ਖਰੜ, 27 ਨਵੰਬਰ (ਦਵਿੰਦਰ ਕੌਰ ਸਹੋਤਾ):- ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਬਲਾਕ ਖਰੜ-2 ਦੇ ਅਧਿਆਪਕਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਵਿਭਾਗੀ ਮਸਲਿਆਂ ਨੂੰ ਲੈ ਕੇ ਆਉਣ ਵਾਲੇ ਹਫ਼ਤੇ ਬੀਪੀਈਓ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕ੍ਰਾਂਤੀ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਧਿਆਪਕਾਂ ਨੂੰ ਆਪਣੇ ਜਾਇਜ਼ ਕੰਮ ਕਰਵਾਉਣ ਲਈ ਵੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਪੈ ਰਹੇ ਹਨ।

ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਗੋਸਲਾਂ ਨੇ ਕਿਹਾ ਕਿ ਬਲਾਕ ਖਰੜ-2 ਦੇ ਅਧਿਆਪਕਾਂ ਦੇ ਕਈ ਬੁਨਿਆਦੀ ਅਤੇ ਸੇਵਾ ਸਬੰਧੀ ਮਸਲੇ ਬੀਪੀਈਓ ਦਫ਼ਤਰ ਵਿਖੇ ਲੰਬਿਤ ਪਏ ਹਨ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਕਈ ਵਾਰ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ।

ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਸਮਾਂ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਬਜਾਏ ਆਪਣੇ ਵਿਭਾਗੀ ਕੰਮ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਲਾਉਣ ਵਿੱਚ ਬੀਤ ਰਿਹਾ ਹੈ। ਸਰਕਾਰ ਨੂੰ ਸਿੱਖਿਆ ਵਿੱਚ ਸੁਧਾਰ ਦੇ ਦਾਅਵਿਆਂ ਦੇ ਨਾਲ-ਨਾਲ ਅਧਿਆਪਕਾਂ ਦੀਆਂ ਸਮੱਸਿਆਵਾਂ ਵੱਲ ਵੀ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ।

ਇਸ ਮੌਕੇ ਚਰਨਜੀਤ ਸਿੰਘ, ਗੁਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਵੇਦ ਪ੍ਰਕਾਸ਼, ਤਰਨਵੀਰ ਸਿੰਘ, ਅਨਿਲ ਪ੍ਰਾਸ਼ਰ, ਬਲਜੀਤ ਚੁੰਬਰ, ਗੁਰਪ੍ਰੀਤਪਾਲ ਸਿੰਘ ਅਤੇ ਅਜੇ ਕੰਬੋਜ ਸਮੇਤ ਹੋਰ ਅਧਿਆਪਕ ਆਗੂ ਹਾਜ਼ਰ ਸਨ।