ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਅੱਜਕੱਲ੍ਹ ਸਰਦੀਆਂ ਦੇ ਮੌਸਮ ਵਿੱਚ ਜਦੋਂ ਘਰੇਲੂ ਰੋਜ਼ਾਨਾ ਦੇ ਬਹੁਤ ਸਾਰੇ ਕੰਮ ਬਿਜਲੀ ਦੇ ਉਪਕਰਨਾਂ ਦੀ ਸਹਾਇਤਾ ਤੋਂ ਬਿਨਾਂ ਨਹੀਂ ਚੱਲ ਸਕਦੇ, ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਲੰਬੇ-ਲੰਬੇ ਬਿਜਲੀ ਕੱਟ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਵਧਾਈਆਂ ਜਾ ਰਹੀਆਂ ਹਨ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਤੀਕਸ਼ਣ ਸੂਦ ਨੇ ਲੰਬੇ ਬਿਜਲੀ ਕੱਟਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦਾ ਉਤਪਾਦਨ ਮੰਗ ਦੇ ਅੱਧੇ ਤੋਂ ਵੀ ਘੱਟ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੰਜ ਥਰਮਲ ਪਲਾਂਟਾਂ ਦੀ ਬਿਜਲੀ ਉਤਪਾਦਨ ਸਮਰੱਥਾ 5,660 ਮੈਗਾਵਾਟ ਹੈ, ਜਦਕਿ ਇਸ ਦੇ ਉਲਟ ਸਿਰਫ਼ 2,471 ਮੈਗਾਵਾਟ ਬਿਜਲੀ ਦਾ ਉਤਪਾਦਨ ਹੀ ਹੋ ਰਿਹਾ ਹੈ। ਸਾਰੇ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਦੀ 3,109 ਮੈਗਾਵਾਟ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਕੋਲ ਕੋਈ ਬਦਲ ਨਜ਼ਰ ਨਹੀਂ ਆ ਰਿਹਾ। ਸਰਦੀਆਂ ਕਾਰਨ ਬਿਜਲੀ ਦੀ ਮੰਗ ਵਧ ਕੇ ਲਗਭਗ 8,000 ਮੈਗਾਵਾਟ ਤੱਕ ਪਹੁੰਚ ਗਈ ਹੈ, ਜਦਕਿ ਸਾਰੇ ਸਰੋਤਾਂ ਤੋਂ ਸਿਰਫ਼ 2,927 ਮੈਗਾਵਾਟ ਬਿਜਲੀ ਹੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਬਿਜਲੀ ਉਤਪਾਦਨ ਵਧਾਉਣ ਦੇ ਮਾਮਲੇ ਵਿੱਚ ਬਿਲਕੁਲ ਗੰਭੀਰ ਦਿਖਾਈ ਨਹੀਂ ਦੇ ਰਹੀ। ਥਰਮਲ ਪਲਾਂਟਾਂ ਦੇ 15 ਯੂਨਿਟਾਂ ਵਿੱਚੋਂ 6 ਬੰਦ ਪਏ ਹਨ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ ਪ੍ਰਬੰਧਨ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ ਹੈ। ਬਿਜਲੀ ਬੋਰਡ ਦੀ ਹਜ਼ਾਰਾਂ ਕਰੋੜ ਰੁਪਏ ਦੀ ਸਬਸਿਡੀ ਅਦਾ ਨਾ ਕਰਨ ਕਾਰਨ ਬਿਜਲੀ ਬੋਰਡ ਲੜਖੜਾਉਣ ਲੱਗ ਪਿਆ ਹੈ ਅਤੇ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਨਾਲ ਨਹੀਂ ਚੱਲ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੀਆਂ ਗਈਆਂ ਜ਼ਿਆਦਤੀਆਂ ਦਾ ਹਿਸਾਬ ਆਉਣ ਵਾਲੀਆਂ ਚੋਣਾਂ ਵਿੱਚ ਜ਼ਰੂਰ ਲਵੇਗੀ।