ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ (ਪੈਗਾਮ-ਏ-ਜਗਤ) :- ਡਿਪਟੀ ਕਮਿਸ਼ਨਰ-ਕਮ-ਪ੍ਰਮੁੱਖ ਜਨਗਣਨਾ ਅਧਿਕਾਰੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਜਨਗਣਨਾ-2027 ਦੇ ਮੱਦੇਨਜ਼ਰ ਸਵੈ-ਗਣਨਾ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਵੈ-ਗਣਨਾ ਫਾਰਮ ਭਰੇ ਜਾ ਰਹੇ ਹਨ। ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸੇ ਲੜੀ ਤਹਿਤ ਮੋਹਾਲੀ ਦੇ ਫੇਜ਼ 3ਏ ਵਿਖੇ ਰਹਿੰਦੇ ਗਾਇਕ ਹਰਦੀਪ ਗਿੱਲ ਨੇ ਆਪਣੇ ਪਰਿਵਾਰ ਸਮੇਤ ਸਵੈ-ਗਣਨਾ ਫਾਰਮ ਭਰਿਆ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਨੇ ਵੀ ਸਵੈ-ਗਣਨਾ ਪ੍ਰਕਿਰਿਆ ਵਿੱਚ ਭਾਗ ਲਿਆ ਅਤੇ ਲੋਕਾਂ ਨੂੰ ਇਸ ਮਹੱਤਵਪੂਰਨ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।

ਇਸ ਮੌਕੇ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋਫੈਸਰ ਗੁਰਬਖ਼ਸ਼ੀਸ਼ ਸਿੰਘ ਅੰਟਾਲ ਵੀ ਜਨਗਣਨਾ ਟੀਮ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਹਰਦੀਪ ਗਿੱਲ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਯੋਜਨਾਬੰਦੀ ਅਤੇ ਵਿਕਾਸ ਲਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ। ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਨਿਰਧਾਰਤ ਸਮੇਂ ਅੰਦਰ ਸਵੈ-ਗਣਨਾ ਫਾਰਮ ਭਰਨਾ ਚਾਹੀਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਪਰਿਵਾਰ 30 ਨਵੰਬਰ ਤੋਂ ਪਹਿਲਾਂ ਆਪਣੇ ਮੈਂਬਰਾਂ ਦੇ ਸਵੈ-ਗਣਨਾ ਫਾਰਮ ਭਰਨਾ ਯਕੀਨੀ ਬਣਾਉਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ।

ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਪਰਿਵਾਰ ਵੱਲੋਂ ਸਮੇਂ ਸਿਰ ਫਾਰਮ ਭਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਪਰਿਵਾਰ ਜਨਗਣਨਾ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।