ਪਿੰਡ ਧੂਰੀ ਤੇ ਭੋਜੋਵਾਲੀ ਨੂੰ ਮਿਲੀਆਂ ਆਧੁਨਿਕ ਖੇਡ ਸਹੂਲਤਾਂ 58 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ ਓਐੱਸਡੀ ਸੁਖਵੀਰ ਸਿੰਘ ਵੱਲੋਂ ਲੋਕਾਂ ਨੂੰ ਸਮਰਪਿਤ
ਧੂਰੀ, 31 ਅਗਸਤ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਧੂਰੀ ਅਤੇ ਭੋਜੋਵਾਲੀ ਨੂੰ ਆਧੁਨਿਕ ਖੇਡ ਸਟੇਡੀਅਮਾਂ ਦੀ ਸਹੂਲਤ ਮਿਲੀ ਹੈ। ਪਿੰਡ ਧੂਰੀ ਵਿਖੇ 27 ਲੱਖ ਰੁਪਏ ਅਤੇ ਪਿੰਡ ਭੋਜੋਵਾਲੀ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮਾਂ ਦਾ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਉਦਘਾਟਨ ਕਰਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸਮਰਪਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਟੀਮ ਦੀ ਡਿਊਟੀ ਲਗਾਈ ਗਈ ਹੈ ਅਤੇ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਉਣ ਲਈ ਦਿਨ-ਰਾਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਨਹਿਰੀ ਪਾਣੀ ਸਮੇਤ ਲੋਕਾਂ ਨਾਲ ਜੁੜੇ ਹਰੇਕ ਕੰਮ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਿੰਡ ਧੂਰੀ ਵਿਖੇ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਖੇਡ ਸਟੇਡੀਅਮ ਵਿੱਚ ਚਾਰਦੀਵਾਰੀ, ਜਾਲੀ, ਵਾਕਿੰਗ ਟਰੈਕ ਅਤੇ ਰਾਤ ਸਮੇਂ ਖੇਡ ਗਤੀਵਿਧੀਆਂ ਲਈ ਲਾਈਟਾਂ ਸਮੇਤ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਬਿਹਤਰ ਮਾਹੌਲ ਮਿਲੇਗਾ।
ਪਿੰਡ ਭੋਜੋਵਾਲੀ ਵਿਖੇ ਖੇਡ ਸਟੇਡੀਅਮ ਦੇ ਉਦਘਾਟਨ ਮੌਕੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਇੱਥੇ 31 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ ਵੱਡੀ ਗਿਣਤੀ ਵਿੱਚ ਆਧੁਨਿਕ ਪੇਂਡੂ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ, ਜਿਸ ਤਹਿਤ ਧੂਰੀ ਹਲਕੇ ਵਿੱਚ ਵੀ ਨੌਜਵਾਨਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ਼ ਖੇਡਾਂ ਲਈ ਥਾਂ ਨਹੀਂ, ਸਗੋਂ ਨੌਜਵਾਨਾਂ ਨੂੰ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਪ੍ਰਭਾਵਸ਼ਾਲੀ ਸਾਧਨ ਹਨ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਅਤੇ ਨਵੇਂ ਬਣੇ ਖੇਡ ਮੈਦਾਨਾਂ ਦੀ ਸਾਂਭ-ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੋਂ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣਾ ਹੈ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ, ਡਾਇਰੈਕਟਰ ਪੰਜਾਬ ਲਘੂ ਉਦਯੋਗ ਅਨਿਲ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ ਸਮੇਤ ਪਿੰਡ ਦੀ ਪੰਚਾਇਤ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਨੌਜਵਾਨ ਮੌਜੂਦ ਸਨ।
