ਪੰਜਾਬ ਯੂਨੀਵਰਸਿਟੀ ਵੱਲੋਂ ਬਿਨਾਂ ਲੇਟ ਫੀਸ ਦਾਖ਼ਲੇ ਦੀ ਮਿਤੀ 15 ਅਗਸਤ ਤੱਕ ਵਧਾਉਣ ਦਾ ਸਵਾਗਤ
ਮਾਹਿਲਪੁਰ, 31 ਜੁਲਾਈ:- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਾਨਤਾ ਪ੍ਰਾਪਤ ਕਾਲਜਾਂ ਵਿੱਚ ਸੈਸ਼ਨ 2026-27 ਲਈ ਬਿਨਾਂ ਲੇਟ ਫੀਸ ਦਾਖ਼ਲੇ ਦੀ ਆਖਰੀ ਮਿਤੀ 15 ਅਗਸਤ ਤੱਕ ਵਧਾਉਣ ਦੇ ਫ਼ੈਸਲੇ ਦਾ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਮਾਹਿਲਪੁਰ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਸਵਾਗਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਤੋਂ ਬਾਅਦ ਅਜੇ ਤੱਕ ਕਿਸੇ ਵੀ ਕੋਰਸ ਵਿੱਚ ਦਾਖ਼ਲਾ ਨਹੀਂ ਲੈ ਸਕੇ, ਉਨ੍ਹਾਂ ਲਈ ਯੂਨੀਵਰਸਿਟੀ ਵੱਲੋਂ ਬਿਨਾਂ ਲੇਟ ਫੀਸ ਦਾਖ਼ਲੇ ਦੀ ਮਿਤੀ ਵਧਾਉਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਮਾਹਿਲਪੁਰ ਵਿੱਚ ਚੱਲ ਰਹੇ ਵੱਖ-ਵੱਖ ਰਵਾਇਤੀ, ਸਥਾਪਿਤ ਅਤੇ ਨਵੇਂ ਰੁਜ਼ਗਾਰਮੁਖੀ ਕੋਰਸਾਂ ਵਿੱਚ ਦਾਖ਼ਲੇ ਨਿਰਵਿਘਨ ਜਾਰੀ ਹਨ ਅਤੇ ਨਵੇਂ ਸੈਸ਼ਨ ਦੀਆਂ ਕਲਾਸਾਂ ਵੀ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਾਲਜ ਵਿੱਚ ਚੱਲ ਰਹੇ ਵਿਸ਼ੇਸ਼ ਦਾਖ਼ਲਾ ਅਤੇ ਕਾਊਂਸਲਿੰਗ ਸੈੱਲ ਨਾਲ ਸੰਪਰਕ ਕਰਕੇ ਆਪਣਾ ਦਾਖ਼ਲਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਕਾਲਜ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਤਹਿਤ ਯੋਗ ਐੱਸ.ਸੀ. ਅਤੇ ਐੱਸ.ਟੀ. ਵਰਗ ਦੇ ਵਿਦਿਆਰਥੀਆਂ ਤੋਂ ਸਿਰਫ਼ ਯੂਨੀਵਰਸਿਟੀ ਫੀਸ ਹੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਸੰਸਥਾ ਵਿੱਚ ਵੱਖ-ਵੱਖ ਵਜ਼ੀਫ਼ਾ ਯੋਜਨਾਵਾਂ ਵੀ ਸਫ਼ਲਤਾਪੂਰਵਕ ਚੱਲ ਰਹੀਆਂ ਹਨ, ਜਿਨ੍ਹਾਂ ਦਾ ਲਾਭ ਹੋਣਹਾਰ ਅਤੇ ਆਰਥਿਕ ਤੌਰ 'ਤੇ ਲੋੜਵੰਦ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਾਲਜ ਵਿੱਚ ਨਵੇਂ ਹੁਨਰ-ਕੇਂਦਰਿਤ ਅਤੇ ਰੁਜ਼ਗਾਰਮੁਖੀ ਕੋਰਸ ਵੀ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦਾਖ਼ਲਾ ਲੈ ਕੇ ਵਿਦਿਆਰਥੀ ਆਪਣੀ ਪੜ੍ਹਾਈ ਦੌਰਾਨ ਹੀ ਰੁਜ਼ਗਾਰ ਦੇ ਬਿਹਤਰ ਮੌਕਿਆਂ ਨਾਲ ਜੁੜ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਾਹਰ ਅਧਿਆਪਕਾਂ ਤੋਂ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਹਾਸਲ ਕਰਕੇ ਸਮੇਂ ਸਿਰ ਆਪਣੀ ਸੀਟ ਰਾਖਵੀਂ ਕਰਵਾਉਣ ਦੀ ਅਪੀਲ ਕੀਤੀ।
ਡਾ. ਪਰਵਿੰਦਰ ਸਿੰਘ ਨੇ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਨੂੰ ਵੀ ਸਲਾਹ ਦਿੱਤੀ ਕਿ ਉਹ ਪਹਿਲਾਂ ਨਿਯਮਤ ਤੌਰ 'ਤੇ ਘੱਟੋ-ਘੱਟ ਗ੍ਰੈਜੂਏਸ਼ਨ ਪੂਰੀ ਕਰਨ, ਕਿਉਂਕਿ ਇਸ ਨਾਲ ਵਿਦੇਸ਼ਾਂ ਵਿੱਚ ਬਿਹਤਰ ਕਰੀਅਰ ਅਤੇ ਰੁਜ਼ਗਾਰ ਦੇ ਮੌਕੇ ਪ੍ਰਾਪਤ ਕਰਨ ਵਿੱਚ ਮਦਦ ਮਿਲਦੀ ਹੈ।
ਉਨ੍ਹਾਂ ਅੰਤ ਵਿੱਚ ਵਿਦਿਆਰਥੀਆਂ ਨੂੰ ਨਿਯਮਤ ਤੌਰ 'ਤੇ ਕਲਾਸਾਂ ਵਿੱਚ ਹਾਜ਼ਰ ਰਹਿਣ ਅਤੇ ਜਿਨ੍ਹਾਂ ਨੇ ਅਜੇ ਤੱਕ ਦਾਖ਼ਲਾ ਨਹੀਂ ਲਿਆ, ਉਨ੍ਹਾਂ ਨੂੰ ਤੁਰੰਤ ਕਾਲਜ ਵਿੱਚ ਆਪਣਾ ਦਾਖ਼ਲਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
