ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਨਵੰਬਰ (ਪੈਗਾਮ-ਏ-ਜਗਤ):- ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਵੀਪ ਮੁਹਿੰਮ ਤਹਿਤ ਇਲੈਕਟੋਰਲ ਲਿਟਰੇਸੀ ਕਲੱਬਾਂ (ਈਐਲਸੀ) ਰਾਹੀਂ ਵੋਟਰ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਸਕੇ।
ਇਸੇ ਲੜੀ ਤਹਿਤ ਸੰਵਿਧਾਨ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਲੋਕਤੰਤਰ ਵਿੱਚ ਵੋਟਰਾਂ ਦੀ ਭੂਮਿਕਾ ਅਤੇ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਈਸੀਆਈ ਨੈੱਟ ਰਾਹੀਂ ਨਵੀਂ ਵੋਟ ਬਣਾਉਣ ਅਤੇ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸੇਂਟ ਸੋਲਜਰ ਸਕੂਲ, ਫੇਜ਼-7, ਮੋਹਾਲੀ ਵਿਖੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਵਿਸ਼ੇ ’ਤੇ ਕਰਵਾਏ ਪੋਸਟਰ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਵਿਚਾਰਾਂ ਰਾਹੀਂ ਵੋਟ ਦੇ ਅਧਿਕਾਰ ਦੀ ਮਹੱਤਤਾ ਦਾ ਸੁਨੇਹਾ ਦਿੱਤਾ।
ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਫੇਜ਼-7 ਦੀ ਮਾਰਕੀਟ ਅਤੇ ਨੇੜਲੀ ਕਲੋਨੀ ਵਿੱਚ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਇਸ ਦੌਰਾਨ ਆਮ ਲੋਕਾਂ ਨੂੰ 6 ਦਸੰਬਰ ਨੂੰ ਲਗਾਏ ਜਾਣ ਵਾਲੇ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਯੋਗ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੁਹਿੰਮ ਨੂੰ ਸਥਾਨਕ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।
ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਕਿਹਾ ਕਿ ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਈਐਲਸੀ ਕਲੱਬ ਇਸ ਉਦੇਸ਼ ਦੀ ਪੂਰਤੀ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਵਿਦਿਆਰਥੀ ਆਪਣੇ ਪਰਿਵਾਰਾਂ ਤੇ ਸਮਾਜ ਵਿੱਚ ਵੀ ਵੋਟਰ ਜਾਗਰੂਕਤਾ ਦਾ ਸੁਨੇਹਾ ਪਹੁੰਚਾ ਰਹੇ ਹਨ।
ਇਸ ਮੁਹਿੰਮ ਦੀ ਖ਼ਾਸ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੇ ਖ਼ੁਦ ਜਾਗਰੂਕ ਹੋਣ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ। ਇਸ ਤਰ੍ਹਾਂ ਵਿਦਿਆਰਥੀਆਂ ਨੇ ਵੱਡਿਆਂ ਨੂੰ ਵੀ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਸਵੀਪ ਟੀਮ ਦੇ ਮੈਂਬਰ ਸ੍ਰੀ ਮਤੀਸ਼ ਜੌਹਰ, ਸ੍ਰੀਮਤੀ ਨੀਤੂ ਗੁਪਤਾ, ਸ੍ਰੀਮਤੀ ਵਰਿੰਦਰ ਕੌਰ, ਸ੍ਰੀ ਵਿਕਾਸ ਵੈਕਟਰ ਅਤੇ ਸ੍ਰੀਮਤੀ ਜਸਬੀਰ ਕੌਰ ਵੀ ਹਾਜ਼ਰ ਸਨ।
