ਮੁਹਾਲੀ, 26 ਨਵੰਬਰ (ਗੁਰਜੀਤ ਬਿੱਲਾ):- ਟੈਕਨੀਕਲ ਸਰਵਿਸਜ਼ ਯੂਨੀਅਨ ਪੈਨਸ਼ਨ ਐਸੋਸੀਏਸ਼ਨ, ਮੁਹਾਲੀ ਸਰਕਲ ਦੀ ਇੱਕ ਵਧਵੀਂ ਮੀਟਿੰਗ ਅੱਜ 26 ਨਵੰਬਰ, 2026 ਨੂੰ ਮੁਹਾਲੀ ਸਪੈਸ਼ਲ ਡਵੀਜ਼ਨ ਵਿਖੇ ਸਰਕਲ ਪ੍ਰਧਾਨ ਗੁਰਬਖਸ਼ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ 3 ਅਤੇ 4 ਦਸੰਬਰ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਭਰਨ ਦੀ ਤਿਆਰੀ ਕੀਤੀ ਗਈ।

ਮੀਟਿੰਗ ਵਿੱਚ ਕਈ ਅਹਿਮ ਮੰਗਾਂ 'ਤੇ ਚਰਚਾ ਕੀਤੀ ਗਈ। ਇਨ੍ਹਾਂ ਵਿੱਚ 15 ਜਨਵਰੀ, 2015 ਅਤੇ 17 ਜੁਲਾਈ, 2020 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਲਾਗੂ ਕਰਨਾ ਅਤੇ ਆਰ.ਟੀ.ਐਮ. ਤੋਂ ਤਰੱਕੀ ਪ੍ਰਾਪਤ ਕਾਮਿਆਂ ਨੂੰ 35,400 ਰੁਪਏ ਦਾ ਤਨਖ਼ਾਹ ਸਕੇਲ ਦੇਣਾ ਸ਼ਾਮਲ ਹੈ।

ਹੋਰ ਮੰਗਾਂ ਵਿੱਚ ਮਹਿੰਗਾਈ ਭੱਤੇ (ਡੀ.ਏ.) ਦਾ ਬਕਾਇਆ ਜਲਦੀ ਜਾਰੀ ਕਰਨਾ, ਪੈਨਸ਼ਨਰਾਂ ਲਈ 2.59 ਫੀਸਦੀ ਫਾਰਮੂਲਾ ਲਾਗੂ ਕਰਨਾ, ਕੰਮ ਦੇ ਘੰਟੇ 8 ਤੋਂ ਵਧਾ ਕੇ 12 ਕਰਨ ਸਬੰਧੀ ਨੋਟੀਫਿਕੇਸ਼ਨ ਰੱਦ ਕਰਨਾ, ਚਾਰ ਲੇਬਰ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਰੱਖਣਾ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਸ਼ਾਮਲ ਹੈ। ਆਗੂਆਂ ਨੇ ਬਿਜਲੀ ਬੋਰਡ ਦੇ ਨਿੱਜੀਕਰਨ ਦਾ ਵੀ ਵਿਰੋਧ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਰਕਲ ਪ੍ਰਧਾਨ ਗੁਰਬਖਸ਼ ਸਿੰਘ, ਮੁੱਖ ਸਲਾਹਕਾਰ ਲੱਖਾ ਸਿੰਘ, ਐਸ.ਡੀ.ਓ. ਜਤਿੰਦਰ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਜਗਜੀਤ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਮਨਜਿੰਦਰ ਸਿੰਘ ਅਤੇ ਵਿਨੋਦ ਨੇ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੱਤੀ।