ਐਸਏਐਸ ਨਗਰ ਜ਼ਿਲ੍ਹੇ ਵਿੱਚ ਮਾਪੇਅਧਿਆਪਕ ਮਿਲਣੀ ਮਹਾਜਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਮਈ:- ਰਾਜ ਭਰ ਵਿੱਚ ‘ਮਹਾਜਸ਼ਨ’ ਥੀਮ ਤਹਿਤ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਸਕੂਲ ਆਫ ਐਮੀਨੈਂਸ ਬਨੂੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਟੇਮਾਜਰਾ ਅਤੇ ਗੀਗੇਮਾਜਰਾ ਦਾ ਦੌਰਾ ਕਰਕੇ ਮਾਪਿਆਂ, ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨਾਲ ਗੱਲਬਾਤ ਕੀਤੀ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਾਰੇ 210 ਅੱਪਰ ਪ੍ਰਾਇਮਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਮਾਪਿਆਂ ਦੀ ਲਗਭਗ 75 ਫੀਸਦੀ ਸ਼ਮੂਲੀਅਤ ਦਰਜ ਕੀਤੀ ਗਈ।
ਸਕੂਲਾਂ ਦੇ ਆਪਣੇ ਦੌਰਿਆਂ ਦੌਰਾਨ ਡਾ. ਦੁੱਗਲ ਨੇ ਬੱਚਿਆਂ ਦੀ ਸਿੱਖਿਆ ਵਿੱਚ ਮਾਪਿਆਂ ਦੀ ਸਰਗਰਮ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲਾਂ ਅਤੇ ਪਰਿਵਾਰਾਂ ਵਿਚਕਾਰ ਨਿਰੰਤਰ ਸਹਿਯੋਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।
ਇਸ ਮੌਕੇ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼, ਜਿਨ੍ਹਾਂ ਵਿੱਚ ਮਿਡ-ਡੇ ਮੀਲ ਵਰਕਰ, ਕੈਂਪਸ ਮੈਨੇਜਰ, ਸਫ਼ਾਈ ਕਰਮਚਾਰੀ, ਮਾਲੀ, ਚਪੜਾਸੀ ਅਤੇ ਹੋਰ ਸਹਾਇਕ ਕਰਮਚਾਰੀ ਸ਼ਾਮਲ ਸਨ, ਨੂੰ ਸਰਕਾਰੀ ਸਕੂਲਾਂ ਵਿੱਚ ਸਕਾਰਾਤਮਕ ਅਤੇ ਅਨੁਕੂਲ ਸਿੱਖਣ ਵਾਲਾ ਮਾਹੌਲ ਸਿਰਜਣ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਸਫਲਤਾਪੂਰਵਕ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਆਪਣੇ-ਆਪਣੇ ਵਿਸ਼ਿਆਂ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਵੱਖ-ਵੱਖ ਖੇਤਰਾਂ ਵਿੱਚ ਉੱਚ ਮੁਕਾਮ ਹਾਸਲ ਕਰਨ ਵਾਲੇ ਸਕੂਲਾਂ ਦੇ ਪੜ੍ਹੇ ਵਿਦਿਆਰਥੀਆਂ (ਐਲੂਮਨੀ) ਨੂੰ ਵੀ ਮੌਜੂਦਾ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਵਜੋਂ ਸਨਮਾਨਿਤ ਕੀਤਾ ਗਿਆ।
ਇੰਗਲਿਸ਼ ਐਜ ਪ੍ਰੋਗਰਾਮ ਦੇ ਵੱਖ-ਵੱਖ ਪੱਧਰ ਸਫਲਤਾਪੂਰਵਕ ਪੂਰੇ ਕਰਨ ਵਾਲੇ ਵਿਦਿਆਰਥੀਆਂ ਅਤੇ ਹੁਨਰ ਸਿੱਖਿਆ ਪ੍ਰੋਗਰਾਮ ਅਧੀਨ ਇੰਟਰਨਸ਼ਿਪ ਦੀ ਚੋਣ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਹੁਨਰ ਵਿਕਾਸ ਪ੍ਰਤੀ ਵਚਨਬੱਧਤਾ ਲਈ ਮਾਣ-ਸਨਮਾਨ ਦਿੱਤਾ ਗਿਆ।
ਮਾਪਿਆਂ ਨਾਲ ਗੱਲਬਾਤ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਮੁੱਚੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਨਾਲ ਹੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਿੱਚ ਚੰਗੀਆਂ ਸਿੱਖਣ ਦੀਆਂ ਆਦਤਾਂ, ਜੀਵਨ ਕੌਸ਼ਲ, ਪੜ੍ਹਨ ਦੀ ਰੁਚੀ ਅਤੇ ਸ਼ਖਸੀਅਤ ਵਿਕਾਸ ਸੰਬੰਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਮਾਪਿਆਂ ਨੂੰ ਸਲਾਹਾਂ ਵੀ ਦਿੱਤੀਆਂ ਗਈਆਂ।
ਡਾ. ਗਿੰਨੀ ਦੁੱਗਲ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਸਕੂਲਾਂ ਅਤੇ ਮਾਪਿਆਂ ਵਿਚਕਾਰ ਭਾਈਵਾਲੀ ਨੂੰ ਮਜ਼ਬੂਤ ਕਰਨ ਦਾ ਇੱਕ ਮਹੱਤਵਪੂਰਨ ਮੰਚ ਹੈ, ਜਿਸ ਨਾਲ ਵਿਦਿਆਰਥੀਆਂ ਦੇ ਬਿਹਤਰ ਵਿਦਿਅਕ ਨਤੀਜੇ ਅਤੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਕੂਲ ਮੁਖੀਆਂ, ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਮਾਪਿਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।