟਿਕ ਸੇਵਾਵਾਂ, ਫਾਰਮੇਸੀ ਅਤੇ ਹੋਰ ਸਿਹਤ ਸੇਵਾਵਾਂ ਵਿੱਚ ਪਹਿਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸਹੂਲਤ ਲਈ ਪਹਿਲ ਦੇ ਆਧਾਰ ’ਤੇ ਸੇਵਾ ਪ੍ਰਦਾਨ ਕਰਨ ਵਾਲੇ ਕਾਊਂਟਰਾਂ, ਫਾਸਟ ਟਰੈਕ ਸਹੂਲਤਾਂ ਅਤੇ ਵੱਖਰੇ ਟੋਕਨ ਵਰਗੇ ਪ੍ਰਬੰਧਾਂ ਰਾਹੀਂ ਸਿਹਤ ਸੇਵਾਵਾਂ ਨੂੰ ਹੋਰ ਸੁਖਾਲਾ ਬਣਾਇਆ ਜਾ ਰਿਹਾ ਹੈ।
ਡਾ. ਮਨਦੀਪ ਕਮਲ ਨੇ ਦੱਸਿਆ ਕਿ ਸਿਹਤ ਸੰਸਥਾਵਾਂ ਦੇ ਡਾਕਟਰਾਂ, ਨਰਸਾਂ, ਰਿਸੈਪਸ਼ਨ ਸਟਾਫ਼, ਫਾਰਮਾਸਿਸਟ, ਲੈਬਾਰਟਰੀ ਕਰਮਚਾਰੀਆਂ ਅਤੇ ਹੋਰ ਸਬੰਧਤ ਸਟਾਫ਼ ਨੂੰ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਨੂੰ ਪਹਿਲ ਦੇਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਸਮੱਗਰੀ ਅਤੇ ਜਾਣਕਾਰੀ ਵਾਲੇ ਬੋਰਡ ਲਗਾ ਕੇ ਲੋਕਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸੇਵਾਵਾਂ ਵਿੱਚ ਪਹਿਲ ਦੇਣਾ ਕੇਵਲ ਇੱਕ ਸਹੂਲਤ ਨਹੀਂ, ਸਗੋਂ ਉਨ੍ਹਾਂ ਦਾ ਕਾਨੂੰਨੀ ਅਧਿਕਾਰ ਹੈ। ਸਿਹਤ ਵਿਭਾਗ ਵੱਲੋਂ ਇਸ ਅਧਿਕਾਰ ਦੀ ਪ੍ਰਭਾਵਸ਼ਾਲੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਿਹਤ ਸੰਸਥਾਵਾਂ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਅਤੇ ਨਿਗਰਾਨੀ ਵੀ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਸਿਹਤ ਸੰਸਥਾਵਾਂ ਵਿੱਚ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਸੇਵਾਵਾਂ ਪ੍ਰਾਪਤ ਕਰਨ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਉਨ੍ਹਾਂ ਦੀ ਸਹੂਲਤ, ਸਨਮਾਨ ਅਤੇ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।
ਡਾ. ਮਨਦੀਪ ਕਮਲ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਦਿਵਿਆਂਗ ਵਿਅਕਤੀਆਂ ਲਈ ਸਿਹਤ ਸੇਵਾਵਾਂ ਨੂੰ ਹੋਰ ਸੁਖਾਲਾ, ਪਹੁੰਚਯੋਗ ਅਤੇ ਸਨਮਾਨਜਨਕ ਬਣਾਉਣਾ ਹੈ, ਤਾਂ ਜੋ ਉਹ ਬਿਨਾਂ ਕਿਸੇ ਭੇਦਭਾਵ ਦੇ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਸਕਣ।
