ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵਿਰੁੱਧ 27 ਅਗਸਤ ਨੂੰ ਰੈਲੀਆਂ ਅਤੇ ਅਰਥੀਆਂ ਫੂਕਣ ਦਾ ਕੀਤਾ ਐਲਾਨ

ਪਟਿਆਲਾ, 26 ਅਗਸਤ:- ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਪਾਵਰ ਕਾਰਪੋਰੇਸ਼ਨ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਮਹੀਨਾਵਾਰ ਮੀਟਿੰਗ ਸ੍ਰ. ਅਮਰਜੀਤ ਸਿੰਘ ਬਾਬਾ, ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੀ-3, 66 ਕੇ.ਵੀ. ਗਰਿੱਡ ਕਲੋਨੀ, ਪਟਿਆਲਾ ਵਿਖੇ ਹੋਈ। ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਸਰਕਲਾਂ ਤੋਂ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ, ਸੂਬਾ ਕਮੇਟੀ ਮੈਂਬਰਾਂ ਅਤੇ ਸਰਕਲ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਵਿੱਚ ਸਰਵਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਅਨੁਸਾਰ ਨਾ ਦੇਣ ਅਤੇ ਟਾਲ-ਮਟੋਲ ਕਰਨ ਦੀ ਨੀਤੀ ਦੀ ਘੋਰ ਨਿੰਦਾ ਕੀਤੀ ਗਈ। ਇਸ ਦੇ ਨਾਲ ਹੀ ਮਿਤੀ 27-08-2026 ਨੂੰ ਸਾਰੇ ਪੰਜਾਬ ਦੇ ਸਰਕਲ ਹੈੱਡਕੁਆਰਟਰਾਂ ’ਤੇ ਪੰਜਾਬ ਸਰਕਾਰ ਵਿਰੁੱਧ ਰੈਲੀਆਂ ਕਰਨ ਅਤੇ ਅਰਥੀਆਂ ਫੂਕਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਦੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦਿਆਂ ਬੀ.ਐਸ. ਸੇਖੋਂ, ਜਨਰਲ ਸਕੱਤਰ ਨੇ ਦੱਸਿਆ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਰਵਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਫਰਵਰੀ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ 31 ਅਗਸਤ 2026 ਤੱਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਤਾਂ ਸਤੰਬਰ ਦੇ ਪਹਿਲੇ ਹਫਤੇ ਕੋਈ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।
ਮੀਟਿੰਗ ਵਿੱਚ ਬਾਬਾ ਅਮਰਜੀਤ ਸਿੰਘ, ਬੀ.ਐਸ. ਸੇਖੋਂ, ਪਰਮਜੀਤ ਸਿੰਘ ਦਸੂਹਾ, ਐਮ.ਐਲ. ਕਪਿਲਾ, ਬਲਵਿੰਦਰ ਸਿੰਘ ਪਸਿਆਣਾ, ਰਜਿੰਦਰ ਠਾਕੁਰ, ਪਰਮਜੀਤ ਸਿੰਘ ਜਲੰਧਰ, ਹਰਜਿੰਦਰ ਸਿੰਘ ਚੌਹਾਨ, ਮਲਕੀਤ ਸਿੰਘ ਕੰਗ, ਐਚ.ਐਸ. ਕੋਹਲੀ, ਸਤੀਸ਼ ਕੁਮਾਰ, ਬਲਵਿੰਦਰ ਸਿੰਘ ਹਾਜੀਪੁਰ, ਸੁਰਜੀਤ ਸਿੰਘ, ਪਰਵਿੰਦਰ ਸਿੰਘ, ਰਾਮ ਸ਼ਰਨ ਪ੍ਰਾਸ਼ਰ, ਸਰਬਜੀਤ ਸਿੰਘ ਲੰਗ, ਸੁਖਦੇਵ ਸਿੰਘ ਕੈਸ਼ੀਅਰ, ਮਹਿੰਦਰ ਸਿੰਘ ਫਿਰੋਜ਼ਪੁਰ, ਗੁਰਚਰਨ ਸਿੰਘ ਪਟਿਆਲਾ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।