ਬਲਾਚੌਰ, 28 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁੱਜਰ ਰੈਲਮਾਜਰਾ ਨੇ ਕਿਹਾ ਹੈ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਉਣ ਲਈ ਅਕਾਲੀ-ਭਾਜਪਾ ਗਠਜੋੜ ਦੀ ਡਬਲ ਇੰਜਣ ਵਾਲੀ ਸਰਕਾਰ ਬਣਨੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਦੇ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਲੋਕ ਹੁਣ ਖੁਦ 2027 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ।

ਗੁੱਜਰ ਰੈਲਮਾਜਰਾ ਨੇ ਕਿਹਾ ਕਿ ਜਦੋਂ-ਜਦੋਂ ਵੀ ਪੰਜਾਬ ਵਿੱਚ ਅਕਾਲੀ-ਭਾਜਪਾ ਦੀ ਸਰਕਾਰ ਬਣੀ ਹੈ, ਤਦੋਂ-ਤਦੋਂ ਪੰਜਾਬ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸੜਕਾਂ, ਪੁਲਾਂ, ਮੰਡੀਆਂ, ਸਕੂਲਾਂ, ਹਸਪਤਾਲਾਂ ਅਤੇ ਪਿੰਡਾਂ ਦੇ ਵਿਕਾਸ ਲਈ ਉਸ ਸਮੇਂ ਜੋ ਕੰਮ ਹੋਏ, ਉਨ੍ਹਾਂ ਦੀ ਮਿਸਾਲ ਅੱਜ ਵੀ ਦਿੱਤੀ ਜਾਂਦੀ ਹੈ। ਮੌਜੂਦਾ ਸਰਕਾਰ ਦੇ ਰਾਜ ਵਿੱਚ ਵਿਕਾਸ ਠੱਪ ਹੋ ਗਿਆ ਹੈ, ਪਰ ਗਠਜੋੜ ਦੀ ਸਰਕਾਰ ਆਉਣ ਨਾਲ ਫਿਰ ਤੋਂ ਵਿਕਾਸ ਦੀ ਰਫ਼ਤਾਰ ਤੇਜ਼ ਹੋਵੇਗੀ।

ਉਨ੍ਹਾਂ ਕੇਂਦਰ ਸਰਕਾਰ ਵੱਲੋਂ ਨੰਗਲ ਸਥਿਤ ਐਨ.ਐਫ.ਐਲ. ਦੇ ਬੰਦ ਪਏ ਪਲਾਂਟ ਨੂੰ ਮੁੜ ਚਲਾਉਣ ਦੇ ਫੈਸਲੇ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਹਜ਼ਾਰ ਕਰੋੜ ਰੁਪਏ ਦੇ ਇਸ ਪਲਾਂਟ ਨੂੰ ਮੁੜ ਚਾਲੂ ਕਰਵਾ ਕੇ ਬਹੁਤ ਵੱਡਾ ਕੰਮ ਕੀਤਾ ਹੈ। ਇਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਲਾਕੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਇਹੀ ਡਬਲ ਇੰਜਣ ਦੀ ਸਰਕਾਰ ਦਾ ਫਾਇਦਾ ਹੈ ਕਿ ਕੇਂਦਰ ਅਤੇ ਸੂਬੇ ਵਿੱਚ ਇੱਕੋ ਸੋਚ ਵਾਲੀ ਸਰਕਾਰ ਹੋਵੇ ਤਾਂ ਵੱਡੇ ਫੈਸਲੇ ਜਲਦੀ ਹੁੰਦੇ ਹਨ।

ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਲੋਕ ਹੁਣ ਝੂਠੇ ਵਾਅਦਿਆਂ ਅਤੇ ਗਾਰੰਟੀਆਂ ਤੋਂ ਅੱਕ ਚੁੱਕੇ ਹਨ। ਲੋਕਾਂ ਨੂੰ ਹੁਣ ਅਜਿਹੀ ਸਰਕਾਰ ਚਾਹੀਦੀ ਹੈ ਜੋ ਕਹੇ ਘੱਟ ਅਤੇ ਕਰੇ ਵੱਧ। ਅਕਾਲੀ-ਭਾਜਪਾ ਗਠਜੋੜ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਹਰ ਵਰਗ ਦਾ ਭਲਾ ਹੀ ਪਹਿਲ ਹੋਵੇਗੀ।

ਅੰਤ ਵਿੱਚ ਗੁੱਜਰ ਰੈਲਮਾਜਰਾ ਨੇ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣੇਗੀ ਅਤੇ ਪੰਜਾਬ ਫਿਰ ਤੋਂ ਖੁਸ਼ਹਾਲੀ ਅਤੇ ਤਰੱਕੀ ਵੱਲ ਵਧੇਗਾ।