ਚੰਡੀਗੜ੍ਹ (ਬਹਾਦਰ ਸਿੰਘ ਗੋਸਲ):- ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਅੱਜ ਸੈਣੀ ਭਵਨ, ਸੈਕਟਰ-24, ਚੰਡੀਗੜ੍ਹ ਵਿਖੇ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਲੰਮੇ ਸਮੇਂ ਤੋਂ ਸੇਵਾ ਮੁਕਤ ਅਧਿਆਪਕਾਂ ਨੂੰ ਪੈਨਸ਼ਨ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਗਈ ਕਿ ਅੱਜ ਦੀ ਮੀਟਿੰਗ ਵਿੱਚ ਸੀਨੀਅਰ ਸੇਵਾ ਮੁਕਤ ਅਧਿਆਪਕਾਂ ਨੇ ਭਾਗ ਲਿਆ ਅਤੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਚਰਚਾ ਵਿੱਚ ਭਾਗ ਲੈਣ ਵਾਲਿਆਂ ਵਿੱਚ ਸਰਵਸ਼੍ਰੀ ਬ੍ਰਹਮਜੀਤ ਕਾਲੀਆ ਸਾਬਕਾ ਡੀ.ਈ.ਓ., ਡਾ. ਗੁਲਜ਼ਾਰ ਸਿੰਘ ਸਾਬਕਾ ਡਿਪਟੀ ਡਾਇਰੈਕਟਰ, ਸ੍ਰੀ ਕਿਸ਼ਨ ਕੁਮਾਰ ਤੇਜਪਾਲ ਸਾਬਕਾ ਗਾਈਡੈਂਸ ਕਾਊਂਸਲਰ ਅਫਸਰ, ਬਹਾਦਰ ਸਿੰਘ ਗੋਸਲ ਸਾਬਕਾ ਪ੍ਰੋਜੈਕਟ ਅਫਸਰ, ਸ੍ਰੀ ਸੁਮੇਸ਼ ਕੁਮਾਰ ਵਰਮਾ ਜਨਰਲ ਸਕੱਤਰ, ਸ੍ਰੀ ਗਿਆਨ ਚੰਦ, ਸਰਦਾਰ ਗੁਰਪਾਲ ਸਿੰਘ ਅਤੇ ਜੀਤ ਸਿੰਘ ਸੋਮਲ ਦੇ ਨਾਮ ਸ਼ਾਮਲ ਹਨ।

ਸਾਰੇ ਬੁਲਾਰਿਆਂ ਨੇ ਇਸ ਗੱਲ ’ਤੇ ਦੁੱਖ ਪ੍ਰਗਟ ਕੀਤਾ ਕਿ ਯੂ.ਟੀ. ਦੇ ਪੈਨਸ਼ਨਰਾਂ ਨੂੰ ਜੁਲਾਈ 2026 ਤੋਂ ਬਣਦਾ ਡੀ.ਏ. ਅਜੇ ਤੱਕ ਨਹੀਂ ਦਿੱਤਾ ਗਿਆ, ਜਦਕਿ ਇਸ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਹੈ। ਇਸੇ ਤਰ੍ਹਾਂ ਬਹੁਤ ਸਾਰੇ ਅਧਿਆਪਕਾਂ ਦੀਆਂ ਪੈਨਸ਼ਨਾਂ ਸਬੰਧੀ ਤਨਖਾਹਾਂ ਫਿਕਸ ਨਹੀਂ ਹੋਈਆਂ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਸਰਦਾਰ ਜੀਤ ਸਿੰਘ ਸੋਮਲ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਚੰਡੀਗੜ੍ਹ ਵਿੱਚ ਪੰਜਾਬ, ਹਰਿਆਣਾ ਅਤੇ ਯੂ.ਟੀ. ਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਛੱਡ ਕੇ ਹੋਰ ਬਾਹਰੀ ਰਾਜਾਂ ਤੋਂ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜੋ ਨਿਯਮਾਂ ਦੇ ਬਿਲਕੁਲ ਵਿਰੁੱਧ ਹੈ। ਸ੍ਰੀ ਕ੍ਰਿਸ਼ਨ ਕੁਮਾਰ ਜੀ ਨੇ ਮੌਕੇ ’ਤੇ ਹੀ ਪੈਨਸ਼ਨ ਸਬੰਧੀ ਬੇਨਿਯਮੀਆਂ ਨੂੰ ਹੱਲ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਉਣ ਦਾ ਸੁਝਾਅ ਦਿੱਤਾ। ਅੰਤ ਵਿੱਚ ਸੰਸਥਾ ਦੇ ਪ੍ਰਧਾਨ ਨੇ ਮੀਟਿੰਗ ਵਿੱਚ ਪਹੁੰਚੇ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਜਲਦੀ ਹੀ ਸੀਨੀਅਰ ਅਧਿਕਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਬਣਾਉਣ ਲਈ ਕਿਹਾ।