ਪਟਿਆਲਾ, 26 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਆਪਣੀਆਂ ਮੰਗਾਂ ਦੀ ਪੂਰਤੀ ਲਈ ਰਾਜ ਸਰਕਾਰ 'ਤੇ ਦਬਾਅ ਬਣਾਉਣ ਦੇ ਉਦੇਸ਼ ਨਾਲ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਸਿਆਸੀ ਵਿੰਗ’ ਦੇ ਗਠਨ ਦਾ ਐਲਾਨ ਕੀਤਾ ਹੈ। ਇਹ ਐਲਾਨ ਇੱਥੇ ਸੁਖਚੈਨ ਸਿੰਘ ਖਹਿਰਾ ਮੁੱਖ ਕੋਆਰਡੀਨੇਟਰ ਸਾਂਝਾ ਮੁਲਾਜ਼ਮ ਮੰਚ, ਬਚਿੱਤਰ ਸਿੰਘ ਕੋਆਰਡੀਨੇਟਰ, ਖੁਸ਼ਵਿੰਦਰ ਕਪਿਲਾ ਕੋਆਰਡੀਨੇਟਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਪਟਿਆਲਾ ਮੀਡੀਆ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਸਿਆਸੀ ਵਿੰਗ ਬਣਾਉਣ ਦਾ ਫੈਸਲਾ ਇਸ ਕਰਕੇ ਲੈਣਾ ਪਿਆ ਕਿਉਂਕਿ ਸਿਆਸੀ ਪਾਰਟੀਆਂ ਹਮੇਸ਼ਾ ਮੁਲਾਜ਼ਮਾਂ ਨਾਲ ਧੋਖਾ ਕਰਦੀਆਂ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਿਆਸੀ ਵਿੰਗ ਵੱਲੋਂ ਪਹਿਲਾਂ 23 ਜ਼ਿਲ੍ਹਾ ਪੱਧਰੀ ਯੂਨਿਟ ਬਣਾਏ ਜਾਣਗੇ ਅਤੇ ਫਿਰ ਸੂਬਾ ਪੱਧਰ 'ਤੇ ਕਮੇਟੀ ਗਠਿਤ ਕੀਤੀ ਜਾਵੇਗੀ। ਇਹ ਕਮੇਟੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਰਾਬਤਾ ਕਾਇਮ ਕਰਕੇ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਉਨ੍ਹਾਂ ਤੋਂ ਰੋਡਮੈਪ ਮੰਗੇਗੀ। ਜਿਹੜੀ ਪਾਰਟੀ ਮੁਲਾਜ਼ਮਾਂ ਦੀਆਂ ਮੰਗਾਂ ਸਮਾਂਬੱਧ ਤਰੀਕੇ ਨਾਲ ਪੂਰੀਆਂ ਕਰਨ ਦਾ ਭਰੋਸਾ ਦੇਵੇਗੀ, ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਸ ਪਾਰਟੀ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੀਬ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਦੀਆਂ 40 ਲੱਖ ਤੋਂ ਵੱਧ ਵੋਟਾਂ ਬਣਦੀਆਂ ਹਨ ਅਤੇ ਇਨ੍ਹਾਂ ਵਿੱਚੋਂ 70 ਫੀਸਦੀ ਵੋਟਾਂ ਇਸ ਵਾਰ ਮੌਜੂਦਾ ਸਰਕਾਰ ਦੇ ਵਿਰੁੱਧ ਪੈਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਬਦਲਾਅ ਦੇ ਨਾਮ 'ਤੇ ਆਈ ਇਹ ਸਰਕਾਰ ਸਭ ਤੋਂ ਵੱਡੀ ਮੁਲਾਜ਼ਮ ਵਿਰੋਧੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁਲਾਜ਼ਮ ਵਰਗ ਨਾਲ ਵੱਡਾ ਧੋਖਾ ਕੀਤਾ ਹੈ। ਇਸ ਸਰਕਾਰ ਨੇ ਦਿੱਲੀ ਤੋਂ 5-5 ਕਰੋੜ ਰੁਪਏ ਦੇ ਵਕੀਲ ਬੁਲਾ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲਿਖਤੀ ਹਲਫੀਆ ਬਿਆਨ ਦਾਇਰ ਕੀਤਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਬਹੁਤ ਜ਼ਿਆਦਾ ਹੈ, ਜਦਕਿ ਅਸਲੀਅਤ ਵਿੱਚ 19,900 ਰੁਪਏ ਦੀ ਸ਼ੁਰੂਆਤੀ ਰਕਮ ਦੱਸ ਕੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ 17,900 ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਤੱਕ ਤਾਂ ਮੁਲਾਜ਼ਮਾਂ ਨੂੰ ਇਹ ਰਕਮ ਵੀ ਨਹੀਂ ਮਿਲਦੀ ਅਤੇ ਸਿਰਫ਼ ਨਿਗੂਣੇ ਪੈਸੇ ਦਿੱਤੇ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀਏ) ਅਤੇ ਹੋਰ ਬਕਾਏ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਇਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਫੈਸਲਾ ਕੀਤਾ ਹੈ ਕਿ ਕਿਸੇ ਵੀ ਕੀਮਤ 'ਤੇ ਇਸ ਸਰਕਾਰ ਦੀ ਹਮਾਇਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਸਿਰ ਸਾਢੇ ਚਾਰ ਤੋਂ ਪੰਜ ਲੱਖ ਰੁਪਏ ਦਾ ਕਰਜ਼ਾ ਚਾੜ੍ਹ ਦਿੱਤਾ ਹੈ। ਜਿਹੜੇ ਹਾਲਾਤ ਬਣ ਰਹੇ ਹਨ, ਉਨ੍ਹਾਂ ਤੋਂ ਅਜਿਹਾ ਜਾਪਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਤਨਖਾਹਾਂ ਅਤੇ ਪੈਨਸ਼ਨਾਂ ਲੈਣ ਲਈ ਵੀ ਧਰਨੇ ਦੇਣੇ ਪੈਣਗੇ, ਜਦਕਿ ਇਸ ਪਾਰਟੀ ਦੇ ਆਗੂਆਂ ਨੇ ਚੋਣਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਹੋਰ ਮੁਲਾਜ਼ਮ ਮੰਗਾਂ ਬਾਰੇ ਵੱਡੇ-ਵੱਡੇ ਭਰੋਸੇ ਦਿੱਤੇ ਸਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ ਸਿੱਧੂ ਕੋਆਰਡੀਨੇਟਰ, ਹਰਮੇਲ ਸਿੰਘ, ਜਗਤਾਰ ਸਿੰਘ ਢੀਂਡਸਾ, ਅਵਤਾਰ ਸਿੰਘ ਤੱਗੜ, ਕੇਸਰ ਸਿੰਘ ਬਰਸਟ ਅਤੇ ਹੋਰ ਆਗੂ ਹਾਜ਼ਰ ਸਨ।
ਸੀਪੀਐਫ ਯੂਨੀਅਨ ਦੇ ਸਰਕਾਰ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ਨੂੰ ਪੁਲਿਸ ਨੇ ਸਵੇਰੇ ਹੀ ਘਰਾਂ ਵਿੱਚੋਂ ਚੁੱਕਿਆ
ਇਸ ਮੌਕੇ ਮੁਲਾਜ਼ਮ ਆਗੂ ਬਚਿੱਤਰ ਸਿੰਘ ਨੇ ਦੱਸਿਆ ਕਿ ਆਪ ਸਰਕਾਰ ਦੀ ਮੋਗਾ ਰੈਲੀ ਤੋਂ ਪਹਿਲਾਂ ਹੀ ਅੱਜ ਸਰਕਾਰ ਦਾ ਵਿਰੋਧ ਕਰਨ ਵਾਲੇ ਸੀਪੀਐਫ ਯੂਨੀਅਨ ਦੇ ਮੁਲਾਜ਼ਮਾਂ ਨੂੰ ਪੁਲਿਸ ਨੇ ਸਵੇਰੇ ਉਨ੍ਹਾਂ ਦੇ ਘਰਾਂ ਵਿੱਚੋਂ ਚੁੱਕ ਲਿਆ। ਉਨ੍ਹਾਂ ਦੱਸਿਆ ਕਿ ਯੂਨੀਅਨ ਆਗੂ ਗੁਰਮੇਲ ਸਿੰਘ ਵਿਰਕ ਨੂੰ ਜ਼ੁਲਕਾਂ ਥਾਣੇ ਵਿੱਚ ਰੱਖਿਆ ਗਿਆ ਹੈ, ਜਦਕਿ ਪੰਜਾਬ ਭਰ ਤੋਂ ਚੁੱਕੇ ਗਏ ਮੁਲਾਜ਼ਮਾਂ ਨੂੰ ਵੱਖ-ਵੱਖ ਥਾਣਿਆਂ ਵਿੱਚ ਰੱਖਿਆ ਗਿਆ ਹੈ।
