ਮੰਡੀ ਗੋਬਿੰਦਗੜ੍ਹ, 27 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੀ ਨਰਸਿੰਗ ਫੈਕਲਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਵਾਤਾਵਰਣ ਦੀ ਸੰਭਾਲ, ਦਇਆ, ਬਰਾਬਰੀ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਸਬੰਧੀ ਉਨ੍ਹਾਂ ਦੀਆਂ ਸਦੀਵੀ ਸਿੱਖਿਆਵਾਂ ਨੂੰ ਉਜਾਗਰ ਕੀਤਾ ਗਿਆ। “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ: ਅਧਿਆਤਮਿਕ ਗਿਆਨ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ, ਹਮਦਰਦੀ ਭਰੀ ਨਰਸਿੰਗ ਸੇਵਾ ਅਤੇ ਨਿਸ਼ਕਾਮ ਸੇਵਾ ਨਾਲ ਜੋੜਨਾ” ਵਿਸ਼ੇ ਅਧੀਨ ਕਰਵਾਏ ਗਏ ਇਸ ਸਮਾਗਮ ਦਾ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਿਕ ਵਿਚਾਰਧਾਰਾ ਨੂੰ ਵਾਤਾਵਰਣ ਪ੍ਰਤੀ ਜਾਗਰੂਕਤਾ ਅਤੇ ਨਰਸਿੰਗ ਕਿੱਤੇ ਦੇ ਬੁਨਿਆਦੀ ਮਾਨਵੀ ਕਦਰਾਂ-ਕੀਮਤਾਂ ਨਾਲ ਜੋੜਨਾ ਸੀ। ਸਮਾਗਮ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਅਤੇ ਉਪ-ਕੁਲਪਤੀ ਪ੍ਰੋ. (ਡਾ.) ਹਰਸ਼ ਸਦਾਵਰਤੀ ਦੇ ਮਾਰਗਦਰਸ਼ਨ ਹੇਠ ਕਰਵਾਇਆ ਗਿਆ। ਨਰਸਿੰਗ ਫੈਕਲਟੀ ਦੀ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਨੇ ਸਮਾਗਮ ਦੇ ਆਯੋਜਨ ਲਈ ਮਾਰਗਦਰਸ਼ਨ ਦਿੱਤਾ, ਜਦਕਿ ਨਰਸਿੰਗ ਫੈਕਲਟੀ ਦੇ ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ ਨੇ ਇਸ ਕਾਰਜ ਵਿੱਚ ਸਹਿਯੋਗ ਦਿੱਤਾ।

ਇਸ ਮੌਕੇ ਨਰਸਿੰਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਣ ਪੱਖੀ ਜੀਵਨ-ਜਾਚ ਅਪਣਾਉਣ, ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਅਤੇ ਸਾਫ਼-ਸੁਥਰਾ ਤੇ ਹਰਿਆ-ਭਰਿਆ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਪੇਸ਼ੇਵਰ ਫਰਜ਼ਾਂ ਵਿੱਚ ਅਪਣਾਉਂਦਿਆਂ ਮਰੀਜ਼ਾਂ ਦੀ ਹਮਦਰਦੀ ਅਤੇ ਪਿਆਰ ਨਾਲ ਦੇਖਭਾਲ ਕਰਨ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਰਹਿਣ। ਇਸ ਮੌਕੇ ਸਫ਼ਾਈ, ਬੂਟੇ ਲਗਾਉਣ, ਵਾਤਾਵਰਣ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਦੇ ਮਹੱਤਵ ਨੂੰ ਵੀ ਉਭਾਰਿਆ ਗਿਆ।