ਪਿੰਡ ਕਾਂਝਲਾ ਵਿਖੇ ਲੱਗੇ ਮੁਫ਼ਤ ਅੱਖਾਂ ਦੇ ਜਾਂਚ ਕੈਂਪ ਦਾ ਓਐਸਡੀ ਸੁਖਵੀਰ ਸਿੰਘ ਵੱਲੋਂ ਉਦਘਾਟਨ

ਧੂਰੀ, 14 ਸਤੰਬਰ:- ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਅੱਜ ਗੁਰਦੁਆਰਾ ਝਿੜਾ ਸਾਹਿਬ, ਪਿੰਡ ਕਾਂਝਲਾ ਵਿਖੇ ਵਿਸ਼ੇਸ਼ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਕੀਤਾ ਗਿਆ। “ਸਿਹਤਮੰਦ ਅੱਖਾਂ, ਸੁਖਾਲਾ ਪੰਜਾਬ” ਦੇ ਉਦੇਸ਼ ਨਾਲ ਲਗਾਏ ਗਏ ਇਸ ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ, ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਹੈ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ ਹੈ। ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਮੁਫ਼ਤ ਜਾਂਚ ਅਤੇ ਇਲਾਜ ਦੀ ਸਹੂਲਤ ਦੇਣ ਲਈ ਅਜਿਹੇ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਅੱਖਾਂ ਦੀ ਜਾਂਚ ਕਰਵਾਉਣ ਨਾਲ ਕਈ ਗੰਭੀਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।
ਕੈਂਪ ਦੌਰਾਨ ਲੋਕਾਂ ਨੂੰ ਅੱਖਾਂ ਦੀ ਜਾਂਚ, ਲੋੜਵੰਦਾਂ ਨੂੰ ਮੁਫ਼ਤ ਐਨਕਾਂ, ਦਵਾਈਆਂ ਅਤੇ ਮਾਹਿਰ ਡਾਕਟਰਾਂ ਵੱਲੋਂ ਜਾਂਚ ਦੀਆਂ ਸਹੂਲਤਾਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਦੀ ਲੋੜ ਪਾਈ ਗਈ ਹੈ, ਉਨ੍ਹਾਂ ਦੇ ਲੋੜ ਅਨੁਸਾਰ ਆਪ੍ਰੇਸ਼ਨ ਵੀ ਕਰਵਾਏ ਜਾਣਗੇ।
ਇਸ ਮੌਕੇ ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਯੋਧ ਸਿੰਘ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅੱਖਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਿਹਤ ਕੈਂਪ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਮੇਂ ਸਿਰ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਿਹਤਮੰਦ ਪੰਜਾਬ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਏ.ਡੀ.ਸੀ ਸੁਖਚੈਨ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।