ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ) :- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵੱਲੋਂ ਹਰ ਸਾਲ ਨਵੰਬਰ ਮਹੀਨੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿੱਚ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ਿਵਾਨੀ ਅਗਨੀਹੋਤਰੀ ਨੇ ਕਿਹਾ ਕਿ ਗਰਾਊਂਡ ਸਿਰਫ਼ ਖੇਡਣ ਦੀ ਜਗ੍ਹਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ, ਸਹਿਯੋਗ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦਾ ਇੱਕ ਵਧੀਆ ਮਾਧਿਅਮ ਹੈ। ਇੱਥੇ ਵਿਦਿਆਰਥੀ ਖੇਡਾਂ ਰਾਹੀਂ ਸਰੀਰਕ ਤੌਰ ’ਤੇ ਤੰਦਰੁਸਤ ਰਹਿਣ ਦੇ ਨਾਲ-ਨਾਲ ਜਿੱਤ ਅਤੇ ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨਾ ਵੀ ਸਿੱਖਦੇ ਹਨ।
ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਇਸ ਗਰਾਊਂਡ ਦੀ ਸੁੰਦਰਤਾ, ਖੁੱਲ੍ਹਾ ਵਾਤਾਵਰਣ ਅਤੇ ਖੇਡਾਂ ਲਈ ਉਪਲਬਧ ਸਹੂਲਤਾਂ ਬਹੁਤ ਹੀ ਸ਼ਲਾਘਾਯੋਗ ਹਨ। ਇਹ ਸਾਡੇ ਸਕੂਲ ਦੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਭਵਿੱਖ ਵਿੱਚ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਲਈ ਪ੍ਰੇਰਿਤ ਕਰਦਾ ਹੈ।
ਉਨ੍ਹਾਂ ਇਸ ਗਰਾਊਂਡ ਦੀ ਦੇਖਭਾਲ ਕਰਨ ਵਾਲੇ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਅਤੇ ਸਬੰਧਤ ਕਲੱਬ ਦੇ ਮੈਂਬਰਾਂ ਤੇ ਪ੍ਰਬੰਧਕਾਂ ਦੀ ਦਿਲੋਂ ਪ੍ਰਸ਼ੰਸਾ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗਰਾਊਂਡ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰ ਨੂੰ ਤੰਦਰੁਸਤ ਨਹੀਂ ਬਣਾਉਂਦੀਆਂ, ਸਗੋਂ ਚੰਗੇ ਚਰਿੱਤਰ ਅਤੇ ਮਜ਼ਬੂਤ ਸ਼ਖ਼ਸੀਅਤ ਦਾ ਨਿਰਮਾਣ ਵੀ ਕਰਦੀਆਂ ਹਨ। ਆਓ, ਅਸੀਂ ਸਾਰੇ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਈਏ।
