ਪਟਿਆਲਾ, 27 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਵਿੱਚ ਅੱਜ ਵੋਟਾਂ ਪੈ ਰਹੀਆਂ ਹਨ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ 1.49 ਲੱਖ ਵੋਟਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਪਟਿਆਲਾ ਵਿੱਚ ਚੋਣਾਂ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਹ ਚੋਣਾਂ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਨਿਗਰਾਨ ਡਾ. ਸੈਨੂ ਦੁੱਗਲ ਦੀ ਦੇਖ-ਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ। ਸਾਲ 2024 ਵਿੱਚ ਹੋਈਆਂ ਪਿਛਲੀਆਂ ਚੋਣਾਂ ਦੌਰਾਨ ਭਾਜਪਾ ਵੱਲੋਂ ਧਾਂਦਲੀ ਦੇ ਦੋਸ਼ ਲਗਾਏ ਗਏ ਸਨ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਮੁੜ ਵੋਟਾਂ ਕਰਵਾਉਣ ਦੇ ਹੁਕਮ ਦਿੱਤੇ ਸਨ।

ਚੋਣ ਪ੍ਰਕਿਰਿਆ ਦੇ ਹਿੱਸੇ ਵਜੋਂ 123 ਪੋਲਿੰਗ ਬੂਥਾਂ ’ਤੇ ਈਵੀਐਮ ਦੀ ਰੈਂਡਮਾਈਜ਼ੇਸ਼ਨ ਵੀ ਕੀਤੀ ਗਈ ਹੈ। ਵੋਟਰਾਂ ਵਿੱਚ 77,419 ਪੁਰਸ਼, 72,338 ਔਰਤਾਂ ਅਤੇ 11 ਟਰਾਂਸਜੈਂਡਰ ਵੋਟਰ ਸ਼ਾਮਲ ਹਨ।

ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਚੋਣ ਮੈਦਾਨ ਵਿੱਚ ਹਨ, ਜਦਕਿ ਆਮ ਆਦਮੀ ਪਾਰਟੀ ਦੇ ਸਾਹਮਣੇ ਆਪਣੀ ਪਿਛਲੀ ਜਿੱਤ ਬਰਕਰਾਰ ਰੱਖਣ ਦੀ ਚੁਣੌਤੀ ਹੈ। ਵਾਰਡ ਨੰਬਰ 46 ਵਿੱਚ ਅਕਾਲੀ ਦਲ ਨੇ ਭਾਜਪਾ ਨੂੰ ਸਮਰਥਨ ਦਿੱਤਾ ਹੈ।

ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਕਿਹਾ ਕਿ ਲੋਕਾਂ ਅਤੇ ਚੋਣ ਸਮੱਗਰੀ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਾਰੇ ਵਾਰਡਾਂ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।