ਖਰੜ, 25 ਨਵੰਬਰ (ਦਵਿੰਦਰ ਕੌਰ):- ਜਨਗਣਨਾ 2027 ਦੀ ਸਫਲਤਾ ਯਕੀਨੀ ਬਣਾਉਣ ਲਈ ਖਰੜ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਐੱਸ. ਪਰਮਿੰਦਰ ਸਿੰਘ ਗੋਲਡੀ ਨੇ ਖਰੜ ਸ਼ਹਿਰ ਦੇ ਸਾਰੇ ਵਸਨੀਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਇਸ ਮਹੱਤਵਪੂਰਨ ਕੌਮੀ ਕਾਰਜ ਵਿੱਚ ਪ੍ਰਸ਼ਾਸਨਿਕ ਟੀਮ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ ਵਸਨੀਕਾਂ ਨੂੰ 16 ਨਵੰਬਰ ਤੋਂ 30 ਨਵੰਬਰ, 2026 ਤੱਕ ਆਪਣੇ ਘਰਾਂ ਵਿੱਚ ਬੈਠ ਕੇ ਆਨਲਾਈਨ 'ਸਵੈ-ਗਣਨਾ' (ਸੈਲਫ-ਐਨਿਊਮਰੇਸ਼ਨ) ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਬਾਅਦ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਜਨਗਣਨਾ ਸਬੰਧੀ ਜਾਣਕਾਰੀ ਇਕੱਠੀ ਕਰਨਗੇ। ਉਨ੍ਹਾਂ ਖਰੜ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦੂਜੇ ਪੜਾਅ ਦੌਰਾਨ ਉਨ੍ਹਾਂ ਦੇ ਘਰਾਂ ਵਿੱਚ ਆਉਣ ਵਾਲੇ ਗਣਨਾਕਾਰਾਂ ਅਤੇ ਅਧਿਕਾਰੀਆਂ ਨੂੰ ਸਹੀ ਅਤੇ ਪੂਰੀ ਜਾਣਕਾਰੀ ਦੇ ਕੇ ਪੂਰਾ ਸਹਿਯੋਗ ਦੇਣ।
ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਗੋਲਡੀ ਨੇ ਕਿਹਾ ਕਿ ਲੋਕ ਸਰਕਾਰ ਦੀ ਅਧਿਕਾਰਤ ਵੈੱਬਸਾਈਟ https://se.census.gov.in/ ’ਤੇ ਜਾ ਕੇ ਘਰ ਬੈਠਿਆਂ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਇਸ ਸਹੂਲਤ ਦਾ ਲਾਭ ਉਠਾ ਕੇ ਲੋਕ ਆਪਣੇ ਘਰਾਂ ਅਤੇ ਪਰਿਵਾਰਾਂ ਦਾ ਵੇਰਵਾ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਫਾਰਮ ਸਫਲਤਾਪੂਰਵਕ ਜਮ੍ਹਾਂ ਹੋਣ ਤੋਂ ਬਾਅਦ ਜਾਰੀ ਹੋਣ ਵਾਲੀ 'ਸੈਲਫ-ਐਨਿਊਮਰੇਸ਼ਨ ਆਈ.ਡੀ.' (ਐੱਸ.ਈ. ਆਈ.ਡੀ.) ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ। ਇਹ ਐੱਸ.ਈ. ਆਈ.ਡੀ. 1 ਦਸੰਬਰ ਤੋਂ ਘਰਾਂ ਵਿੱਚ ਆਉਣ ਵਾਲੇ ਗਣਨਾਕਾਰਾਂ ਨੂੰ ਦਿਖਾਉਣੀ ਪਵੇਗੀ।
ਗੋਲਡੀ ਨੇ ਕਿਹਾ ਕਿ ਸਾਲ 2011 ਤੋਂ ਬਾਅਦ ਕਰਵਾਈ ਜਾ ਰਹੀ ਇਹ ਜਨਗਣਨਾ ਦੇਸ਼ ਲਈ ਬੇਹੱਦ ਮਹੱਤਵਪੂਰਨ ਹੈ। ਜਨਗਣਨਾ ਰਾਹੀਂ ਇਕੱਠੇ ਕੀਤੇ ਗਏ ਅੰਕੜੇ ਭਵਿੱਖ ਦੀਆਂ ਸਰਕਾਰੀ ਯੋਜਨਾਵਾਂ, ਲੋਕ ਭਲਾਈ ਦੀਆਂ ਪਹਿਲਕਦਮੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਹਰ ਨਾਗਰਿਕ ਨੂੰ ਜਨਗਣਨਾ 2027 ਦੀ ਸਫਲਤਾ ਵਿੱਚ ਯੋਗਦਾਨ ਪਾਉਣਾ ਆਪਣਾ ਫਰਜ਼ ਸਮਝਣਾ ਚਾਹੀਦਾ ਹੈ।
ਜਨਗਣਨਾ ਦੀ ਪ੍ਰਕਿਰਿਆ ਵਿੱਚ ਲੱਗੇ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਖਰੜ ਵਾਸੀਆਂ ਨੂੰ ਇਸ ਉਪਰਾਲੇ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
