ਨਵਾਂਸ਼ਹਿਰ, 28 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਰਾਤ ਸਮੇਂ ਹੋਣ ਵਾਲੇ ਅਪਰਾਧਾਂ 'ਤੇ ਨਕੇਲ ਕੱਸਣ ਲਈ ਐਸਐਸਪੀ ਸ਼ਹੀਦ ਭਗਤ ਸਿੰਘ ਨਗਰ ਵਤਸਲਾ ਗੁਪਤਾ ਖੁਦ ਸੜਕਾਂ 'ਤੇ ਉਤਰੀ। ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਉਨ੍ਹਾਂ ਸਬ-ਡਵੀਜ਼ਨ ਨਵਾਂਸ਼ਹਿਰ ਦੇ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਰਾਤ ਸਮੇਂ ਅਚਨਚੇਤ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਐਸਐਸਪੀ ਨੇ ਸਭ ਤੋਂ ਪਹਿਲਾਂ ਥਾਣੇ ਦੇ ਸੁਰੱਖਿਆ ਪ੍ਰਬੰਧਾਂ, ਸੰਤਰੀ ਡਿਊਟੀ, ਰੋਜ਼ਨਾਮਚਾ, ਸੀਸੀਟੀਵੀ ਕੈਮਰਿਆਂ ਅਤੇ ਹਥਿਆਰਾਂ ਦੀ ਸਾਂਭ-ਸੰਭਾਲ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਥਾਣੇ ਵਿੱਚ ਆਏ ਫਰਿਆਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਤੁਰੰਤ ਹੱਲ ਦੇ ਨਿਰਦੇਸ਼ ਦਿੱਤੇ।
ਇਸ ਤੋਂ ਬਾਅਦ ਐਸਐਸਪੀ ਨੇ ਸ਼ਹਿਰ ਦੇ ਵੱਖ-ਵੱਖ ਮੁੱਖ ਚੌਕਾਂ, ਐਂਟਰੀ ਪੁਆਇੰਟਾਂ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਲੱਗੇ ਨਾਕਿਆਂ ਦੀ ਖੁਦ ਚੈਕਿੰਗ ਕੀਤੀ। ਇਸ ਦੌਰਾਨ ਸ਼ੱਕੀ ਵਾਹਨਾਂ, ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਰਾਤ ਨੂੰ ਘੁੰਮ ਰਹੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ। ਪੁਲਿਸ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਬਿਨਾਂ ਪੁੱਛ-ਪੜਤਾਲ ਦੇ ਨਾ ਛੱਡਿਆ ਜਾਵੇ।
ਇਸ ਮੌਕੇ ਥਾਣਾ ਸਿਟੀ ਦੇ ਐਸਐਚਓ ਇੰਸਪੈਕਟਰ ਅਵਤਾਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। ਐਸਐਸਪੀ ਵੱਲੋਂ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਪੂਰੀ ਚੌਕਸੀ, ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ।
ਐਸਐਸਪੀ ਵਤਸਲਾ ਗੁਪਤਾ ਨੇ ਸਪੱਸ਼ਟ ਕੀਤਾ ਕਿ ਨਾਈਟ ਡੋਮੀਨੇਸ਼ਨ ਮੁਹਿੰਮ ਦਾ ਮੁੱਖ ਮਕਸਦ ਨਸ਼ਾ ਤਸਕਰਾਂ, ਚੋਰਾਂ, ਲੁਟੇਰਿਆਂ ਅਤੇ ਸ਼ਰਾਰਤੀ ਅਨਸਰਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਪੁਲਿਸ ਪ੍ਰਤੀ ਭਰੋਸਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਰਾਤ ਦੀ ਗਸ਼ਤ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ-ਪਾਸ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਤੁਹਾਡੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ।
ਜ਼ਿਕਰਯੋਗ ਹੈ ਕਿ ਐਸਐਸਪੀ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਰਾਤ ਸਮੇਂ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਜ਼ਿਲ੍ਹੇ ਵਿੱਚ ਰਾਤ ਸਮੇਂ ਹੋਣ ਵਾਲੇ ਅਪਰਾਧਾਂ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਲੋਕਾਂ ਨੇ ਵੀ ਪੁਲਿਸ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਹੈ।
