ਅੰਬਾਲਾ, 27 ਨਵੰਬਰ (ਆਰ. ਸਿੰਘ):- ਹਰਿਆਣਾ ਰਾਜ ਬਾਲ ਭਲਾਈ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਬਾਲ ਭਵਨ, ਪੰਚਾਇਤ ਭਵਨ, ਕੁਰੂਕਸ਼ੇਤਰ ਵਿਖੇ ਕਰਵਾਏ ਗਏ ਡਵੀਜ਼ਨਲ ਪੱਧਰੀ ਬਾਲ ਮੁਕਾਬਲੇ 2026 ਵਿੱਚ ਪੁਲੀਸ ਡੀਏਵੀ ਪਬਲਿਕ ਸਕੂਲ ਅੰਬਾਲਾ ਸ਼ਹਿਰ ਦੇ ਵਿਦਿਆਰਥੀਆਂ ਦੀ ਝੰਡੀ ਰਹੀ। ਇਸ ਮੁਕਾਬਲੇ ਵਿੱਚ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ ਅਤੇ ਯਮੁਨਾਨਗਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੁਕਾਬਲੇ ਵਿੱਚ ਪੁਲੀਸ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੇ ਸਮੂਹ ਡਾਂਸ ਮੁਕਾਬਲੇ ਵਿੱਚ ਪਹਿਲਾ ਸਥਾਨ, ਦੂਜੇ ਮੁਕਾਬਲੇ ਵਿੱਚ ਦੂਜਾ ਸਥਾਨ, ਚੌਥੇ ਸਮੂਹ ਡਾਂਸ ਮੁਕਾਬਲੇ ਵਿੱਚ ਦੂਜਾ ਸਥਾਨ ਅਤੇ ਦੇਸ਼ ਭਗਤੀ ਦੇ ਕੋਰਸ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਸਬੂਤ ਦਿੱਤਾ।

ਸਕੂਲ ਦੇ ਪ੍ਰਿੰਸੀਪਲ ਡਾ. ਵਿਕਾਸ ਕੋਹਲੀ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਰਚਨਾਤਮਕਤਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।